IMD issues alert: ਨਵੀਂ ਦਿੱਲੀ: ਦੇਸ਼ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਪੈਣ ਲੱਗੀ ਹੈ । ਉੱਤਰੀ-ਮੱਧ ਭਾਰਤ ਸਥਿਤ ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਯੂਪੀ, ਮਹਾਂਰਾਸ਼ਟਰ, ਤੇਲੰਗਾਨਾ, ਛੱਤੀਸਗੜ੍ਹ ਸਮੇਤ ਦੇਸ਼ ਦੇ 9 ਸੂਬਿਆਂ ਵਿੱਚ ਜ਼ਬਰਦਸਤ ਲੂ ਚੱਲ ਰਹੀ ਹੈ । ਜਿਸ ਕਾਰਨ ਜ਼ਿਆਦਾਤਰ ਇਲਾਕਿਆਂ ਵਿੱਚ ਦਿਨ ਦਾ ਵੱਧ ਤੋਂ ਵੱਧ ਤਾਪਮਾਨ 40 ਤੋਂ 46 ਡਿਗਰੀ ਦੇ ਆਸਪਾਸ ਦਰਜ ਕੀਤਾ ਜਾ ਰਿਹਾ ਹੈ । ਇਸ ਸਬੰਧੀ ਆਈਐੱਮਡੀ ਦੇ ਮੌਸਮ ਵਿਗਿਆਨੀ ਡਾ. ਐੱਨ ਕੁਮਾਰ ਨੇ ਦੱਸਿਆ ਕਿ ਪੰਜਾਬ, ਹਰਿਆਣਾ, ਦੱਖਣੀ ਯੂਪੀ, ਮੱਧ ਪ੍ਰਦੇਸ਼, ਰਾਜਸਥਾਨ, ਤੇਲੰਗਾਨਾ ਤੇ ਤੱਟੀ ਆਂਧਰਾ ਪ੍ਰਦੇਸ਼ ‘ਚ ਤਾਪਮਾਨ ਵਿੱਚ ਵਾਧਾ ਜਾਰੀ ਰਹੇਗਾ । ਅਗਲੇ 5 ਦਿਨਾਂ ਵਿੱਚ ਇਨ੍ਹਾਂ ਖੇਤਰਾਂ ਵਿੱਚ ਹੀਟ ਵੇਵ ਯਾਨੀ ਕਿ ਲੂ ਕਾਫ਼ੀ ਖ਼ਤਰਨਾਕ ਹੋ ਸਕਦੀ ਹੈ ।
ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਦਿੱਲੀ, ਰਾਜਸਥਾਨ, ਹਰਿਆਣਾ, ਪੰਜਾਬ ਤੇ ਮਹਾਰਾਸ਼ਟਰ ਦੇ ਵਿਦਰਭ ਖੇਤਰ ਲਈ ਲੂ ਚੱਲਣ ਦਾ ਔਰੇਂਜ ਅਲਰਟ ਜਾਰੀ ਕੀਤਾ ਹੈ । ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਛੱਤੀਸਗੜ੍ਹ, ਓਡੀਸ਼ਾ, ਆਂਧਰ ਪ੍ਰਦੇਸ਼ ਤੇ ਤੇਲੰਗਾਨਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ ।
ਮੌਸਮ ਵਿਭਾਗ ਅਨੁਸਾਰ ਉੱਤਰੀ-ਮੱਧ ਭਾਰਤ ਵਿੱਚ ਬਾਰਿਸ਼ ਦੀ ਸੰਭਾਵਨਾ ਬੇਹੱਦ ਘੱਟ ਹੈ । ਮੌਸਮ ਵਿਭਾਗ ਅਨੁਸਾਰ ਦਿੱਲੀ, ਹਰਿਆਣਾ, ਗੁਜਰਾਤ, ਦੱਖਣੀ-ਪੱਛਮੀ ਯੂਪੀ, ਮੱਧ ਪ੍ਰਦੇਸ਼, ਤੇਲੰਗਾਨਾ, ਵਿਦਰਭ, ਆਂਧਰ ਪ੍ਰਦੇਸ਼, ਉੱਤਰੀ-ਮੱਧ ਮਹਾਂਰਾਸ਼ਟਰ ਤੇ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਭਿਆਨਕ ਗਰਮੀ ਦਾ ਪ੍ਰਕੋਪ ਜਾਰੀ ਰਹੇਗਾ ।
IMD ਨੇ ਜੰਮੂ-ਕਸ਼ਮੀਰ, ਗਿਲਗਿਤ-ਬਾਲਤਿਸਤਾਨ ਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਪੂਰਬੀ-ਉੱਤਰ ਦੇ ਸੂਬਿਆਂ ਵਿੱਚ ਬਾਰਿਸ਼ ਦਾ ਅਨੁਮਾਨ ਲਗਾਇਆ ਹੈ। ਇਸ ਤੋਂ ਇਲਾਵਾ ਪੰਜਾਬ ਤੇ ਉੱਤਰਾਖੰਡ ਦੇ ਕੁਝ ਇਲਾਕਿਆਂ ਵਿੱਚ ਅਗਲੇ 24 ਘੰਟਿਆਂ ਦੌਰਾਨ ਮਾਮੂਲੀ ਬਾਰਿਸ਼ ਦੇਖਣ ਨੂੰ ਮਿਲ ਸਕਦੀ ਹੈ । ਦੱਸ ਦੇਈਏ ਕਿ ਗਰਮੀ ਨਾਲ ਦੇਸ਼ ਦੇ ਕਈ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹਨ । ਦਿੱਲੀ, ਮੱਧ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਆਂਧਰਾ ਪ੍ਰਦੇਸ਼, ਹਰਿਆਣਾ, ਰਾਜਸਥਾਨ ਵਿੱਚ ਲੂ ਚੱਲ ਰਹੀ ਹੈ ।