Harsimrat Badal urges PM : ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 35ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇਸ ਦੌਰਾਨ ਬਠਿੰਡਾ ਤੋਂ ਲੋਕ ਸਭਾ ਮੈਂਬਰ ਤੇ ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਸੰਘਰਸ਼ ਕਰ ਰਹੇ ਕਿਸਾਨਾਂ ਦੀ ਗੱਲ ਮੰਨਣ ਦੀ ਅਪੀਲ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਲੋਕਤੰਤਰ ਵਿੱਚ ਲੋਕਾਂ ਦੀ ਮਰਜ਼ੀ ਹੀ ਸਭ ਤੋਂ ਉੱਪਰ ਹੁੰਦੀ ਹੈ।
ਉਨ੍ਹਾਂ ਕਿਹਾ ਕਿ ਹਜ਼ਾਰਾਂ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪ੍ਰਧਾਨ ਮੰਤਰੀ ਦੇ ਦਰਵਾਜ਼ੇ ’ਤੇ ਬੈਠੇ ਹਨ, ਉਨ੍ਹਾਂ ਨੂੰ ਲੰਮੇ ਸਮੇਂ ਤੱਕ ਇੰਨੀ ਤਕਲੀਫ ਵਿੱਚ ਨਹੀਂ ਰਖਣਾ ਚਾਹੀਦਾ। ਬੀਬਾ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੀਆਂ ਬੇਨਤੀਆਂ ਨੂੰ ਯਾਦ ਕਰਵਾਉਂਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਪਾਸ ਕਰਨ ਦੀਆਂ ਚਿਤਾਵਨੀਆਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਇਸ ਅੰਦੋਲਨ ਨੂੰ ਟਾਲਿਆ ਜਾ ਸਕਦਾ ਸੀ।
ਬੀਬਾ ਬਾਦਲ ਨੇ ਅੱਗੇ ਕਿਹਾ ਕਿ ਕਿਸਾਨਾਂ ਦੇ ਸਭ ਤੋਂ ਵੱਡੇ ਸ਼ਾਂਤਮਈ ਅੰਦੋਲਨ ਨੇ ਭਾਰਤ ਦਾ ਦਿਲ ਜਿੱਤ ਲਿਆ ਹੈ ਅਤੇ ਇਹ ਦੁਨੀਆ ਲਈ ਇੱਕ ਮਿਸਾਲ ਬਣ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਿੱਧੇ ਗੱਲਬਾਤ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ। ਉਨ੍ਹਾਂ ਨੂੰ ਇਸ ਤਰ੍ਹਾਂ ਹੋ ਰਹੀਆਂ ਮੀਟਿੰਗਾਂ ਦੇ ਜਾਲ ਵਿੱਚ ਨਹੀਂ ਫਸਣਾ ਚਾਹੀਦਾ ਹੈ, ਜਿਸ ਨਾਲ ਕੁਝ ਹਾਸਲ ਹੋਣ ਵਾਲਾ ਨਹੀਂ। ਦੱਸ ਦੇਈਏ ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਵੇਗੀ। ਅੱਜ ਦੁਪਹਿਰ 2 ਵਜੇ ਕਿਸਾਨਾਂ ਦੇ ਸਰਕਾਰ ਵਿਚਾਲੇ 7ਵੇਂ ਦੌਰ ਦੀ ਗੱਲਬਾਤ ਹੋਵੇਗੀ।