In memory of martyrs of 1984 : ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1984 ਦੇ ਸਿੱਖ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਦੀ ਯਾਦ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਕੱਲ੍ਹ ਐਤਵਾਰ ਸਵੇਰੇ ਸਮਾਗਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਸ਼ਾਮ ਨੂੰ ਸੱਚ ਦੀ ਕੰਧ ’ਤੇ ਸ਼ਹੀਦਾਂ ਦੀਆਂ ਵਿਧਵਾਵਾਂ ਅਤੇ ਪਾਰਿਵਾਰਿਕ ਮੈਂਬਰਾ ਦੇ ਨਾਲ ਮਿਲਕੇ ਮੋਮਬੱਤੀਆਂ ਜਲਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਦੱਸਣਯੋਗ ਹੈ ਕਿ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰੱਖੇ ਗਏ ਹਨ, ਜਿਨ੍ਹਾਂ ਦਾ ਭੋਗ ਵੀ ਕੱਲ੍ਹ 1 ਨਵੰਬਰ ਨੂੰ ਐਤਵਾਰ ਸਵੇਰੇ 8:30 ਵਜੇ ਪਾਏ ਜਾਣਗੇ, ਉਪਰੰਤ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।
ਇਸ ਮੌਕੇ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਸ੍ਰੀ ਹਰਮੀਤ ਸਿੰਘ ਕਾਲਕਾ ਵਿਸ਼ੇਸ਼ ਤੌਰ ਤੇ ਪੁੱਜ ਕੇ ਸ਼ਹੀਦ ਹੋਏ ਸਿੱਖਾਂ ਨੂੰ ਸ਼ਰਧਾ ਦੇ ਫ਼ੁੱਲ ਭੇਂਟ ਕਰਨਗੇ। ਇਸ ਮੌਕੇ ਸ਼ਹੀਦਾਂ ਦੀ ਯਾਦ ਤਾਜ਼ਾ ਕਰਨ ਲਈ ਇਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ। ਇਸ ਤੋਂ ਬਾਅਦ ਸ਼ਾਮ ਨੂੰ ਪਰਿਵਾਰਾਂ ਦੀਆਂ ਵਿਧਵਾਵਾਂ ਅਤੇ ਹੋਰਨਾਂ ਮੈਂਬਰ ਸ਼ਾਮ ਨੂੰ 5 ਵਜੇ ਗੁਰਦੁਆਰਾ ਰਕਾਬ ਗੰਜ ਸਾਹਿਬ ਸੱਚ ਦੀ ਕੰਧ ਤੇ ਪੁੱਜਣਗੇ ਜਿਥੇ ਮੋਮਬੱਤੀਆਂ ਜਗਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ 1984 ਦੇ ਸਿੱਖ ਕਤਲੇਆਮ ਵਿੱਚ ਸਿੱਖਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ, ਜਿਸ ਵਿੱਚ ਬਜ਼ੁਰਗ, ਨੌਜਵਾਨ ਅਤੇ ਬੱਚੇ ਵੀ ਸ਼ਾਮਲ ਸਨ। ਇਨ੍ਹਾਂ ਦੰਗਿਆਂ ਵਿੱਚ 3000 ਤੋਂ ਵੱਧ ਮੌਤਾਂ ਹੋਈਆਂ ਸਨ। ਇਹ ਕਤਲੇਆਮ ਨਵੰਬਰ 1984 ਦੇ ਪਹਿਲੇ ਹਫ਼ਤੇ ਵਿੱਚ ਭਾਰਤ ਦੀ ਰਾਜਧਾਨੀ, ਨਵੀਂ ਦਿੱਲੀ ਅਤੇ ਭਾਰਤ ਦੇ ਹੋਰਨਾਂ ਹਿੱਸਿਆਂ ਵਿੱਚ ਕੀਤਾ ਗਿਆ ਸੀ। ਦੁਨੀਆ ਭਰ ਦੇ ਸਿੱਖਾਂ ਨੇ ਆਪਣੇ ਤਰੀਕੇ ਨਾਲ ਜਵਾਬ ਦਿੱਤਾ ਹੈ। ਉਹ ਅਜੇ ਵੀ ਨਿਆਂ ਲਈ ਲੜ ਰਹੇ ਹਨ। 1 ਨਵੰਬਰ ਨੂੰ ਸ਼ਾਮ 6 ਵਜੇ ਇਕ “ਇਕ ਮਿੰਟ ਦਾ ਮੌਨ” ਹਰ ਸਾਲ ਕੀਤਾ ਜਾਂਦਾ ਹੈ। ਇਸੇ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਂਦੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।