ਵੀਰਵਾਰ ਦੁਪਹਿਰ ਲੁਧਿਆਣਾ ਦੀ ਅਦਾਲਤ ਦੇ ਕੰਪਲੈਕਸ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਗ੍ਰਹਿ ਮੰਤਰਾਲੇ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
ਹਾਦਸੇ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਹਸਪਤਾਲ ਪਹੁੰਚੇ ਤੇ ਜ਼ਖਮੀ ਲੋਕਾਂ ਨੂੰ ਮਿਲ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।। ਉਨ੍ਹਾਂ ਨਾਲ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਸਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਏਗਾ।
ਦੱਸ ਦੇਈਏ ਕਿ ਇਹ ਧਮਾਕਾ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਹੋਇਆ। ਧਮਾਕੇ ਨਾਲ ਬਾਥਰੂਮ ਦੀ ਕੰਧ ਢਹਿ ਗਈ ਅਤੇ ਕੰਧ ਦਾ ਮਲਬਾ ਹੇਠਾਂ ਖੜ੍ਹੇ ਵਾਹਨਾਂ ‘ਤੇ ਡਿੱਗ ਗਿਆ, ਜਿਸ ਨਾਲ ਉਨ੍ਹਾਂ ਦੇ ਸ਼ੀਸ਼ੇ ਟੁੱਟ ਗਏ ਅਤੇ ਕਾਫੀ ਨੁਕਸਾਨ ਹੋ ਗਿਆ। ਇਸ ਦੇ ਨਾਲ ਹੀ ਇਸ ਧਮਾਕੇ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਦੱਸੇ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਫਿਲਹਾਲ ਹਾਦਸੇ ਵਿੱਚ ਪੰਜ ਲੋਕਾਂ ਦੇ ਜ਼ਖਮੀ ਹੋਣ ਦਾ ਪਤਾ ਲੱਗਾ ਹੈ, ਜਿਨ੍ਹਾਂ ਵਿੱਚੋਂ ਇੱਕ ਨੂੰ ਸੀ.ਐੱਮ.ਸੀ.ਐੱਚ., ਦੋ ਨੂੰ ਸਿਵਲ ਹਸਪਤਾਲ ਤੇ ਦੋ ਜ਼ਖਮੀਆਂ ਨੂੰ ਡੀ.ਐੱਮ.ਸੀ.ਐੱਚ. ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਮ੍ਰਿਤਕਾਂ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ।
ਜਦੋਂ ਇਹ ਧਮਾਕਾ ਲੁਧਿਆਣਾ ਦੀ ਕਚਹਿਰੀ ‘ਚ ਹੋਇਆ ਉਦੋਂ ਹੜਤਾਲ ਚੱਲ ਰਹੀ ਸੀ, ਇਸ ਲਈ ਕਚਹਿਰੀ ‘ਚ ਵਕੀਲਾਂ ਦੀ ਗਿਣਤੀ ਘੱਟ ਸੀ, ਨਹੀਂ ਤਾਂ ਵੱਡਾ ਨੁਕਸਾਨ ਹੋ ਸਕਦਾ ਸੀ।