Granthi minor daughter abducted in Pakistan : ਪਾਕਿਸਤਾਨ ਵਿੱਚ ਇੱਕ ਗ੍ਰੰਥੀ ਦੀ ਨਾਬਾਲਗ ਧੀ ਨੂੰ ਅਗਵਾ ਕਰਨ ਦੀ ਖਬਰ ਸਾਹਮਣੇ ਆਈ ਹੈ, ਜਿਸ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਵਿਦੇਸ਼ ਮੰਤਰੀ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਅਤੇ ਗ੍ਰੰਥੀ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਕਿਹਾ।
ਮਿਲੀ ਜਾਣਕਾਰੀ ਮੁਤਾਬਕ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਦੇ ਗ੍ਰੰਥੀ ਸਿੰਘ ਸ. ਪ੍ਰੀਤਮ ਸਿੰਘ ਦੀ 17 ਸਾਲਾ ਧੀ ਬੁਲਬੁਲ ਕੌਰ ਨੂੰ 15 ਦਿਨ ਪਹਿਲਾਂ ਪਾਕਿਸਤਾਨ ਵਿੱਚ ਅਗਵਾ ਕਰ ਲਿਆ ਗਿਆ ਸੀ, ਜਿਸ ਦਾ ਕੁਝ ਵੀ ਪਤਾ ਨਹੀਂ ਲੱਗਾ ਹੈ। ਲੜਕੀ ਦੇ ਪਰਿਵਾਰ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਬੁਲਬੁਲ ਨੂੰ ਦੋ ਮੁਸਲਮਾਨ ਵਿਅਕਤੀਆਂ ਵੱਲੋਂ ਅਗਵਾ ਕੀਤਾ ਗਿਆ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਰੇ ਟਵਿੱਟਰ ’ਤੇ ਦੱਸਦਿਆਂ ਕਿਹਾ ਕਿ ਲੜਕੀ ਦੇ ਪਰਿਵਾਰ ਨੂੰ ਸ਼ੱਕ ਹੈ ਕਿ ਬੁਲਬੁਲ ਨੂੰ ਅਗਵਾ ਕਰਕੇ ਉਸ ਦਾ ਜ਼ਬਰਦਸਤੀ ਧਰਮ ਤਬਦੀਲ ਕਰਵਾ ਕੇ ਉਸ ਦਾ ਕਿਸੇ ਨਾਲ ਨਿਕਾਹ ਨਾ ਕਰਵਾ ਦਿੱਤਾ ਗਿਆ ਹੋਵੇ। ਇਸ ’ਤੇ ਸਿਰਸਾ ਨੇ ਵਿਦੇਸ਼ ਮੰਤਰੀ ਸ਼੍ਰੀ ਐੱਸ. ਜੈਸ਼ੰਕਰ ਨੂੰ ਪਰਿਵਾਰ ਲਈ ਬਣਦੀ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ’ਚ ਪਹਿਲਾਂ ਵੀ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਥੇ ਲੜਕੀਆਂ ਨੂੰ ਅਗਵਾ ਕਰਕੇ ਉਸ ਦਾ ਧਰਮ ਤਬਦੀਲ ਕਰ ਦਿੱਤਾ ਗਿਆ ਅਤੇ ਉਸ ਨਾਲ ਮੁਸਲਮਾਨ ਲੜਕੇ ਦਾ ਨਿਕਾਹ ਕਰਵਾ ਦਿੱਤਾ ਗਿਆ।