From Sadik and Phagwara Corona : ਕੋਰੋਨਾ ਮਹਾਮਾਰੀ ਦੇ ਵਧਦੇ ਮਾਮਲਿਆਂ ਦੌਰਾਨ ਸਾਦਿਕ ਤੋਂ ਇਕ ਤੇ ਫਗਵਾੜਾ ਤੋਂ ਦੋ ਕੇਸਾਂ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਫਰੀਦਕੋਟ ਜ਼ਿਲੇ ਵਿਚ ਪੈਂਦੇ ਸਾਦਿਕ ਦੇ ਇਕ ਪਿੰਡ ਵਿਚ ਇਕ 19 ਸਾਲਾ ਪ੍ਰਵਾਸੀ ਮਜ਼ਦੂਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮਜ਼ਦੂਰ ਪਿੰਡ ਮਚਾਕੀ ਕਲਾਂ ਵਿਖੇ ਝੋਨਾ ਲਗਾਉਣ ਲਈ ਆਇਆ ਹੋਇਆ ਸੀ। ਜ਼ਿਕਰਯੋਗ ਹੈ ਕਿ ਜ਼ਿਲੇ ਵਿਚ ਹੁਣ ਕੋਰੋਨਾ ਦੇ ਕੁਲ 100 ਮਾਮਲੇ ਹੋ ਗਏ ਹਨ, ਜਿਨ੍ਹਾਂ ਵਿਚੋਂ 87 ਲੋਕ ਠੀਕ ਹੋਕੇ ਘਰਾਂ ਨੂੰ ਪਰਤ ਚੁੱਕੇ ਹਨ।
ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਜ਼ੀਟਿਵ ਮਿਲੇ ਮਰੀਜ਼ ਨੂੰ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾਇਆ ਗਿਆ ਹੈ। ਹੁਣ ਜ਼ਿਲੇ ਵਿਚ ਕੁਲ 13 ਸਰਗਰਮ ਮਾਮਲੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਦੇ 9037 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 290 ਸੈਂਪਲਾਂ ਦੇ ਨਤੀਜੇ ਆਉਣੇ ਅਜੇ ਬਾਕੀ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਅਧੀਨ ਕੋਰੋਨਾ ਨਾਲ ਇਸ ਲੜਾਈ ਵਿਚ ਡਿਪਟੀ ਕਮਿਸ਼ਨਰ ਫਰੀਦਕੋਟ ਵਿਲਮ ਕੁਮਾਰ ਸੇਤੀਆ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਤੇ ਅਧਿਕਾਰੀ ਲਗਾਤਾਰ ਯਤਨਸ਼ੀਲ ਹਨ। ਸ਼ੱਕੀ ਮਰੀਜ਼ਾਂ ਦੀ ਭਾਲ ਲਈ ਵਿਭਾਗ ਵੱਲੋਂ ਵਿਸ਼ੇਸ਼ ਸਰਵੇ ਘਰ-ਘਰ ਨਿਗਰਾਨੀ ਅਧੀਨ ਆਨਲਾਈਨ ਜਾਣਕਾਰੀ ਲਗਾਤਾਰ ਭੇਜੀ ਜਾ ਰਹੀ ਹੈ।
ਉਧਰ ਕਪੂਰਥਲਾ ਜ਼ਿਲੇ ਦੇ ਫਗਵਾੜਾ ਵਿਚ ਕੋਰੋਨਾ ਦੇ ਦੋ ਨਵੇਂ ਮਾਮਲੇ ਆਏ ਹਨ, ਜਿਸ ਨਾਲ ਹੁਣ ਜ਼ਿਲੇ ਵਿਚ ਕੋਰੋਨਾ ਪੀੜਤਾਂ ਦੀ ਗਿਣਤੀ ਵਧ ਕੇ 86 ਹੋ ਗਈ ਹੈ ਅਤੇ ਹੁਣ ਤੱਕ ਜ਼ਿਲੇ ਵਿਚ 4 ਲੋਕਾਂ ਦੀ ਇਸ ਮਹਾਮਾਰੀ ਨਾਲ ਮੌਤ ਹੋ ਚੁੱਕੀ ਹੈ। ਇਨ੍ਹਾਂ ਮਾਮਲਿਆਂ ਦੀ ਪੁਸ਼ਟੀ ਕਰਦਿਆਂ ਐਸਐਮਓ ਫਗਵਾੜਾ ਨੇ ਦੱਸਿਆ ਕਿ ਅੱਜ ਸਾਹਮਣੇ ਆਏ ਦੋ ਮਾਮਲਿਆਂ ਵਿਚ ਇਕ ਐਸਐਚਓ ਦੇ ਸੰਪਰਕ ਵਾਲਾ ਹੈ, ਜਦਕਿ ਦੂਜਾ ਮਾਮਲਾ ਬੀਤੇ ਦਿਨ ਇੰਸਟਰੀਅਲ ਏਰੀਆ ਤੋਂ ਮਿਲੇ ਪਾਜ਼ੀਟਿਵ ਦੀਪਕ ਕੋਹਲੀ ਦੇ ਪਿਤਾ ਹੀ ਹਨ।