ਅੰਮ੍ਰਿਤਪਾਲ ਨੂੰ ਅੱਜ ਮੋਗਾ ਦੇ ਪਿੰਡ ਰੋਡੇ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਗ੍ਰਿਫਤਾਰੀ ਤੋਂ ਬਾਅਦ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਕਈ ਅਹਿਮ ਖੁਲਾਸੇ ਕੀਤੇ ਗਏ।
ਜਾਣਕਾਰੀ ਦਿੰਦਿਆਂ ਆਈਜੀ ਸੁਖਚੈਨ ਗਿੱਲ ਨੇ ਦੱਸਿਆ ਕਿ ਅੱਜ ਸਵੇਰੇ ਕਰੀਬ 6.45 ਵਜੇ ਅੰਮ੍ਰਿਤਪਾਲ ਸਿੰਘ ਨੂੰ ਮੋਗੇ ਦੇ ਪਿੰਡ ਰੋਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ। NSA ਤਹਿਤ ਉਸ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਬਾਅਦ ਵਿਚ ਡਿਟੇਨ ਕਰਕੇ ਉਸ ਨੂੰ ਡਿਬਰੂਗੜ੍ਹ ਵਾਸਤੇ ਪੰਜਾਬ ਪੁਲਿਸ ਵੱਲੋਂ ਰਵਾਨਾ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਤੇ ਇੰਟੈਲੀਜੈਂਸ ਵਿੰਗ ਦੇ ਸਾਂਝਾ ਆਪ੍ਰੇਸ਼ਨ ਤਹਿਤ ਇਹ ਗ੍ਰਿਫਤਾਰੀ ਕੀਤੀ ਗਈ ਹੈ।
IG ਸੁਖਚੈਨ ਗਿੱਲ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਫੜਨ ਦਾ ਇਹ ਆਪ੍ਰੇਸ਼ਨ ਪਿਛਲੇ 35 ਦਿਨਾਂ ਤੋਂ ਚੱਲ ਰਿਹਾ ਸੀ ਤੇ ਪੰਜਾਬ ਪੁਲਿਸ ਨੇ ਸਾਰੇ ਵਿੰਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੰਜਾਬ ਦੇ ਲੋਕਾਂ ਨੇ ਪੂਰੇ ਆਪ੍ਰੇਸ਼ਨ ਦੌਰਾਨ ਸ਼ਾਂਤੀ ਬਣਾਈ ਰੱਖੀ। ਅਸੀਂ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਹਾਂ। ਪੰਜਾਬ ਪੁਲਿਸ ਨੇ ਵੀ ਇਨ੍ਹਾਂ 35 ਦਿਨਾਂ ਦੌਰਾਨ ਸੂਬੇ ਵਿਚ ਪੂਰੀ ਸ਼ਾਂਤੀ ਬਣਾਈ ਰੱਖੀ।
IG ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਅੰਮ੍ਰਿਤਪਾਲ ਸਿੰਘ ਮੋਗੇ ਦੇ ਪਿੰਡ ਰੋਡੇ ਵਿਚ ਇਕ ਗੁਰਦੁਆਰਾ ਸਾਹਿਬ ਵਿਚ ਮੌਜੂਦ ਹੈ। ਜਦੋਂ ਅੰਮ੍ਰਿਤਪਾਲ ਸਿੰਘ ਨੂੰ ਪਤਾ ਲੱਗਾ ਕਿ ਉਹ ਚਾਰੇ ਪਾਸਿਓਂ ਘਿਰ ਗਿਆ ਹੈ ਤੇ ਉਸ ਕੋਲੋਂ ਬਚਣ ਦਾ ਕੋਈ ਤਰੀਕਾ ਨਹੀਂ ਹੈ ਤਾਂ ਉਸ ਨੇ ਸਰੰਡਰ ਕੀਤਾ।
ਵੀਡੀਓ ਲਈ ਕਲਿੱਕ ਕਰੋ -: