ਚੰਡੀਗੜ੍ਹ : ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਹਾੜੀ ਦੇ ਸੀਜ਼ਨ 2023-24 ਲਈ ਚਾਰ ਜ਼ਿਲ੍ਹਿਆਂ ਵਿੱਚ ਸਰ੍ਹੋਂ ਦੇ ਬੀਜਾਂ ਦੀਆਂ 4500 ਮਿੰਨੀ ਕਿੱਟਾਂ ਵੰਡੀਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਵਧ ਕੇ 4000 ਹੈਕਟੇਅਰ ਦੇ ਕਰੀਬ ਹੋਣ ਦੀ ਸੰਭਾਵਨਾ ਹੈ।
ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਆਰ.ਐੱਚ.-761 ਕਿਸਮ ਦਾ 90 ਕੁਇੰਟਲ ਸਰ੍ਹੋਂ ਦਾ ਬੀਜ ਉਪਲਬਧ ਕਰਵਾਇਆ ਗਿਆ ਹੈ।
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਕਿ ਹਾੜ੍ਹੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ।
ਇਹ ਵੀ ਪੜ੍ਹੋ : ਹਰਕਤ ‘ਚ ਆਇਆ ਸਿੱਖਿਆ ਵਿਭਾਗ, ਸਕੂਲਾਂ ‘ਚ ਮਿਡ-ਡੇ-ਮੀਲ ਪਰੋਸਣ ਨੂੰ ਲੈ ਕੇ ਸਖਤ ਹੁਕਮ ਕੀਤੇ ਜਾਰੀ
ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਾਉਣੀ ਸੀਜ਼ਨ ਵਿੱਚ ਬਾਸਮਤੀ ਦੀ ਕਾਸ਼ਤ ਹੇਠ 5.96 ਲੱਖ ਹੈਕਟੇਅਰ ਰਕਬੇ ਵਿੱਚ ਘੱਟੋ-ਘੱਟ 20 ਫੀਸਦੀ ਵਾਧਾ ਹੋਇਆ ਹੈ, ਜੋ ਕਿ ਪਿਛਲੇ ਸਾਲ 4.94 ਲੱਖ ਹੈਕਟੇਅਰ ਸੀ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਮਿੰਨੀ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ ਤਹਿਤ ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਵਿੱਚ ਸਰ੍ਹੋਂ ਦੀਆਂ ਵੱਧ ਝਾੜ ਦੇਣ ਵਾਲੀਆਂ ਨਵੀਆਂ ਕਿਸਮਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ : –