Former DGP Saini temporary : ਐਸ.ਏ.ਐਸ ਨਗਰ : ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ‘ਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਨੂੰ ਧਾਰਾ 302 ਵਿਚ ਦਿੱਤੀ ਆਰਜ਼ੀ ਜ਼ਮਾਨਤ ਦੀ ਅਗਲੀ ਸੁਣਵਾਈ ਅਦਾਲਤ ਵੱਲੋਂ 10 ਜੁਲਾਈ ‘ਤੇ ਪਾ ਦਿੱਤੀ ਗਈ ਹੈ ਅਤੇ ਸੁਮੇਧ ਸੈਣੀ ਦੀ ਆਰਜ਼ੀ ਜ਼ਮਾਨਤ ਨੂੰ ਅੱਗੇ ਵਧਾਉਂਦਿਆਂ 10 ਜੁਲਾਈ ਤੱਕ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਪਿਛਲੇ ਹਫਤੇ ਇਹ ਮਾਮਲਾ ਅਡੀਸ਼ਨਲ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਤੋਂ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਨੀਸ਼ ਗਰਗ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਪੀੜਤ ਧਿਰ ਨੇ ਸੁਮੇਧ ਸਿੰਘ ਸੈਣੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਅਦਾਲਤ ਵਿੱਚ ਇਹ ਅਰਜ਼ੀ ਲਗਾਈ ਸੀ ਕਿ ਸੁਮੇਧ ਸਿੰਘ ਸੈਣੀ ਖਿਲਾਫ ਕੇਸ ਹੋਰ ਅਦਾਲਤ ਵਿਚ ਚਲਾਇਆ ਜਾਵੇ। ਇਥੇ ਦੱਸ ਦੇਈਏ ਕਿ ਡੀਜੀਪੀ ਸੈਣੀ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸਾਲ 1991 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿਚ ਐਸਐਸਪੀ ਦੇ ਅਹੁਦੇ ’ਤੇ ਤਾਇਨਾਤ ਸਨ, ਉਸ ਦੌਰਾਨ ਸੈਣੀ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ।
ਹਮਲੇ ਵਿਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਚਾਰ ਲੋਕ ਮਾਰੇ ਗਏ ਸਨ। ਇਸ ਦੌਰਾਨ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਵਿਚ ਪੁਲਿਸ ਦੇ ਦੋ ਅਧਿਕਾਰੀਆਂ ਨੇ ਸ਼ੱਕ ਦੇ ਆਧਾਰ ’ਤੇ ਥਾਣੇ ਵਿਚ ਲਿਆਂਦਾ ਸੀ, ਜਿਸ ਤੋਂ ਬਾਅਦ ਉਹ ਲਾਪਤਾ ਹੋ ਗਿਆ। ਫਿਰ ਮੁਲਤਾਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਉਨ੍ਹਾਂ ਦੇ ਭਰਾ ਪਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਸੈਣੀ ਵਿਰੁੱਧ 2007 ਵਿਚ ਕਾਰਵਾਈ ਸ਼ੁਰੂ ਕੀਤੀ ਸੀ ਪਰ ਬਾਅਦ ’ਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਾਲ 2014 ’ਚ ਉਨ੍ਹਾਂ ਦੇ ਹੱਥ ਕਈ ਅਜਿਹੇ ਸਬੂਤ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਆਪਣਾ ਸੰਘਰਸ਼ ਸ਼ੁਰੂ ਕੀਤਾ। ਇਸ ਸਬੰਧੀ ਹੁਣ ਫਿਰ ਸਾਬਕਾ ਡੀਜੀਪੀ ’ਤੇ ਧਾਰਾ 364, 201, 344, 330 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।