ਪੰਜਾਬ ਵਿੱਚ ਐਤਵਾਰ ਰਾਤ ਤੋਂ ਪੈ ਰਹੇ ਮੀਂਹ ਨੇ ਜਿੱਥੇ ਇੱਕ ਪਾਸੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ, ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ । ਮੌਸਮ ਵਿਭਾਗ ਵੱਲੋਂ ਮੀਂਹ ਦੇ ਨਾਲ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਜਤਾਈ ਗਈ ਹੈ । ਮੌਸਮ ਵਿਭਾਗ ਨੇ ਯੈਲੋ ਅਲਰਟ ਵਾਲੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਲੋੜ ਪੈਣ ‘ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ। ਐਤਵਾਰ ਰਾਤ ਤੋਂ ਪੈ ਰਹੇ ਮੀਂਹ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਵਿੱਚ 8 ਤੋਂ 10 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 30.7 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ ਪੰਚਕੂਲਾ ਵਿੱਚ 30.6 ਡਿਗਰੀ ਅਤੇ ਮੋਹਾਲੀ ਵਿੱਚ 30 ਡਿਗਰੀ ਤਾਪਮਾਨ ਦਰਜ ਕੀਤਾ ਗਿਆ । ਮੌਸਮ ਵਿਭਾਗ ਨੇ ਪੱਛਮੀ ਮਾਲਵਾ ਨੂੰ ਛੱਡ ਕੇ ਮਾਝਾ, ਦੁਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ । ਵਿਭਾਗ ਨੇ ਜਾਰੀ ਬੁਲੇਟਿਨ ਵਿੱਚ ਕਿਹਾ ਕਿ ਮਾਝਾ, ਦੋਆਬਾ ਅਤੇ ਮਾਲਵੇ ਦੇ ਪੂਰਬੀ ਹਿੱਸੇ ਵਿੱਚ 40 ਤੋਂ 50 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜਨ ਦਾ ਕੀਤਾ ਐਲਾਨ
ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਕਮਜ਼ੋਰ ਪੱਛਮੀ ਗੜਬੜੀ ਉੱਤਰੀ ਪਹਾੜੀ ਖੇਤਰਾਂ ਵਿੱਚ ਦਾਖਲ ਹੋਣ ਕਾਰਨ ਪੱਛਮੀ ਰਾਜਸਥਾਨ ਅਤੇ ਪੂਰਬੀ ਪਾਕਿਸਤਾਨ ਦੇ ਉੱਪਰ ਇੱਕ ਪ੍ਰੇਰਕ ਚੱਕਰਵਾਤ ਸਰਕੂਲੇਸ਼ਨ ਬਣ ਗਈ ਹੈ, ਜਿਸ ਕਾਰਨ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਆਸ-ਪਾਸ ਦੇ ਰਾਜਾਂ ਵਿੱਚ ਹਨੇਰੀ ਅਤੇ ਹਲਕੀ ਬਾਰਿਸ਼ ਹੋਣ ਦੀਆਂ ਗਤੀਵਿਧੀਆਂ ਦੇਖੀਆਂ ਗਈਆਂ ਹਨ ।
ਵੀਡੀਓ ਲਈ ਕਲਿੱਕ ਕਰੋ -: