In Sangrur New Corona Case : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਵਧਣੇ ਸ਼ੁਰੂ ਹੋ ਗਏ ਹਨ। ਤਾਜ਼ਾ ਮਾਮਲੇ ਵਿਚ ਵਿਚ ਬਰਨਾਲਾ ਜ਼ਿਲੇ ਵਿਚ ਇਕ ਔਰਤ ਦੇ ਕੋਰੋਨਾ ਵਾਇਰਸ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਇਸ ਦੀ ਜਾਣਕਾਰੀ ਸਿਵਲ ਸਰਜਨ ਡਾ. ਗੁਰਿੰਦਰਵੀਰ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮਹਿਲ ਕਲਾਂ ਇਲਾਕੇ ਦੀ ਔਰਤ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਿਸ ਪੰਜਾਬ ਆਈ ਸੀ। ਉਸ ਨੂੰ ਸੰਗਰੂਰ ਦੇ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ’ਚ ਦਾਖਲ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਬਰਨਾਲਾ ਜ਼ਿਲੇ ਵਿਚ ਹੁਣ ਤੱਕ 1993 ਸੈਂਪਲ ਲਏ ਗਏ ਹਨ, ਜਿਸ ਵਿਚ 1888 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਇਨ੍ਹਾਂ ਵਿਚੋਂ ਹੀ 23 ਵਿਅਕਤੀਆਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦੋਂਕਿ 82 ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ। ਦੱਸਣਯੋਗ ਹੈ ਕਿ ਬਰਨਾਲਾ ਜ਼ਿਲੇ ਵਿਚ ਕੋਰੋਨਾ ਨਾਲ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ, ਜਦਕਿ ਹੁਣ ਤੱਕ 20 ਮਰੀਜ਼ ਕੋਰੋਨਾ ਵਾਇਰਸ ਨੂੰ ਮਾਤ ਦੇ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਦੱਸਣਯੋਗ ਹੈ ਕਿ ਅੱਜ ਵੀ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਥੇ ਪਠਾਨਕੋਟ ਤੋਂ ਮਹਾਰਾਸ਼ਟਰ ਤੋਂ ਪਰਤਿਆ ਇਕ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਅੰਮ੍ਰਿਤਸਰ ਜ਼ਿਲੇ ਤੋਂ ਵੀ ਕੋਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਤਿੰਨ ਮਾਮਲੇ ਪਹਿਲਾਂ ਤੋਂ ਹੀ ਪਾਜ਼ੀਟਿਵ ਆਏ ਵਿਅਕਤੀ ਦੇ ਸੰਪਰਕ ਵਾਲੇ ਅਤੇ ਇਕ ਗੁਜਰਾਤ ਤੋਂ ਆਏ ਵਿਅਕਤੀ ਨਾਲ ਸਬੰਧਤ ਹਨ। ਇਸ ਤੋਂ ਇਲਾਵਾ ਪਟਿਆਲਾ ਜ਼ਿਲੇ ’ਚੋਂ ਵੀ ਕੋਰੋਨਾ ਵਾਇਰਸ ਦੇ ਤਿੰਨ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਸੂਬੇ ਵਿਚ 40 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।