Instructions issued by SGPC : ਅੰਮ੍ਰਿਤਸਰ : ਕੋਵਿਡ -19 ਮਾਮਲਿਆਂ ਦੀ ਗਿਣਤੀ ਵਿਚ ਵਾਧੇ ਦੇ ਮੱਦੇਨਜ਼ਰ ਹੁਣ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਲਈ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ, ਜਿਸ ਵਿਚ ਮਾਸਕ ਪਹਿਨਣਾ, ਸਮਾਜਿਕ ਦੂਰੀਆਂ ਰੱਖਣਾ ਅਤੇ ਹੱਥਾਂ ਨੂੰ ਸੈਨੇਟਾਈਜ਼ ਕੀਤੇ ਜਾਣਾ ਸ਼ਾਮਲ ਹੈ। ਇਸ ਬਾਰੇ ਫੈਸਲਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦਰਮਿਆਨ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਐਸਡੀਐਮ ਵਿਕਾਸ ਹੀਰਾ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ। ਸ਼੍ਰੋਮਣੀ ਕਮੇਟੀ ਮੁਖੀ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ। “ਸ਼ਰਧਾਲੂਆਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ, ਸੈਨੇਟਾਈਜ਼ਰ ਦੀ ਵਰਤੋਂ ਕਰਨੀ ਚਾਹੀਦੀ ਹੈ, ਸਫਾਈ ਦੀ ਸੰਭਾਲ ਕਰਨੀ ਚਾਹੀਦੀ ਹੈ ਅਤੇ ਬਿਮਾਰੀ ਦੇ ਫੈਲਣ ਤੋਂ ਬਚਾਅ ਲਈ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ।”
ਐਸਜੀਪੀਸੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਅਸਥਾਨ ਅਤੇ ਇਸ ਦੇ ਆਸ ਪਾਸ ਜਾਣ ਵਾਲੀਆਂ ਸੜਕਾਂ ਦੀ ਸਫਾਈ ਨੂੰ ਯਕੀਨੀ ਬਣਾਉਣ। ਪ੍ਰਾਪਤ ਜਾਣਕਾਰੀ ਅਨੁਸਾਰ ਸਿਹਤ ਅਧਿਕਾਰੀ ਇਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕਰਨਗੇ। ਦੱਸਣਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਦੇ 2903 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਉਥੇ ਹੀ ਅੱਜ ਕੋਰੋਨਾ ਨਾਲ 57 ਲੋਕਾਂ ਦੀ ਮੌਤ ਹੋਈ, ਜਦਕਿ ਅੱਜ 2002 ਮਰੀਜ਼ਾਂ ਨੂੰ ਠੀਕ ਹੋਣ ’ਤੇ ਛੁੱਟੀ ਦੇ ਦਿੱਤੀ ਗਈ।