Former Minister and Senior Leader : ਚਮਕੌਰ ਸਾਹਿਬ : ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਸਤਵੰਤ ਕੌਰ ਸੰਧੂ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦੀ ਪਿਛਲੇ ਕੁਝ ਸਮੇਂ ਤੋਂ ਤਬੀਅਤ ਠੀਕ ਨਹੀਂ ਚੱਲ ਰਹੀ ਸੀ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਨੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਬੀਬੀ ਸਤਵੰਤ ਕੌਰ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਰਹਿ ਚੁੱਕੇ ਸਨ ਅਤੇ ਇਸਤਰੀ ਅਕਾਲੀ ਦਲ ਦੀ ਸਰਪ੍ਰਸਤੀ ਵੀ ਕਰ ਚੁੱਕੇ ਸਨ। ਨ੍ਹਾਂ ਨੇ ਪੰਜ ਵਾਰ ਚਮਕੌਰ ਸਾਹਿਬ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ ਪੂਰੇ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ 50 ਸਾਲਾਂ ਤੋਂ ਵੱਧ ਸਮੇਂ ਤੱਕ ਸੇਵਾਵਾਂ ਨਿਭਾਈਆਂ। ਉਨ੍ਹਾਂ ਦੇ ਪਤੀ ਅਜੈਬ ਸਿੰਘ ਸੰਧੂ ਨੇ ਵੀ ਰਾਜ ਵਿਧਾਨ ਸਭਾ ਵਿਚ ਦੋ ਵਾਰ ਇਕੋ ਖੇਤਰ ਦੀ ਨੁਮਾਇੰਦਗੀ ਕੀਤੀ ਸੀ।
ਬੀਬੀ ਸਤਵੰਤ ਕੌਰ ਨੇ 22 ਫਰਵਰੀ ਨੂੰ 81 ਸਾਲਾਂ ਦੀ ਹੋਣਾ ਸੀ। ਉਨ੍ਹਾਂ ਦੇ ਪੁੱਤਰ ਹਰਮੋਹਨ ਸਿੰਘ ਸੰਘੂ, ਜੋਕਿ ਸਾਬਕਾ ਏਆਈਜੀ ਹਨ, ਨੇ ਫਰਵਰੀ 2019 ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਲਈ ਆਪਣੀ ਸਰਵਿਸ ਛੱਡ ਦਿੱਤੀ ਸੀ। ਉਨ੍ਹਾਂ ਦੇ ਪੁੱਤਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਸੀ। ਉਨ੍ਹਾਂ ਨੇ ਬੀਤੀ ਰਾਤ ਲਗਭਗ 10.40 ਵਜੇ ਆਖਰੀ ਸਾਹ ਲਿਆ।