Important decisions taken by SGPC : ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਯਾਦਗਾਰੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਪੁਰਾਤਨ ਪੁਸਤਕਾਂ ਨੂੰ ਪੁਨਰ ਪ੍ਰਕਾਸ਼ਤ ਕੀਤਾ ਜਾਵੇਗਾ। ਬੱਚਿਆਂ ਲਈ ਸਚਿੱਤਰ ਕਿਤਾਬਾਂ ਤਿਆਰ ਕੀਤੀਆਂ ਜਾਣਗੀਆਂ, ਜਿਨ੍ਹਾਂ ਵਿਚ ਇਤਿਹਾਸਕ ਤਸਵੀਰਾਂ ਦੇ ਨਾਲ-ਨਾਲ ਇਤਿਹਾਸ ਦਰਜ਼ ਹੋਵੇਗਾ। ਇਸ ਤੋਂ ਇਲਾਵਾ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯਾਦਗਾਰੀ ਡਾਇਰੀ ਛਾਪੀ ਜਾਵੇਗੀ। ਇਸ ਡਾਇਰੀ ਵਿਚ ਗੁਰੂ ਸਾਹਿਬ ਨਾਲ ਸਬੰਧਤ ਇਤਿਹਾਸਕ ਅਸਥਾਨਾਂ ਦੀਆਂ ਤਸਵੀਰਾਂ ਅਤੇ ਇਤਿਹਾਸਕ ਘਟਨਾਵਾਂ ਦਰਜ ਕੀਤੀਆਂ ਜਾਣਗੀਆਂ।
ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਲਿਆ ਗਿਆ। ਮੀਟਿੰਗ ਦੌਰਾਨ ਕੰਪਿਊਟਰ ਟਾਈਪਿੰਗ ਲਈ ਇਕ ਗੁਰਮੁੱਖੀ ਫੌਂਟ ਤਿਆਰ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਬੀਬੀ ਜਗੀਰ ਕੌਰ ਨੇ ਭਾਰਤ ਸਰਕਾਰ ਤੋਂ ਨੌਵੇਂ ਪਾਤਸ਼ਾਹ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਡਾਕ ਟਿਕਟ, ਸਿੱਕਾ ਅਤੇ ਚਿੱਠੀ ਪੱਤਰ ਲਈ ਯਾਦਗਾਰੀ ਲਿਫਾਫਾ ਜਾਰੀ ਕਰਨ ਦੀ ਮੰਗ ਕੀਤੀ। ਉਨ੍ਹਾਂ ਉੜੀਸਾ ਦੇ ਮੁੱਖ ਮੰਤਰੀ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਵੀ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ‘ਗਗਨ ਮੈ ਥਾਲੁ’ ਵਾਲੇ ਸ਼ਬਦ ਨੂੰ ਜਗਨਨਾਥ ਪੁਰੀ ਦੇ ਚੌਂਕ ਵਿਚ ਇਕ ਮਿਨਾਰ ਸਥਾਪਿਤ ਕਰਕੇ ਰੂਪਮਾਨ ਕੀਤਾ ਜਾਵੇ, ਜਿਸ ਵਿਚ ਗੁਰੂ ਸਾਹਿਬ ਦੇ ਇਸ ਪਾਵਨ ਸ਼ਬਦ ਦੀ ਧੁਨ ਪੰਜਾਬੀ ਦੇ ਨਾਲ-ਨਾਲ ਕੌਮੀ ਅਤੇ ਸਥਾਨਕ ਭਾਸ਼ਾ ਵਿਚ ਹੋਵੇ।
ਸ਼੍ਰੋਮਣੀ ਕਮੇਟੀ ਨੇ 100 ਸਾਲਾ ਇਤਿਹਾਸ ਨੂੰ ਸੰਕਲਿਤ ਕਰਨ ਦਾ ਫੈਸਲਾ ਵੀ ਕੀਤਾ ਹੈ। ਇਸ ਤੋਂ ਪਹਿਲਾਂ ਪੰਜਾਹ ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤਾ ਜਾ ਰਿਹਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਹ ਇਤਿਹਾਸਕ ਪੁਸਤਕਾਂ ਸ਼੍ਰੋਮਣੀ ਕਮੇਟੀ ਦੀ ਵੈੱਬਸਟਾਈਟ ‘ਤੇ ਛੇਤੀ ਹੀ ਉਪਲਬਧ ਹੋਣਗੀਆਂ। ਨੌਜਵਾਨਾਂ ਵਿੱਚ ਪ੍ਰੇਰਣਾ ਪੈਦਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਲਦ ਹੀ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਿਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਯੋਗਦਾਨ ਪਾਇਆ ਹੈ, ਦੀਆਂ ਡਾਕੂਮੈਂਟਰੀ ਮੁਲਾਕਾਤਾਂ ਰਿਕਾਰਡ ਕੀਤੀਆਂ ਜਾਣਗੀਆਂ।