Free Health Insurance : ਪੰਜਾਬ ਸਰਕਾਰ ਵੱਲੋਂ ਗੈਰ-ਸਰਕਾਰੀ ਸੰਗਠਿਤ ਖੇਤਰਾਂ ਦੇ ਮੁਲਾਜ਼ਮਾਂ ਦਾ ਵੀ ਸਿਹਤ ਬੀਮਾ ਕੀਤਾ ਜਾਵੇਗਾ। ਪੰਜਾਬ ਕੈਬਨਿਟ ਨੇ ਬੁੱਧਵਾਰ ਨੂੰ ਆਯੁਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ ਨੂੰ ਇਕ ਸਾਲ ਲਈ ਵਧਾਉਂਦੇ ਹੋਏ ਸੂਬਾ ਸਰਕਾਰ ਦੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਪ੍ਰਾਈਵੇਟ ਖੇਤਰ, ਬੋਰਡ ਅਤੇ ਨਿਗਮਾਂ ਸਣੇ ਗੈਰ-ਸਰਕਾਰੀ ਸੰਗਠਿਤ ਖੇਤਰਾਂ ਦੇ ਮੁਲਾਜ਼ਮਾਂ ਨੂੰ ਵੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਵਿਚ ਲਿਆਉਣ ਦਾ ਫੈਸਲਾ ਕੀਤਾ ਹੈ।
ਦੱਸਣਯੋਗ ਹੈ ਕਿ ਇਸ ਯੋਜਨਾ ਅਧੀਨ ਸੂਬੇ ਦੇ 42.46 ਲੱਖ ਗਰੀਬ ਤੇ ਹੋਰ ਪਰਿਵਾਰਾਂ ਦੇ ਪ੍ਰਤੀ ਪਰਿਵਾਰ 5 ਲੱਖ ਰੁਪਏ ਦਾ ਬੀਮਾ ਕੀਤਾ ਜਾਵੇਗਾ। ਇਸ ਫੈਸਲੇ ਅਧੀਨ ਸਿਹਤ ਤੇ ਪਰਿਵਾਰ ਕਲਿਆਣ ਵਿਭਾਗ ਇਸ ਸਕੀਮ ਦੇ ਦਾਇਰੇ ਵਿਚ ਨਵੇਂ ਵਰਗਾਂ ਨੂੰ ਸ਼ਾਮਲ ਕਰਨ ਲਈ ਵਿਸਥਾਰਤ ਮਤਾ ਤਿਆਰ ਕਰਨ ਲਈ ਕਿਹਾ ਗਿਆ ਹੈ। ਕੈਬਿਨਟ ਦੇ ਫੈਸਲੇ ਮੁਤਾਬਕ ਹੁਣ ਸਕੀਮ 20 ਅਗਸਤ 2020 ਤੋਂ 19 ਅਗਸਤ ਤੱਕ ਅੱਗੇ ਵਧਾ ਦਿੱਤੀ ਗਈ ਹੈ।
ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਟ ਦੀ ਮੀਟਿੰਗ ਤੋਂ ਬਾਅਦ ਬੁਲਾਰੇ ਨੇ ਦੱਸਿਆ ਕਿ ਇਸ ਸਕੀਮ ਅਧੀਨ 42.46 ਲੱਖ ਪਰਿਵਾਰ ਕਵਰ ਕੀਤੇ ਗਏ ਹਨ, ਜਦਕਿ 2011 ਦੀ ਸਮਾਜਿਕ-ਆਰਥਿਕ ਜਾਤੀ ਜਨਗਣਨਾ ਮੁਤਾਬਕ 14.86 ਗਰੀਬ ਪਰਿਵਾਰਾਂ ਦੀ ਪਛਾਣ ਕੀਤੀ ਗਈ ਹੈ। ਬਾਕੀ ਬਚੇ 16.30 ਲੱਖ ਪਰਿਵਾਰ ਸਮਾਰਟ ਰਾਸ਼ਨ ਕਾਰਡ ਹੋਲਡਰ ਅਤੇ 11.30 ਲੱਖ ਜੇ. ਫਾਰਮ ਹੋਲਡਰ ਕਿਸਾਨ, ਤੋਲ ਪਰਚੀ ਵਾਲੇ ਗੰਨਾ ਕਾਸ਼ਤਕਾਰ, ਕੰਸਟਰੱਕਸ਼ਨ ਲੇਬਰ, ਮਾਨਤਾ ਪ੍ਰਾਪਤ ਪੱਤਰਕਾਰ ਅਤੇ ਛੋਟੇ ਵਪਾਰੀਆਂ ਦੇ ਪਰਿਵਾਰ ਹਨ।