High Court stays Exams : ਚੰਡੀਗੜ੍ਹ : ਕੋਰੋਨਾ ਮਹਾਮਾਰੀ ਦੇ ਲਗਾਤਾਰ ਫੈਲਦੇ ਖਤਰੇ ਦੇ ਚੱਲਦਿਆਂ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਆਖਰੀ ਸਾਲ ਦੇ ਲਾਸਟ ਸਮੈਸਟਰ ਦੀਆਂ ਪ੍ਰੀਖਿਆਵਾਂ ਲੈਣ ’ਤੇ ਰੋਕ ਲਗਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਇਹ ਪ੍ਰੀਖਿਆਵਾਂ ਲੈਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ, ਜਿਸ ਦਾ ਵਿਦਿਆਰਥੀਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ। ਇਸ ਤੋਂ ਬਾਅਦ ਕੁਝ ਵਿਦਿਆਰਥੀਆਂ ਨੇ ਹਾਈਕੋਰਟ ਵਿਚ ਪ੍ਰੀਖਿਆਵਾਂ ਨਾ ਲੈਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਦੇ ਚੱਲਦਿਆਂ ਹਾਈਕੋਰਟ ਨੇ ਇਨ੍ਹਾਂ ਪ੍ਰੀਖਿਆਵਾਂ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ, ਕੇੰਦਰ ਸਰਕਾਰ ਤੇ ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (UGC) ਨੂੰ 23 ਜੁਲਾਈ ਨੂੰ ਹੋਣ ਵਾਲੀ ਅਗਲੀ ਸੁਣਵਾਈ ਤੱਕ ਜਵਾਬ ਤਲਬ ਕਰਨ ਦੇ ਹੁਕਮ ਦਿੱਤੇ ਹਨ।
ਦੱਸਣਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵੱਲੋਂ ਜੁਲਾਈ ਵਿਚ ਪ੍ਰੀਖਿਆ ਲੈਣ ਸਬੰਧੀ ਜਾਰੀ ਕੀਤੇ ਨੋਟਿਸ ਖਿਲਾਫ ਵਿਦਿਆਰਥੀਆਂ ਨੇ ਪਟੀਸ਼ਨ ਦਾਇਰ ਕੀਤੀ ਸੀ ਕਿ ਕੋਰੋਨਾ ਮਹਾਮਾਰੀ ਦੇ ਇਸ ਵਧਦੇ ਖਤਰੇ ਦੌਰਾਨ ਜਿਥੇ ਸਰਕਾਰ ਵੱਲੋਂ ਲਗਾਤਾਰ ਸਮਾਜਿਕ ਦੂਰੀ ਬਣਾ ਕੇ ਰਖਣ ਦੀ ਅਪੀਲ ਕੀਤੀ ਜਾ ਰਹੀ ਹੈ, ਪੰਜਾਬ ਯੂਨੀਵਰਸਿਟੀ ਦਾ ਪ੍ਰੀਖਿਆਵਾਂ ਲੈਣ ਦਾ ਫੈਸਲਾ ਇਸ ਮਹਾਮਾਰੀ ਨੂੰ ਫੈਲਣ ਦੀ ਸੰਭਾਵਨਾ ਨੂੰ ਹੋਰ ਵੀ ਵਧਾ ਸਕਦਾ ਹੈ।
ਪਟੀਸ਼ਨ ਵਿਚ ਦਿੱਲੀ ਹਾਈਕੋਰਟ ਵੱਲੋਂ ਅਨੁਪਮ ਬਨਾਮ ਦਿੱਲੀ ਯੂਨੀਵਰਸਿਟੀ ਮਾਮਲੇ ਦਾ ਹਵਾਲਾ ਦਿੱਤਾ ਗਿਆ ਸੀ। ਉਸ ਮਾਮਲੇ ਵਿਚ ਹਾਈਕੋਰਟ ਨੇ ਕਿਹਾ ਸੀ ਕਿ ਯੂਜੀਸੀ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਹਿਦਾਇਤਾਂ ਮੁਤਾਬਕ ਯੂਨੀਵਰਸਿਟੀ ਆਖਰੀ ਸਾਲ ਦੇ ਵਿਦਿਆਰਥੀਆਂ ਦੇ ਪ੍ਰੀਖਿਆਵਾਂ ਲੈਣ ਲਈ ਮਜਬੂਰ ਨਹੀਂ ਕਰ ਸਕਦੀ। ਪਟੀਸ਼ਨ ਵਿਚ ਇਨ੍ਹਾਂ ਪ੍ਰੀਖਿਆਵਾਂ ਲੈਣ ਦੇ ਯੂਨੀਵਰਸਿਟੀ ਦੇ ਇਸ ਫੈਸਲੇ ਨੂੰ ਰੱਦ ਕਰਨ ਲਈ ਕਿਹਾ ਸੀ, ਜਿਸ ਦੇ ਚੱਲਦਿਆਂ ਹਾਈਕੋਰਟ ਨੇ ਯੂਨੀਵਰਸਿਟੀ ਤੋਂ ਇਸ ਸਬੰਧੀ ਜਵਾਬ ਦੇਣ ਦਾ ਹੁਕਮ ਦਿੱਤਾ ਹੈ ਤੇ ਫਿਲਹਾਲ ਪ੍ਰੀਖਿਆਵਾਂ ਲੈਣ ਦੀ ਨੋਟੀਫਿਕੇਸ਼ਨ ’ਤੇ ਰੋਕ ਲਗਾ ਦਿੱਤੀ ਹੈ।