Gurdwara granthi sets himself : ਫਾਜ਼ਿਲਕਾ ਦੇ ਕੌਮਾਂਤਰੀ ਸਰਹੱਦੀ ਪਿੰਡ ਗੱਟੀ ਨੰਬਰ ਵਿੱਚ ਇੱਕ ਗੁਰਦੁਆਰੇ ਦੇ ਗ੍ਰੰਥੀ ਨੇ ਪੈਟਰੋਲ ਛਿੜਕ ਕੇ ਖੁਦ ਨੂੰ ਅੱਗ ਲਗਾ ਲਈ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਗ੍ਰੰਥੀ ਨੇ ਦੋਸ਼ ਲਗਾਇਆ ਕਿ ਕੁਝ ਪਿੰਡ ਵਾਸੀਆਂ ਨੇ ਉਸ ਨੂੰ ਬਾਹਰ ਕੱਢਣ ਲਈ ਗੁਰਦੁਆਰੇ ’ਚ ਦਾਖਲ਼ ਹੋ ਕੇ ਮਾਰਕੁੱਟ ਕੀਤੀ ਸੀ। ਇਸ ਤੋਂ ਇਲਾਵਾ ਵੀ ਉਸ ਨੂੰ ਲਗਾਤਾਰ ਪ੍ਰੇਸ਼ਾਨੀ ਕੀਤਾ ਜਾ ਰਿਹਾ ਸੀ, ਜਿਸ ਦੇ ਚੱਲਦਿਆਂ ਉਸ ਨੂੰ ਇਹ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ।
ਗ੍ਰੰਥੀ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਪਿੰਡ ਦੇ ਗੁਰਦੁਆਰੇ ਵਿੱਚ ਸੇਵਾ ਨਿਭਾਉਂਦਾ ਹੈ। ਕੁਝ ਦਿਨ ਪਹਿਲਾਂ ਖੁਸ਼ਹਾਲ ਸਿੰਘ, ਸਤਨਾਮ ਸਿੰਘ ਅਤੇ ਕੁਝ ਹੋਰ ਵਿਅਕਤੀ ਉਸ ਨੂੰ ਬਾਹਰ ਲਿਜਾਣ ਲਈ ਗੁਰਦੁਆਰੇ ਵਿੱਚ ਦਾਖਲ ਹੋ ਕੇ ਉਸ ਨਾਲ ਕੁੱਟਮਾਰ ਕੀਤੀ। ਦੂਜੇ ਪਾਸੇ ਪੀੜਤ ਗ੍ਰੰਥੀ ਦੇ ਭਰਾ ਮੌਜਾ ਸਿੰਘ, ਚੰਨਾ ਸਿੰਘ, ਭਜਨ ਸਿੰਘ ਅਤੇ ਹੋਰ ਗ੍ਰੰਥੀਆਂ ਨੇ ਇਸ ਘਟਨਾ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਜਾਂ ਦੋ ਘਰਾਂ ਨੂੰ ਛੱਡ ਕੇ ਪੂਰਾ ਪਿੰਡ ਗ੍ਰੰਥੀ ਦੇ ਨਾਲ ਹੈ।
ਦੂਜੇ ਪਾਸੇ, ਇਸ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਮੁਲਜ਼ਮ ਖੁਸ਼ਹਾਲ ਸਿੰਘ ਅਤੇ ਉਸਦੇ ਪਰਿਵਾਰ ਨੇ ਗ੍ਰੰਥੀ ਵੱਲੋਂ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਗ੍ਰੰਥੀ ਨਾਲ ਮਾਮੂਲੀ ਝਗੜਾ ਹੋਇਆ ਸੀ। ਉਸ ਦਾ ਨਿਪਟਾਰਾ ਗ੍ਰਾਮ ਪੰਚਾਇਤ ਨੇ ਕੀਤਾ ਸੀ। ਹੁਣ ਪਿੰਡ ਦੇ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਨੂੰ ਫਸਾਉਣ ਲਈ ਹੀ ਗ੍ਰੰਥੀ ਨੂੰ ਅਜਿਹਾ ਕਦਮ ਚੁੱਕਣ ਲਈ ਮਜਬੂਰ ਕੀਤਾ ਹੈ। ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਫਿਲਹਾਲ, ਗ੍ਰੰਥੀ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਵਿੱਚ ਗ੍ਰੰਥੀ ਕੁਲਦੀਪ ਸਿੰਘ 80 ਪ੍ਰਤੀਸ਼ਤ ਤੋਂ ਵੀ ਵੱਧ ਸੜ ਚੁੱਕੇ ਹਨ। ਹਸਪਤਾਲ ਪ੍ਰਸ਼ਾਸਨ ਤੋਂ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।