ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ। ਪਹਿਲਾਂ ਹੀ ਉਹ ਜੰਗਲਾਤ ਘਪਲੇ ਦੇ ਮਾਮਲੇ ਵਿੱਚ ਫਸੇ ਹੋਏ ਹਨ ਤੇ ਹੁਣ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਸਾਬਕਾ ਮੰਤਰੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਜਾਂਚ ‘ਚ ਉਸ ਦੀ ਆਮਦਨ ਜਾਣੂ ਸਰੋਤਾਂ ਤੋਂ ਕਰੀਬ 269 ਫੀਸਦੀ ਜ਼ਿਆਦਾ ਪਾਈ ਗਈ ਹੈ। ਪਿਛਲੇ ਸਾਲ ਜੂਨ ਵਿੱਚ ਵਿਜੀਲੈਂਸ ਨੇ ਧਰਮਸੋਤ ਅਤੇ ਉਸ ਦੇ ਦੋ ਸਾਥੀਆਂ ਨੂੰ ਖਹਿਰ ਦੇ ਦਰੱਖਤਾਂ ਦੀ ਕਟਾਈ ਲਈ ਪਰਮਿਟ ਜਾਰੀ ਕਰਨ ਅਤੇ ਰਿਸ਼ਵਤ ਲੈ ਕੇ ਸਰਕਾਰੀ ਅਧਿਕਾਰੀਆਂ ਦੇ ਤਬਾਦਲੇ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਸੀ।
ਕਰੀਬ ਤਿੰਨ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਹਾਈ ਕੋਰਟ ਨੇ 5 ਸਤੰਬਰ ਨੂੰ ਉਸ ਨੂੰ ਜ਼ਮਾਨਤ ਦੇ ਦਿੱਤੀ ਸੀ। ਸਾਬਕਾ ਮੰਤਰੀ ਨੂੰ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਵਿਜੀਲੈਂਸ ਬਿਊਰੋ ਨੇ ਸਾਬਕਾ ਜੰਗਲਾਤ ਮੰਤਰੀ ਧਰਮਸੋਤ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1)(ਬੀ), 13(2) ਤਹਿਤ ਐਫਆਈਆਰ ਦਰਜ ਕੀਤੀ ਸੀ। ਵਿਜੀਲੈਂਸ ਦੀ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਤਫ਼ਤੀਸ਼ ਸਮੇਂ ਦੌਰਾਨ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596 ਰੁਪਏ ਸੀ, ਜਦੋਂ ਕਿ ਖਰਚਾ 8,76,30,888 ਰੁਪਏ ਸੀ।
ਇਹ ਵੀ ਪੜ੍ਹੋ : ਡਰਾਈਵਿੰਗ ਕਰਦਿਆਂ ਨਾਬਾਲਗ ਫੜਿਆ, ਮਾਤਾ-ਪਿਤਾ ਨੂੰ 3 ਸਾਲ ਦੀ ਜੇਲ੍ਹ, ਕੋਰਟ ਨੇ ਠੋਕਿਆ 25,000 ਜੁਰਮਾਨਾ
ਸਾਬਕਾ ਮੰਤਰੀ ਦਾ ਖਰਚਾ ਉਨ੍ਹਾਂ ਦੀ ਆਮਦਨ ਦੇ ਜਾਣੂ ਸਰੋਤਾਂ ਤੋਂ 6,39,18,292 ਰੁਪਏ ਵੱਧ ਸੀ, ਜ ਰੀਬ 269 ਫੀਸਦੀ ਬਣਦਾ ਹੈ। ਸੂਤਰਾਂ ਨੇ ਜਾਣਕਾਰੀ ਦਿੱਤੀ ਹੈ ਕਿ ਧਰਮਸੋਤ ਦੀ ਹੋਰ ਜਾਇਦਾਦ ਦਾ ਪਤਾ ਲਾਉਣ ਲਈ ਵਿਜੀਲੈਂਸ ਦੀ ਟੀਮ ਜੁਟੀ ਹੋਈ ਹੈ। ਧਰਮਸੋਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸਨ, ਜਿਨ੍ਹਾਂ ਨੂੰ ਚਰਨਜੀਤ ਸਿੰਘ ਚੰਨੀ ਕੈਬਨਿਟ ਤੋਂ ਹਟਾ ਦਿੱਤਾ ਗਿਆ ਸੀ।
ਧਰਮਸੋਤ ਖ਼ਿਲਾਫ਼ ਵਜ਼ੀਫ਼ਾ ਘਪਲੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਘਪਲਾ 60 ਕਰੋੜ ਤੋਂ ਵੱਧ ਦਾ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਐਲਾਨ ਕੀਤਾ ਸੀ ਕਿ ਵਜ਼ੀਫਾ ਘੁਟਾਲੇ ਦੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ ਅਤੇ ਉਨ੍ਹਾਂ ਤੋਂ ਇਕ-ਇਕ ਪੈਸਾ ਵਸੂਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: