Fourteen New Corona Cases : ਕੋਰੋਨਾ ਵਾਇਰਸ ਨੇ ਦੁਨੀਆ ਭਰ ਦੇ ਮੁਲਕਾਂ ਨੂੰ ਆਪਣੇ ਲਪੇਟ ਵਿਚ ਲੈ ਲਿਆ ਹੈ। ਲੌਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਿਆਂ ਵਿਚ ਜ਼ਿਲਾ ਮੋਹਾਲੀ ਤੋਂ ਕੋਰੋਨਾ ਦੇ 8 ਅਤੇ ਪਠਾਨਕੋਟ ’ਚੋਂ 6 ਮਾਮਲੇ ਸਾਹਮਣੇ ਆਏ ਹਨ। ਮੋਹਾਲੀ ’ਚ ਨਵੇਂ ਮਿਲੇ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਬਰਾੜ ਨੇ ਦੱਸਿਆ ਕਿ ਇਹ 8 ਮਰੀਜ਼ ਮੁਬਾਰਕਪੁਰ ਦੇ ਹਨ, ਇਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ ਕੁੱਲ ਕੋਰੋਨਾ ਪੀੜਤਾਂ ਦੀ ਗਿਣਤੀ 157 ਹੋ ਗਈ ਹੈ।
ਉਧਰ ਪਠਾਨਕੋਟ ਜ਼ਿਲੇ ਵਿਚ ਬੀਤੀ ਦੇਰ ਸ਼ਾਮ ਕੋਰੋਨਾ ਦੇ 6 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿਸ ਦੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਗੁਰਪ੍ਰੀਤ ਖਹਿਰਾ ਨੇ ਦੱਸਿਆ ਕਿ ਇਨ੍ਹਾਂ ਚਾਰ ਪਾਜ਼ੀਟਿਵ ਆਏ ਮਾਮਲਿਆਂ ਵਿਚ ਚਾਰ ਲੋਕ ਪਠਾਨਕੋਟ ਦੇ ਹੀ ਹਨ ਤੇ ਦੋ ਮਰੀਜ਼ ਸੁਜਾਨਪੁਰ ਨਾਲ ਸਬੰਧਤ ਹਨ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਦੇਰ ਸ਼ਾਮ 178 ਲੋਕਾਂ ਦ ਮੈਡੀਕਲ ਰਿਪੋਰਟ ਸਾਹਮਣੇ ਆਈ, ਜਿਨ੍ਹਾਂ ਵਿਚੋਂ ਇਨ੍ਹਾਂ 6 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਿਕ ਬਾਕੀ 172 ਲੋਕਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਜ਼ਿਲੇ ਵਿਚ ਇਨ੍ਹਾਂ ਨਵੇਂ ਮਾਮਲਿਆਂ ਤੋਂ ਬਾਅਦ ਕੋਰੋਨਾ ਦੇ ਕੁਲ ਪੀੜਤਾਂ ਦੀ ਗਿਣਤੀ ਜ਼ਿਲੇ ਵਿਚ 138 ਹੋ ਗਈ ਹੈ, ਜਿਨ੍ਹਾਂ ਵਿਚੋਂ 75 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ 59 ਕੇਸ ਐਕਟਿਵ ਹਨ। ਦੱਸਣਯੋਗ ਹੈ ਕਿ ਹੁਣ ਤੱਕ ਕੋਰੋਨਾ ਨਾਲ ਜ਼ਿਲੇ ਵਿਚ ਚਾਰ ਲੋਕ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ।