ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਤਰ ਵਿਚ ਮੌਤ ਦੀ ਸਜ਼ਾ ਪਾਉਣ ਵਾਲੇ 8 ਭਾਰਤੀਆਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ। ਜ਼ਿਕਰਯੋਗ ਹੈ ਕਿ ਨੇਵੀ ਦੇ 8 ਸਾਬਕਾ ਮੁਲਾਜ਼ਮ ਲੰਬੇ ਸਮੇਂ ਤੋਂ ਕਤਰ ਦੀ ਜੇਲ੍ਹ ਵਿਚ ਬੰਦ ਹਨ। ਹੁਣੇ ਜਿਹੇ ਕਤਰ ਦੀ ਇਕ ਅਦਾਲਤ ਨੇ ਉਨ੍ਹਾਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਜੈਸ਼ੰਕਰ ਨੇ ਸਾਬਕਾ ਨੇਵੀ ਦੇ ਪਰਿਵਾਰ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਦੀ ਸਰਕਾਰ ਭਾਰਤੀਆਂ ਨੂੰ ਵਾਪਸ ਲਿਆਉਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਅੱਜ ਸਵੇਰੇ ਹੀ ਕਤਰ ਵਿਚ ਬੰਦ 8 ਭਾਰਤੀਆਂ ਦੇ ਪਰਿਵਾਰ ਵਾਲਿਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆਕਿ ਸਰਕਾਰ ਇਸ ਮਾਮਲੇ ਨੂੰ ਸਭ ਤੋਂ ਜ਼ਿਆਦਾ ਪਹਿਲ ਦੇ ਰਹੀ ਹੈ। ਅਸੀਂ ਉਨ੍ਹਾਂ ਦੇ ਪਰਿਵਾਰਾਂ ਦੀ ਚਿੰਤਾ ਤੇ ਦਰਦ ਸਾਂਝਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸਪੱਸ਼ਟ ਕੀਤਾ ਕਿ ਸਰਕਾਰ ਉਨ੍ਹਾਂ ਨੂੰ ਛੁਡਾਉਣ ਲਈ ਸਭ ਕੁਝ ਕਰ ਰਹੀ ਹੈ। ਅਸੀਂ ਇਸ ਮਾਮਲੇ ਵਿਚ ਪਰਿਵਾਰਾਂ ਨਾਲ ਸੰਪਰਕ ਵਿਚ ਰਹਿਣਾ ਜਾਰੀ ਰੱਖਾਂਗੇ।
ਇਹ ਵੀ ਪੜ੍ਹੋ : ਗੂਗਲ ਮੈਪਸ ‘ਤੇ ਬਦਲਿਆ ਦੇਸ਼ ਨਾਂ, ਸਰਚ ਕਰਨ ‘ਤੇ ਤਿਰੰਗੇ ਨਾਲ ਦਿਸ ਰਿਹਾ ‘ਭਾਰਤ’!
ਨਿੱਜੀ ਕੰਪਨੀ ਅਲਦਹਿਰਾ ਨਾਲ ਕੰਮ ਕਰਨ ਵਾਲੇ ਇਨ੍ਹਾਂ ਭਾਰਤੀ ਨਾਗਰਿਕਾਂ ਨੂੰ ਕਥਿਤ ਤੌਰ ‘ਤੇ ਜਾਸੂਸੀ ਦੇ ਮਾਮਲੇ ਵਿਚ ਪਿਛਲੇ ਸਾਲ ਅਗਸਤ ਵਿਚ ਗ੍ਰਿਫਤਾਰ ਕੀਤਾ ਗਿਆ ਸੀ। ਕਤਰ ਵੱਲੋਂ ਹੁਣ ਤੱਕ ਉਨ੍ਹਾਂ ‘ਤੇ ਲੱਗੇ ਦੋਸ਼ਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਹਾਲਾਂਕਿ ਕੁਝ ਰਿਪੋਰਟਾਂ ਵਿਚ ਦਾਅਵਾ ਹੋਇਆ ਹੈ ਕਿ ਇਨ੍ਹਾਂ ਲੋਕਾਂ ਨੂੰ ਜਾਸੂਸੀ ਕਰਨ ਦੇ ਦੋਸ਼ ਵਿਚ ਫੜਿਆ ਗਿਆ। ਕਤਰ ਕੋਰਟ ਦੇ ਇਸ ਫੈਸਲੇ ‘ਤੇ ਭਾਰਤ ਨੇ ਨਾਰਾਜ਼ਗੀ ਜਤਾਉਂਦੇ ਹੋਏ ਉਸ ਨੂੰ ਡੂੰਘਾ ਝਟਕਾ ਦੱਸਿਆ ਸੀ ਤੇ ਮਾਮਲੇ ਵਿਚ ਸਾਰੇ ਕਾਨੂੰਨੀ ਤਰੀਕੇ ਅਜਮਾਉਣ ਦੀ ਗੱਲ ਕਹੀ ਸੀ।