Girl died in Hospital : ਗੁਰਦਾਸਪੁਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਇਕ 22 ਸਾਲਾ ਲੜਕੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਪ੍ਰਸ਼ਾਸਨ ’ਤੇ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਉਨ੍ਹਾਂ ਪੁਲਿਸ ਵਿਚ ਸ਼ਿਕਾਇਤ ਦਰਜ ਕਰਵਾ ਕੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ। ਉਧਰ ਹਸਪਤਾਲ ਪ੍ਰਸ਼ਾਸਨ ਨੇ ਉਸ ਸਬੰਧੀ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਹਸਪਤਾਲ ਵੱਲੋਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਹੀਂ ਵਰਤੀ ਗਈ।
ਮ੍ਰਿਤਕਾ ਦੀ ਮਾਤਾ ਨਰਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਧੀ ਪੂਜਾ ਨੂੰ ਉਲਟੀਆਂ ਆਉਣ ਕਾਰਨ ਗੁਰਦਾਸਪੁਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਹਸਪਤਾਲ ਦੇ ਸਟਾਫ ਵੱਲੋਂ ਫੋਨ ’ਤੇ ਹੀ ਡਾਕਟਰ ਨਾਲ ਗੱਲ ਕਰਕੇ ਉਸ ਨੂੰ ਦਵਾਈ ਅਤੇ ਟੀਕੇ ਲਗਾਏ ਜਾ ਰਹੇ ਸਨ। ਬੀਤੀ ਰਾਤ ਉਸ ਦੀ ਤਬੀਅਤ ਅਚਾਨਕ ਜ਼ਿਆਦਾ ਖਰਾਬ ਹੋਣ ਕਾਰਨ ਹਸਪਤਾਲ ਦੇ ਸਟਾਫ ਨੇ ਪੂਜਾ ਨੂੰ ਕਈ ਟੀਕੇ ਲਗਾ ਦਿੱਤੇ, ਜਿਨ੍ਹਾਂ ਦੀ ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂਸਿਟੀ ਥਾਣੇ ’ਚ ਇਸ ਸਬੰਧੀ ਸ਼ਿਕਾਇਤ ਕਰਕੇ ਇਸ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਉਧਰ ਸਬੰਧਤ ਡਾਕਟਰ ਦਾ ਕਹਿਣਾ ਹੈ ਕਿ ਲੜਕੀ ਦਾ ਤਿੰਨ ਦਿਨਾਂ ਤੋਂ ਬਿਲਕੁਲ ਸਹੀ ਇਲਾਜ ਕੀਤਾ ਜਾ ਰਿਹਾ ਸੀ, ਇਸ ਵਿਚ ਹਸਪਤਾਲ ’ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਜਦੋਂ ਮਰੀਜ਼ ਦੀ ਹਾਲਤ ਜ਼ਿਆਦਾ ਖਰਾਬ ਹੋ ਗਈ ਤਾਂ ਉਨ੍ਹਾਂ ਨੇ ਮਰੀਜ਼ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ, ਜਿਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਮਰੀਜ਼ ਦੀ ਹਾਲਤ ਪਹਿਲਾਂ ਤੋਂ ਹੀ ਗੰਭੀਰ ਸੀ। ਇਸ ਸਬੰਧੀ ਥਾਣਾ ਮੁਖੀ ਜਬਰਜੀਤ ਸਿੰਘ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਸਬੰਧਤ ਹਸਪਤਾਲ ਦੇ ਪ੍ਰਬੰਧਕਾਂ ਕੋਲੋਂ ਉਨ੍ਹਾਂ ਦਾ ਪੱਖ ਜਾਣਿਆ। ਉਨ੍ਹਾਂ ਕਿਹਾ ਕਿ ਪੁਲਿਸ ਨੇ 174 ਦੀ ਕਾਰਵਾਈ ਕਰਕੇ ਮ੍ਰਿਤਕਾ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਅਗਲੇਰੀ ਕਾਰਵਾਈ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਕੀਤੀ ਜਾਵੇਗੀ।