In Fazilka one death due to corona : ਕੋਰੋਨਾ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਇਸ ਦੇ ਮਾਮਲਿਆਂ ’ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਤਾਜ਼ਾ ਸਾਹਮਣੇ ਆਏ ਮਾਮਲਿਆਂ ਵਿਚ ਫਾਜ਼ਿਲਕਾ ਜ਼ਿਲੇ ਤੋਂ ਕੋਰੋਨਾ ਨਾਲ ਇਕ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ, ਉਥੇ ਹੀ 27 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਬੂਰ ਵਾਲਾ ਵਾਸੀ 19 ਸਾਲਾ ਔਰਤ ਵਿਧਾਨ ਸਭਾ ਹਲਕਾ ਜਲਾਲਾਬਾਦ ਖੇਤਰ ਦੇ ਪਿੰਡ ਕੱਟਿਆਂਵਾਲੀ ਵਿਖੇ ਵਿਆਹੀ ਹੋਈ ਸੀ ਅਤੇ ਹੁਣ ਪੇਕੇ ਪਿੰਡ ਰਹਿ ਰਹੀ ਸੀ । ਉਸਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ ਸੀ ।
ਇੱਥੇ ਉਸ ਦੇ ਖੂਨ ਦਾ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਜਾਂਚ ਲਈ ਭੇਜਿਆ ਗਿਆ ਸੀ। ਕੱਲ੍ਹ 15 ਜੁਲਾਈ ਦੀ ਸ਼ਾਮ ਨੂੰ ਉਸਦੀ ਮੌਤ ਹੋ ਗਈ । ਕੱਲ੍ਹ ਸ਼ਾਮ ਨੂੰ ਹੀ ਸ਼ੱਕੀ ਮਰੀਜਾਂ ਦੀ ਆਈ ਮੈਡੀਕਲ ਰਿਪੋਰਟ ਵਿੱਚ ਕੋਰੋਨਾ ਵਾਇਰਸ ਤੋਂ ਪੀੜਤ ਪਾਈ ਗਈ । ਸਿਵਲ ਸਰਜਨ ਫਾਜ਼ਿਲਕਾ ਅਨੁਸਾਰ ਸਿਹਤ ਵਿਭਾਗ ਵੱਲੋਂ ਇਸ ਮਰੀਜ਼ ਦੇ ਸੰਪਰਕ ਵਿੱਚ ਆਏ ਰਿਸ਼ਤੇਦਾਰਾਂ ਅਤੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਸੈਂਪਲ ਲਏ ਜਾ ਰਹੇ ਹਨ। ਦੱਸਣਯੋਗ ਹੈ ਕਿ ਫਾਜ਼ਿਲਕਾ ਵਿਚ ਕੋਰੋਨਾ ਨਾਲ ਹੋਣ ਵਾਲੀ ਇਹ ਦੂਜੀ ਮੌਤ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਨਵੇਂ ਮਾਮਲਿਆਂ ਵਿਚੋਂ 7 ਮਰੀਜ਼ ਜਲਾਲਾਬਾਦ ਨਾਲ ਸਬੰਧਤ ਹਨ ਅਤੇ ਕੁਝ ਮਰੀਜ਼ਾਂ ਦੀ ਟ੍ਰੈਵਲ ਹਿਸਟਰੀ ਦੂਜੇ ਸੂਬਿਆਂ ਦੀ ਹੈ। ਇਨ੍ਹਾਂ ਪਾਜ਼ੀਟਿਵ ਮਰੀਜ਼ਾਂ ਨੂੰ ਹਸਪਤਾਲ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕੋਰੋਨਾ ਦੇ ਇਹ ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਜ਼ਿਲੇ ਵਿਚ ਕੁਲ ਪੀੜਤਾਂ ਦੀ ਗਿਣਤੀ 141 ਹੋ ਗਈ ਹੈ, ਜਿਨ੍ਹਾਂ ਵਿਚੋਂ 102 ਲੋਕ ਟੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਥੇ ਹੀ ਜ਼ਿਲੇ ਵਿਚ ਹੁਣ 89 ਸਰਗਰਮ ਮਾਮਲੇ ਹਨ, ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।
ਸਿਵਲ ਸਰਜਨ ਡਾ. ਜੁਗਲ ਕੁਸ਼ੋਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਮਿਲੇ ਮਰੀਜ਼ਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸਿਹਤ ਵਿਭਾਗ ਵੱਲੋਂ ਸੂਚੀ ਬਣਾਈ ਜਾ ਰਹੀ ਹੈ ਅਤੇ ਉਨ੍ਹਾਂ ਦੀ ਟੈਸਟਿੰਗ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਬੀਤੇ ਦਿਨ ਵੀ ਜ਼ਿਲੇ ਵਿਚੋਂ 19 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ ਵਿਚ 6 ਬੀਐਸਐਫ ਦੇ ਜਵਾਨ ਵੀ ਸ਼ਾਮਲ ਸਨ।