Former DGP Sumedh Saini bail : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਅਦਾਲਤ ਵੱਲੋਂ 29 ਸਾਲ ਪੁਰਾਣੇ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਮਾਮਲੇ ਵਿਚ ਵੱਡੀ ਰਾਹਤ ਮਿਲ ਗਈ ਹੈ। ਅਦਾਲਤ ਨੇ ਇਸ ਮਾਮਲੇ ਵਿਚ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮਨਜ਼ੂਰ ਕਰ ਲਿਆ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਵਿਚ ਸੁਮੇਧ ਸਿੰਘ ਸੈਣੀ ਸਣੇ 8 ਖਿਲਾਫ ਮੋਹਾਲੀ ਦੇ ਮਟੌਰ ਥਾਣੇ ਵਿਚ ਕੇਸ ਦਰਜ ਕੀਤਾ ਗਿਆ ਸੀ, ਜਿਸ ਦੀ ਸੁਣਵਾਈ ਪਹਿਲਾਂ 9 ਮਈ ਨੂੰ ਹੋਈ ਅਤੇ ਮੋਹਾਲੀ ਪੁਲਿਸ ਨੂੰ ਅਦਾਲਤ ਨੇ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਇਸ ਤੋਂ ਬਾਅਦ ਪੁਲਿਸ ਵੱਲੋਂ ਅਦਾਲਤ ਵਿਚ ਕੇਸ ਨਾਲ ਜੁੜਿਆ ਰਿਕਾਰਡ ਪੇਸ਼ ਕੀਤਾ ਗਿਆ।
ਉਸ ਤੋਂ ਬਾਅਦ ਸਾਬਕਾ ਡੀਜੀਪੀ ਦੇ ਵਕੀਲ ਅਤੇ ਸਰਕਾਰੀ ਵਕੀਲ ਵਿਚਕਾਰ ਕਾਫੀ ਬਹਿਸ ਹੋਣ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ 11 ਮਈ ਸੋਮਵਾਰ ਤੱਕ ਸੁਰੱਖਿਅਤ ਰਖ ਲਿਆ ਸੀ। ਅੱਜ ਅਦਾਲਤ ਵੱਲੋਂ ਦੋਹਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦਿਆਂ ਹੋਇਆਂ ਅਦਾਲਤ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।
ਇਥੇ ਦੱਸ ਦੇਈਏ ਕਿ ਡੀਜੀਪੀ ਸੈਣੀ ਖਿਲਾਫ 29 ਸਾਲ ਪੁਰਾਣੇ ਮਾਮਲੇ ਵਿਚ ਕੇਸ ਦਰਜ ਕੀਤਾ ਗਿਆ ਹੈ। ਸਾਲ 1991 ਵਿਚ ਜਦੋਂ ਸੁਮੇਧ ਸਿੰਘ ਸੈਣੀ ਚੰਡੀਗੜ੍ਹ ਵਿਚ ਐਸਐਸਪੀ ਦੇ ਅਹੁਦੇ ’ਤੇ ਤਾਈਨਾਤ ਸਨ, ਉਸ ਦੌਰਾਨ ਸੈਣੀ ’ਤੇ ਇਕ ਅੱਤਵਾਦੀ ਹਮਲਾ ਹੋਇਆ ਸੀ। ਹਮਲੇ ਵਿਚ ਉਨ੍ਹਾਂ ਦੀ ਸੁਰੱਖਿਆ ’ਚ ਤਾਇਨਾਤ ਚਾਰ ਲੋਕ ਮਾਰੇ ਗਏ ਸਨ। ਇਸ ਦੌਰਾਨ ਬਲਵੰਤ ਸਿੰਘ ਮੁਲਤਾਨੀ ਨੂੰ ਚੰਡੀਗੜ੍ਹ ਵਿਚ ਪੁਲਿਸ ਦੇ ਦੋ ਅਧਿਕਾਰੀਆਂ ਨੇ ਚੁੱਕਿਆ ਸੀ। ਫਿਰ ਮੁਲਤਾਨੀ ਦੇ ਲਾਪਤਾ ਹੋਣ ਦੀ ਸ਼ਿਕਾਇਤ ਉਨ੍ਹਾਂ ਦੇ ਭਰਾ ਪਲਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿਚ ਸੀਬੀਆਈ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀਆਂ ਹਿਦਾਇਤਾਂ ’ਤੇ ਸੈਣੀ ਵਿਰੁੱਧ 2007 ਵਿਚ ਕਾਰਵਾਈ ਸ਼ੁਰੂ ਕੀਤੀ ਸੀ ਪਰ ਬਾਅਦ ’ਚ ਇਸ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਸੀ। ਸਾਲ 2014 ’ਚ ਉਨ੍ਹਾਂ ਦੇ ਹੱਥ ਕਈ ਅਜਿਹੇ ਸਬੂਤ ਲੱਗੇ, ਜਿਸ ਤੋਂ ਬਾਅਦ ਉਨ੍ਹਾਂ ਨੇ ਦੁਬਾਰਾ ਆਪਣਾ ਸੰਘਰਸ਼ ਸ਼ੁਰੂ ਕੀਤਾ। ਮੰਗਲਵਾਰ ਨੂੰ ਪੀੜਤ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਾਸੀ ਜਲੰਧਰ ਵੱਲੋਂ ਦਿੱਤੀ ਗਈ ਅਰਜ਼ੀ ’ਤੇ ਸਾਬਕਾ ਡੀਜੀਪੀ ’ਤੇ ਬੁੱਧਵਾਰ ਨੂੰ ਧਾਰਾ 364, 201, 344, 330 ਅਤੇ 120-ਬੀ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।