ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਬੀੜ ਤਲਾਬ ਬਸਤੀ ਦੇ ਗੁਰਦੁਆਰਾ ਸਾਹਿਬ ਵਿਚ ਵਿਵਾਦਿਤ ਅਰਦਾਸ ਕਰਨ ਵਾਲੇ ਗੁਰਮੇਲ ਸਿੰਘ ਦੀ ਜ਼ਮਾਨਤ ਅਰਜ਼ੀ ਅਦਾਲਤ ਵੱਲੋਂ ਰੱਦ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਪਿੰਡ ਦੀ ਸਰਪੰਚ ਰਾਜਪਾਲ ਕੌਰ ਦਾ ਪਤੀ ਗੁਰਮੇਲ ਸਿੰਘ ਸ੍ਰੀ ਮੁਕਤਸਰ ਸਾਹਿਬ ਦੀ ਜੇਲ੍ਹ ਵਿਚ ਬੰਦ ਹੈ ਅਤੇ ਬਠਿੰਡਾ ਅਦਾਲਤ ਵਿੱਚ ਉਸ ਦੀ ਜ਼ਮਾਨਤ ਲਈ ਅਰਜ਼ੀ ਦਿੱਤੀ ਗਈ ਸੀ।
ਦੱਸਣਯੋਗ ਹੈ ਕਿ ਗੁਰਮੇਲ ਸਿੰਘ ‘ਤੇ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਉਥੇ ਹੀ ਗੁਰਮੇਲ ਸਿੰਘ ਦੀ ਪਤਨੀ ਸਰੰਪਚ ਰਾਜਪਾਲ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੌਮੀ ਅਨੂਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੂੰ ਇਨਸਾਫ ਦੀ ਮੰਗ ਲਈ ਸ਼ਕਾਇਤ ਭੇਜੀ ਹੈ।
ਅਦਾਲਤ ਨੇ ਕਿਹਾ ਕਿ ਇਹ ਸਿੱਖ ਜਗਤ ਦੀਆਂ ਭਾਵਨਾਵਾਂ ਨਾਲ ਜੁੜਿਆ ਅਤੀਸੰਵੇਦਨਸ਼ੀਲ ਮਾਮਲਾ ਹੈ, ਜਿਸ ਕਰਕੇ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਦੱਸਣਯੋਗ ਹੈ ਕਿ ਪਿੰਡ ਬੀੜ ਤਲਾਬ ਦੇ ਇੱਕ ਗੁਰਦੁਆਰਾ ਸਾਹਿਬ ’ਚ ਗ੍ਰੰਥੀ ਗੁਰਮੇਲ ਸਿੰਘ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਰਾਮ ਰਹੀਮ ਦੀ ਰਿਹਾਈ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਦਲਿਤ ਮੁੱਖ ਮੰਤਰੀ ਬਣਾਉਣ ਸਬੰਧੀ ਨਰਿੰਦਰ ਮੋਦੀ ਦੇ ਪੱਖ ’ਚ ਅਰਦਾਸ ਕੀਤੀ ਸੀ, ਜਿਸ ‘ਤੇ ਸਿੱਖਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਜਲੰਧਰ ’ਚ ਹਨੀਟਰੈਪ ਗਿਰੋਹ ਦਾ ਪਰਦਾਫਾਸ਼- ASI ਤੇ ਕਾਂਸਟੇਬਲ ਹੀ ਨਿਕਲੇ ਸਰਗਨਾ, ਇੰਝ ਹੋਇਆ ਖੁਲਾਸਾ
ਗੁਰਮੇਲ ਸਿੰਘ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੰਚਾਉਣ ਨਾਲ ਸਬੰਧਤ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਸੀ। ਇਸ ਅਰਦਾਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਤੁਰੰਤ ਬਾਅਦ ਹੀ ਗ੍ਰੰਥੀ ਗੁਰਮੇਲ ਸਿੰਘ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਸੀ।