Harsimrat Badal accuses BJP : ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ 43 ਦਿਨਾਂ ਤੋਂ ਕੜਾਕੇ ਦੀ ਠੰਡ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਅੱਗੇ ਝੁਕਣ ਲਈ ਤਿਆਰ ਨਹੀਂ ਹੈ। ਉਥੇ ਹੀ ਕਿਸਾਨਾਂ ਨੇ ਵੀ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਠਾਣੀ ਹੋਈ ਹੈ। ਇਸ ਦੌਰਾਨ ਭਾਜਪਾ ਆਗੂਆਂ ਦੇ ਕਈ ਵਿਵਾਦਾਂ ਭਰੇ ਬਿਆਨ ਸਾਹਮਣੇ ਆ ਰਹੇ ਹਨ, ਜਿਸ ਵਿੱਚ ਕਿਸਾਨਾਂ ਦੇ ਖਿਲਾਫ ਬੋਲਿਆ ਜਾ ਰਿਹਾ ਹੈ। ਬਠਿੰਡਾ ਹਲਕੇ ਤੋਂ ਲੋਕ ਸਭਾ ਮੈਂਬਰ ਤੇ ਅਕਾਲੀ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਨੇ ਅਜਿਹੇ ਭਾਜਪਾ ਆਗੂਆਂ ‘ਤੇ ਸਿਆਸਤ ਖੇਡਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਭਾਜਪਾ ਆਗੂ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜੋਕਿ ਬਹੁਤ ਹੀ ਮੰਦਭਾਗੀ ਗੱਲ ਹੈ। ਉਨ੍ਹਾਂ ਨੇ ਸੀਨੀਅਰ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੀਆਂ ਕਿਸਾਨ ਅੰਦੋਲਨ ‘ਤੇ ਕੀਤੀਆਂ ਟਿੱਪਣੀਆਂ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਕਿ ਕੇਂਦਰ ਸੂਬਾ ਭਾਜਪਾ ਇਕਾਈ ਦੀ ਦੁਰਵਰਤੋਂ ਕਰ ਰਿਹਾ ਹੈ।
ਬੀਬਾ ਬਾਦਲ ਨੇ ਕਿਹਾ ਕਿ ਕੇਂਦਰ ਸਿਰਫ ਕਿਸਾਨਾਂ ਨਾਲ ਗੱਲਬਾਤ ਕਰਨ ਦਾ ਢੌਂਗ ਕਰ ਰਿਹਾ ਹੈ, ਤਾਂਜ ਕਿਸਾਨ ਥੱਕ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਨੇ ਮੈਨੂੰ ਵਾਰ-ਵਾਰ ਭਰੋਸਾ ਦਿਵਾਇਆ ਗਿਆ ਸੀ ਕਿ ਕਿਸਾਨਾਂ ਦੀਆਂ ਚਿੰਤਾਵਾਂ ਦਾ ਹੱਲ ਕੀਤਾ ਜਾਵੇਗਾ, ਪਰ ਭਾਜਪਾ ਨੇ ਸਾਡੇ ਅਤੇ ਕਿਸਾਨੀ ਭਾਈਚਾਰੇ ਨਾਲ ਧੋਖਾ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਵੱਲੋਂ ਵੀ ਕਿਸਾਨ ਵਿਰੋਧੀ ਖੇਤੀ ਬਿੱਲ ਰੱਦ ਕਰਨ ਸੰਬੰਧੀ ਲਿਖੀ ਗਈ ਚਿੱਠੀ ਦਾ ਜਵਾਬ ਨਹੀਂ ਦਿੱਤਾ ਗਿਆ।
ਦੱਸ ਦੇਈਏ ਕਿ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਕਿਸਾਨ ਅੰਦੋਲਨ ‘ਤੇ ਵਿਵਾਦਾਂ ਭਰਿਆ ਬਿਆਨ ਦਿੱਤਾ ਸੀ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਕਿਸਾਨ ਜਥੇਬੰਦੀਆਂ ਦੀ ਨੀਅਤ ਸਾਫ਼ ਨਹੀਂ ਹੈ। ਉਹ ਫ਼ੈਸਲਾ ਕਰਨ ਦੀ ਨੀਅਤ ਨਾਲ ਧਰਨੇ ’ਤੇ ਨਹੀਂ ਬੈਠੀਆਂ। ਉਹ ਧਰਨਾ ਖ਼ਤਮ ਨਹੀਂ ਕਰਨਾ ਚਾਹੁੰਦੇ ਕਿਉਂਕਿ ਉਹ ਪਾਰਟੀ ਬਣਾ ਕੇ ਚੋਣਾਂ ਲੜਨਾ ਚਾਹੁੰਦੇ ਹਨ। ਉਹ ਚਾਹੁੰਦੇ ਹਨ ਕਿ ਬੀਜੇਪੀ ਸਰਕਾਰ ਉਨ੍ਹਾਂ ਨੂੰ ਫੜ੍ਹ ਕੇ ਅੰਦਰ ਕਰੇ ਤੇ ਬਦਨਾਮ ਹੋ ਜਾਵੇ। ਉਥੇ ਹੀ ਪਿਛਲੇ ਦਿਨੀਂ ਭਾਜਪਾ ਆਗੂ ਤੇ ਸਾਬਕਾ ਮੰਤਰੀ ਤੀਕਸ਼ਣ ਸੂਦ ਨੇ ਵੀ ਵਿਵਾਦਾਂ ਭਰਿਆ ਬਿਆਨ ਦਿੱਤਾ ਸੀ ਕਿ ਕਿਸਾਨ ਦਿੱਲੀ ਵਿੱਚ ਪਿਕਨਿਕ ਮਨਾਉਣ ਜਾ ਰਹੇ ਹਨ, ਜਿਸ ‘ਤੇ ਇਸ ਆਗੂ ਦਾ ਵੀ ਪੰਜਾਬ ਵਿੱਚ ਕਾਫੀ ਵਿਰੋਧ ਹੋਇਆ ਸੀ।