ਸ੍ਰੀ ਮੁਕਤਸਰ ਸਾਹਿਬ ਵਿਖੇ ਆਂਗਣਵਾੜੀ ਵਰਕਰ ਵੱਲੋਂ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਗੰਭੀਰ ਨੋਟਿਸ ਲਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਇਸ ਮਾਮਲੇ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਤਾਇਨਾਤ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਦਾ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਨਿਯਮਾਂ ਮੁਤਾਬਕ ਸਰਕਾਰੀ ਖਜ਼ਾਨੇ ਵਿੱਚੋਂ ਤਨਖਾਹ/ਵਜੀਫਾ ਲੈਣ ਵਾਲੇ ਵਿਅਕਤੀ ਵੱਲੋਂ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣਾ ਸਰਕਾਰੀ ਨਿਯਮਾਂ ਦੀ ਉਲੰਘਣਾ ਹੈ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਣਵਾੜੀ ਵਰਕਰ ਹਰਗੋਬਿੰਦ ਕੌਰ ਦੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਨੂੰ ਬਣਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਅਜੇ ਹੋਰ ਵਧਣਗੇ ਟਮਾਟਰ ਦੇ ਰੇਟ! ਇੰਨਾ ਹੋਵੇਗਾ ਮਹਿੰਗਾ ਕਿ ਹੁਣ ਦੇ ਭਾਅ ਲੱਗਣਗੇ ਸਸਤੇ
ਡਾ. ਬਲਜੀਤ ਕੌਰ ਨੇ ਕਿਹਾ ਕਿ ਆਂਗਣਵਾੜੀ ਵਰਕਰ ਦਾ ਫਰਜ਼ ਅਤੇ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਵਿਭਾਗ ਵੱਲੋਂ ਆਂਗਣਵਾੜੀ ਸੇਵਾ ਯੋਜਨਾ ਤਹਿਤ ਔਰਤਾਂ ਅਤੇ ਬੱਚਿਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ। ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਂਗਣਵਾੜੀ ਕੇਂਦਰਾਂ ਦੇ ਤੈਅ ਸਮੇਂ ਦੌਰਾਨ ਜ਼ਰੂਰੀ ਕੰਮਾਂ ਦੀ ਅਦਾਇਗੀ ਕਰਨ ਲਈ ਆਪਣੀ ਡਿਊਟੀ ਨਿਭਾਉਣ ਲਈ ਪਾਬੰਦ ਹਨ। ਇਸ ਤਰ੍ਹਾਂ ਆਂਗਣਵਾੜੀ ਵਰਕਰ ਦੇ ਕਿਸੇ ਵੀ ਸਿਆਸੀ ਪਾਰਟੀ ਨਾਲ ਜੁੜੇ ਹੋਣ ਕਾਰਨ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਲਾਭ ਆਮ ਲੋਕਾਂ ਤੱਕ ਸਹੀ ਢੰਗ ਨਾਲ ਨਹੀਂ ਪਹੁੰਚ ਸਕੇਗਾ।
ਵੀਡੀਓ ਲਈ ਕਲਿੱਕ ਕਰੋ -: