ਬੀਬੀ ਹਰਸਿਮਰਤ ਕੌਰ ਬਾਦਲ ਅੱਜ ਪਰਿਵਾਰ ਸਣੇ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ। ਉਥੇ ਪਹਿਲਾਂ ਉਨ੍ਹਾਂ ਨੇ ਗੁਰੂ ਕੀ ਬਾਣੀ ਦਾ ਆਨੰਦ ਮਾਣਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਤੇ ਕਿਹਾ ਕਿ ਕਿਸਾਨਾਂ ਨੂੰ ਲੈ ਕੇ ਉਨ੍ਹਾਂ ਨੂੰ ਗੰਭੀਰ ਚਿੰਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਵੱਲੋਂ ਅੰਨਦਾਤਿਆਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਬੀਤੇ ਦਿਨੀਂ ਹਰਸਿਮਰਤ ਕੌਰ ਬਾਦਲ ਸੰਸਦ ਮੈਂਬਰਾਂ ਦੇ ਵਫਦ ਨਾਲ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲੇ ਅਤੇ ਉਨ੍ਹਾਂ ਨੇ ਕਿਸਾਨਾਂ ਦੀਆਂ ਮੰਗਾਂ ਸਰਕਾਰ ਅੱਗੇ ਰੱਖੀਆਂ।
ਵਫਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਨੂੰ ਹਿਦਾਇਤਾਂ ਦੇਣ ਤਾਂਕਿ ਸੰਸਦ ਵਿੱਚ ਵਿਰੋਧੀ ਧਿਰ ਪੇਗਾਸਸ ਤੇ ਖੇਤੀ ਕਾਨੂੰਨਾਂ ‘ਤੇ ਚਰਚਾ ਹੋ ਸਕੇ। ਬੀਬਾ ਬਾਦਲ ਨੇ ਕਿਹਾ ਕਿ ਦੋ ਹਫਤਿਆਂ ਤੋਂ ਵਿਰੋਧੀ ਧਿਰ ਵੱਲੋਂ ਕੇਂਦਰ ਸਰਕਾਰ ਦੇ ਕੋਲ ਦੋ ਮੰਗਾਂ ਰਖੀਆਂ ਜਾ ਰਹੀਆਂ ਹਨ ਜਿਨ੍ਹਾਂ ‘ਤੇ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ।
ਬੀਬਾ ਬਾਦਲ ਨੇ ਕਿਹਾ ਕਿ ਵਫਦ ਨੇ ਰਾਸ਼ਟਰਪਤੀ ਨੂੰ ਇਹ ਵੀ ਦੱਸਿਆ ਕਿ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਕ ਮੈਂਬਰ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਹਨ ਅਤੇ ਉਨ੍ਹਾਂ ਨੂੰ ਦੀ ਸੁਣਵਾਈ ਦੀ ਅਪੀਲ ਕਰਦੇ ਹਨ। ਬੀਬਾ ਬਾਦਲ ਨੇ ਰਾਸ਼ਟਰਪਤੀ ਨੂੰ ਇਹ ਵੀ ਦੱਸਿਆ ਕਿ ਸ਼ਹੀਦ ਪਰਿਵਾਰਾਂ ਦੀਆਂ ਭਾਵਨਾਵਾਂ ਨੂੰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਹਾਲੀਆ ਬਿਆਨ ਨਾਲ ਵਲੂੰਧਰਿਆ ਗਿਆ ਹੈ ਕਿ ਕੇਂਦਰ ਸਰਕਾਰ ਕੋਲ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀਆਂ ਮੌਤਾਂ ਬਾਰੇ ਕੋਈ ਰਿਕਾਰਡ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਬਿਆਨ ਨੂੰ ਕਿਸਾਨ ਅੰਦੋਲਨ ਅਤੇ ਇਸ ਦੇ ਸ਼ਹੀਦਾਂ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਵਜੋਂ ਵੇਖਿਆ ਜਾ ਰਿਹਾ ਹੈ।
ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਕਿਸੇ ਵੀ ਪਾਰਟੀ ਵੱਲੋਂ ਕਿਸਾਨਾਂ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਨਹੀਂ ਚੁੱਕਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਜਿਸ ਦੇ ਪੰਜਾਬ ਵਿਚ ਸਭ ਤੋਂ ਵੱਧ ਸਾਂਸਦ ਹਨ, ਉਹ ਵੀ ਕਿਸਾਨਾਂ ਦੇ ਮਸਲੇ ਨੂੰ ਹੱਲ ਕਰਨ ਲਈ ਸਰਕਾਰ ‘ਤੇ ਦਬਾਅ ਨਹੀਂ ਪਾ ਰਹੇ। ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਿਸਾਨਾਂ ‘ਤੇ ਜ਼ੁਲਮ ਢਾਹੇ ਜਾ ਰਹੇ ਹਨ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਪੈਗਾਸਸ ਜਾਸੂਸੀ ਕਾਂਡ ਵਿਚ ਹੀ ਉਲਝੀ ਪਈ ਹੈ ਤੇ ਉਨ੍ਹਾਂ ਕੋਲ ਕਿਸਾਨਾਂ ਦੀ ਸਾਰ ਲੈਣ ਤੱਕ ਦਾ ਸਮਾਂ ਨਹੀਂ ਹੈ। ਕੈਪਟਨ ਸਰਕਾਰ ਨੇ ਹੁਣ ਤਕ ਦੀ ਸਭ ਤੋਂ ਨਿਕੰਮੀ ਸਰਕਾਰ ਦੱਸਦਿਆ ਹਰਸਿਮਰਤ ਬਾਦਲ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਚ ਪੰਜਾਬ ਦੀ ਜਨਤਾ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਹੋਇਆ।
ਇਹ ਵੀ ਪੜ੍ਹੋ : ਨਾ ਚਾਹੁੰਦੇ ਹੋਏ ਸੰਘਰਸ਼ ‘ਲਾ ਰਿਹਾ ਹੈ ਕਿਸਾਨੀ ਬੱਚਿਆਂ ਨੂੰ ਹੀ ਘੁਣ, ਅਡਾਨੀ ਗਰੁੱਪ ਦੇ ਵਿਰੋਧ ਕਾਰਨ ਸੈਂਕੜਾ ਨੌਜਵਾਨ ਹੋਏ ਬੇਰੁਜਗਾਰ