ਪੰਜਾਬ ਦੇ ਬਦਨਾਮ ਗੈਂਗਸਟਰ ਸੁੱਖਾ ਕਾਹਲਵਾਂ ਨੂੰ ਲੈ ਕੇ ਬਣਾਈ ਗਈ ਫਿਲਮ ‘ਸ਼ੂਟਰ’ ਨੂੰ ਹਿੰਸਾ ਤੇ ਹਥਿਆਰਾਂ ਦਾ ਪ੍ਰਚਾਰ ਕਰਨ ਵਾਲੀ ਫਿਲਮ ਦੱਸਦੇ ਹੋਏ ਹਰਿਆਣਾ, ਪੰਜਾਬ ਤੇ ਚੰਡੀਗੜ੍ਹ ਵੱਲੋਂ ਇਸ ‘ਤੇ ਰੋਕ ਨੂੰ ਫਿਲਮ ਨਿਰਮਾਤਾ ਕੇਵਲ ਸਿੰਘ ਨੇ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਹੈ। ਹਾਈ ਕੋਰਟ ਨੇ ਪਟੀਸ਼ਨਕਰਤਾ ਦਾ ਪੱਖ ਸੁਣਨ ਤੋਂ ਬਾਅਦ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ।
ਪਟੀਸ਼ਨ ਦਾਇਰ ਕਰਦਿਆਂ ਕਿਹਾ ਕਿ ਇਸ ਫਿਲਮ ‘ਤੇ ਪਾਬੰਦੀ ਲਗਾਉਣਾ ਕਾਨੂੰਨੀ ਤੌਰ ‘ਤੇ ਗਲਤ ਹੈ। ਪਟੀਸ਼ਨਕਰਤਾ ਨੇ ਕਿਹਾ ਕਿ ਫਰਵਰੀ 2020 ਵਿਚ ਹਰਿਆਣਾ ਅਤੇ ਪੰਜਾਬ ਨੇ ਫਿਲਮ ਦੀ ਸਕ੍ਰੀਨਿੰਗ ‘ਤੇ ਪਾਬੰਦੀ ਲਗਾਈ ਸੀ, ਜਦੋਂ ਕਿ 10 ਮਾਰਚ, 2020 ਨੂੰ ਸੈਂਸਰ ਬੋਰਡ ਨੇ ਫਿਲਮ ਨੂੰ ਪ੍ਰਦਰਸ਼ਿਤ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ।
ਪਟੀਸ਼ਨਕਰਤਾ ਨੇ ਕਿਹਾ ਕਿ ਜਦੋਂ ਸੈਂਸਰ ਬੋਰਡ ਇਜਾਜ਼ਤ ਦੇ ਚੁੱਕਾ ਹੈ ਤਾਂ ਸੂਬਾ ਸਰਕਾਰ ਨੂੰ ਇਹ ਅਧਿਕਾਰ ਨਹੀਂ ਹੈ ਕਿ ਉਹ ਕਿਸੇ ਫਿਲਮ ਨੂੰ ਪ੍ਰਦਰਸ਼ਿਤ ਕਰਨ ‘ਤੇ ਰੋਕ ਲਗਾ ਸਕੇ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ- ਬੇਗੋਵਾਲ ਕਤਲਕਾਂਡ ‘ਚ ਲੋੜੀਂਦਾ ਗੈਂਗਸਟਰ ਸ਼ੇਰਾ ਤੇਲੰਗਾਨਾ ਤੋਂ ਕੀਤਾ ਕਾਬੂ
ਫਿਲਮ ਦੀ ਰਿਲੀਜ਼ ਨੂੰ ਲੈ ਕੇ ਪਟੀਸ਼ਨਕਰਤਾ ਨੇ ਹਰਿਆਣਾ ਤੇ ਪੰਜਾਬ ਨੂੰ ਲੀਗਲ ਨੋਟਿਸ ਵੀ ਦਿੱਤਾ ਸੀ ਪਰ ਇਸ ਦਿਸ਼ਾ ਵਿੱਚ ਕੋਈ ਕਦਮ ਨਹੀਂ ਚੁੱਕਿਆ ਗਿਆ। ਪੰਜਾਬ ਸਰਕਾਰ ਨੇ ਤਾਂ ਇਸ ਫਿਲਮ ਦੇ ਪ੍ਰੋਡਿਊਸਰ ਖਿਲਾਫ ਕਾਰਵਾਈ ਤੱਕ ਦੀ ਗੱਲ ਕਹੀ ਸੀ।