ਚੰਡੀਗੜ੍ਹ ਦੇ ਸੈਕਟਰ-20 ਦੀ ਕੋਠੀ ਦੀ ਜਾਂਚ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਵੱਡੀ ਰਾਹਤ ਦਿੱਤੀ ਹੈ। ਸੁਮੇਧ ਸਿੰਘ ਸੈਣੀ ਨੂੰ ਅੰਤਰਿਮ ਰਾਹਤ ਦਿੰਦਿਆਂ ਹਾਈ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਾ ਦਿੱਤੀ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੋਹਾਲੀ ਦੀ ਅਦਾਲਤ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਵਧੀਕ ਜ਼ਿਲ੍ਹਾ ਸੈਸ਼ਨ ਜੱਜ ਆਰਐਸ ਰਾਏ ਨੇ ਸੈਣੀ ਕੇਸ ਵਿੱਚ ਫੈਸਲਾ ਸੁਣਾਉਣਾ ਸੀ, ਪਰ ਅਦਾਲਤ ਨੇ ਅਗਾਊਂ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। 26 ਅਪ੍ਰੈਲ ਨੂੰ ਮੋਹਾਲੀ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਸੈਣੀ ਦੀ ਗ੍ਰਿਫਤਾਰੀ ‘ਤੇ 26 ਅਪ੍ਰੈਲ ਤੱਕ ਰੋਕ ਲਗਾ ਦਿੱਤੀ ਸੀ। ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਵਕੀਲ ਨੇ 16 ਅਪਰੈਲ ਨੂੰ ਮੁਹਾਲੀ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
ਇਸ ਪਟੀਸ਼ਨ ’ਤੇ ਪਹਿਲਾਂ ਸੁਣਵਾਈ 19 ਅਪਰੈਲ ਨੂੰ ਹੋਣੀ ਸੀ ਪਰ ਇਸ ਮਾਮਲੇ ’ਤੇ ਸੁਣਵਾਈ ਲਈ ਜੱਜ ਐਸ ਕੇ ਸਿੰਗਲਾ ਦੀ ਅਦਾਲਤ ਨੇ ਆਪਣੇ ਆਪ ਨੂੰ ਅਧਿਕਾਰ ਖੇਤਰ ਤੋਂ ਬਾਹਰ ਦੱਸਦਿਆਂ ਕੇਸ ਸੀਜੇਐਮ ਆਰਐਸ ਰਾਏ ਦੀ ਅਦਾਲਤ ਵਿੱਚ ਤਬਦੀਲ ਕਰ ਦਿੱਤਾ। ਇਸ ਤੋਂ ਬਾਅਦ ਮਾਮਲੇ ਦੀ ਸੁਣਵਾਈ 21 ਅਪ੍ਰੈਲ ਨੂੰ ਤੈਅ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: