growth rate Covid-19: ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੇ ਪੁਖ਼ਤਾ ਪ੍ਰਬੰਧਾਂ ਸਦਕਾ ਕੋਵਿਡ-19 ਮਹਾਂਮਾਰੀ ਦੇ ਕੇਸਾਂ ਨੂੰ ਇਕ ਦਮ ਵੱਧਣ ਤੋਂ ਰੋਕਿਆ ਜਾ ਸਕਿਆ ਅਤੇ ਪੰਜਾਬ ਵਿੱਚ ਦੇਸ਼ ਦੇ ਮੁਕਾਬਲੇ ਕੋਵਿਡ-19 ਦੇ ਕੇਸਾਂ ਦੇ ਵੱਧਣ ਦੀ ਦਰ ਬਹੁਤ ਘੱਟ ਹੈ। ਫੇਸਬੁੱਕ ਲਾਈਵ ਪ੍ਰੋਗਰਾਮ ‘ ਆਸਕ ਕੈਪਟਨ’ ਵਿੱਚ ਅੱਜ ਜਲੰਧਰ ਵਾਸੀ ਦੇ ਸਵਾਲ ਦਾ ਜਵਾਬ ਦਿੰਦਿਆ ਮੁੱਖ ਮੰਤਰੀ ਨੇ ਕਿਹਾ ਕਿ ਦੇਸ ਵਿੱਚ ਕੋਰੋਨਾ ਮਹਾਂਮਾਰੀ ਦੇ ਕੇਸਾਂ ਦੇ ਦੁੱਗਣੇ ਹੋਣ ਦੀ ਦਰ 14 ਦਿਨਾਂ ਦੀ ਹੈ ਜਦਕਿ ਪੰਜਾਬ ਵਿੱਚ ਇਹ ਦਰ 86 ਦਿਨਾਂ ਦੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਰਾਜ ਵਿੱਚ ਕੋਵਿਡ-19 ਦੇ ਕੇਸਾਂ ਵਿੱਚ ਇਨਾਂ ਵੱਡਾ ਫਰਕ ਸੂਬਾ ਸਰਕਾਰ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਸੰਭਵ ਹੋ ਸਕਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ 86 ਦਿਨਾਂ ਦਾ ਸਮਾਂ ਬਹੁਤ ਲੰਮਾ ਸਮਾਂ ਹੈ ,ਜੋ ਸਪਸ਼ਟ ਕਰਦਾ ਹੈ ਕਿ ਸੂਬਾ ਸਰਕਾਰ ਇਸ ਮਹਾਂਮਾਰੀ ਨੂੰ ਪੂਰੀ ਸਮਰੱਥਾ ਨਾਲ ਕਾਬੂ ਕਰਨ ਵਿੱਚ ਸਫ਼ਲ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਦਿੱਲੀ ਵਿੱਚ ਕੋਵਿਡ-19 ਦੇ ਕੇਸਾਂ ਦੇ ਦੁੱਗਣੇ ਹੋਣ ਦੀ ਦਰ 15 ਦਿਨ ਹੈ ਜੋ ਕਿ ਸੂਬੇ ਨਾਲੋਂ ਬਹੁਤ ਘੱਟ ਹੈ।
ਕੈਪਟਨ ਅਮਰਿੰਦਰ ਸਿੰਘ ਵਲੋਂ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਲੋਕਾਂ ਵਲੋਂ ਮਿਲੇ ਸਹਿਯੋਗ ਤੇ ਮਦਦ ਦੀ ਪ੍ਰਸ਼ੰਸਾ ਕਰਦਿਆਂ ਧੰਨਵਾਦ ਕੀਤਾ ਗਿਆ ਜਿਸ ਸਦਕਾ ਸਥਿਤੀ ਨੂੰ ਚੰਗੀ ਤਰ੍ਹਾਂ ਕਾਬੂ ਕੀਤਾ ਜਾ ਸਕਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 2028 ਕੋਵਿਡ-19 ਕੇਸਾਂ ਦੀ ਪੁਸ਼ਟੀ ਹੋਈ ਜਿਸ ਵਿਚੋਂ 1819 ਮਰੀਜ਼ ਤੰਦਰੁਸਤ ਹੋ ਚੁੱਕੇ ਹਨ ਅਤੇ 200 ਮਰੀਜ਼ ਇਲਾਜ ਅਧੀਨ ਹਨ ਜੋ ਜਲਦ ਸਹਿਤਯਾਬ ਹੋ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਰਿਕਵਰੀ ਦੀ ਉੱਚ ਦਰ ਪੰਜਾਬੀਆਂ ਵਲੋਂ ਸਖ਼ਤ ਅਨੁਸਾਸ਼ਨ ਦੀ ਪਾਲਣਾ ਕਰਨ ਦੇ ਨਾਲ ਨਾਲ ਸਮਾਜਿਕ ਦੂਰੀ ਅਤੇ ਹੋਰ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਕੇ ਹੀ ਸੰਭਵ ਹੋ ਸਕੀ। ਉਨ੍ਹਾਂ ਕਿਹਾ ਕਿ ਸਮਾਜਿਕ ਦੂਰੀ ਅਤੇ ਮਾਸਕ ਪਹਿਨਣਾ ਸਮੇਂ ਦੀ ਲੋੜ ਹੈ ਤਾਂ ਕਿ ਸ਼ਖਤੀ ਨਾਲ ਸਥਿਤੀ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਦੁਹਰਾਇਆ ਕਿ ਲੋਕਾਂ ਦੀ ਜਿੰਦਗੀ ਅਤੇ ਸਿਹਤ ਉਨ੍ਹਾਂ ਦੀ ਸਭ ਤੋਂ ਵੱਡੀ ਤੇ ਪਹਿਲੀ ਤਰਜੀਹ ਦਸਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਵਸਦੇ ਲੋਕਾਂ ਦੀ ਸਿਹਤ ਦਾ ਖਿਆਲ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।