Kapurthala District Magistrate : ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ, ਜਿਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਾਬੰਦੀਆਂ ਲਗਾਉਣ ਦੇ ਅਧਿਕਾਰ ਦੇ ਦਿੱਤੇ ਹਨ, ਜਿਸ ਦੇ ਚੱਲਦਿਆਂ ਅੱਜ ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਪਹਿਲਾਂ ਹੀ ਨਾਈਟ ਕਰਫਿਊ ਦਾ ਐਲਾਨ ਕੀਤਾ ਜਾ ਚੁੱਕਾ ਹੈ ਤੇ ਹੁਣ ਕਪੂਰਥਲਾ ਤੇ ਹੁਸ਼ਿਆਰਪੁਰ ਵਿੱਚ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਬਾਹਰ ਨਿਕਲਣ ‘ਤੇ ਪਾਬੰਦੀਆਂ ਲਗਾ ਦਿੱਤੀਆਂ ਹਨ।
ਇਸ ਸੰਬੰਧੀ ਕਪੂਰਥਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਿਆਮ ਥੋਰੀ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਸ ਦੇ ਚੱਲਦਿਆਂ ਰਾਤ ਕਪੂਰਥਲਾ ਜ਼ਿਲ੍ਹੇ ਵਿੱਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਬਾਹਰ ਨਿਕਲਣ ‘ਤੇ ਪਾਬੰਦੀ ਰਹੇਗੀ। ਹਾਲਾਂਕਿ ਇਹ ਹੁਕਮ 24 ਘੰਟੇ ਦੀ ਸ਼ਿਫਟ ਲਗਾਉਣ ਵਾਲੇ ਫੈਕਟਰੀਆਂ ਤੇ ਸਟਾਫ ਲੇਬਰ ਜਾਂ ਮੈਡੀਕਲ ਐਮਰਜੈਂਸੀ, ਨੈਸ਼ਨਲ ਹਾਈਵੇ ‘ਤੇ ਆਵਾਜਾਈ, ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ ਰਾਹੀਂ ਯਾਤਰਾ ਕਰ ਕੇ ਵਾਪਿਸ ਆ ਰਹੇ ਵਿਅਕਤੀਆਂ ਉੱਪਰ ਲਾਗੂ ਨਹੀਂ ਹੋਣਗੇ। ਇਸ ਦੇ ਨਾਲ ਹੀ ਹੁਸ਼ਿਆਰਪੁਰ ਦੀ ਡੀਸੀ ਡਾ. ਸ਼ਾਇਨਾ ਅਗਰਵਾਲ ਵੱਲੋਂ ਵੀ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪੰਜਾਬ ਵਿੱਚ ਰੋਜ਼ਾਨਾ ਸਰਗਰਮ ਮਾਮਲਿਆਂ ਵਿੱਚ 671 ਦਾ ਵਾਧਾ ਹੋਇਆ ਹੈ, ਜਦੋਂ ਕਿ ਰੋਜ਼ਾਨਾ ਮੌਤਾਂ ਦੀ ਗਿਣਤੀ ਵਿੱਚ 15 ਦਾ ਵਾਧਾ ਹੋਇਆ ਹੈ। ਮਹਾਰਾਸ਼ਟਰ ਤੋਂ ਬਾਅਦ ਪੰਜਾਬ ਵਿੱਚ ਰੋਜ਼ਾਨਾ ਵਾਧਾ ਹੋਣ ਦੇ ਅਤੇ ਮੌਤਾਂ ਹੋਣ ਦੇ ਅੰਕੜੇ ਦੇਸ਼ ਵਿੱਚ ਸਭ ਤੋਂ ਵੱਧ ਹਨ। ਪੰਜਾਬ ਦੇ ਪੰਜ ਜ਼ਿਲ੍ਹਿਆਂ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਐਸਏਐਸ ਨਗਰ ਤੇ ਲੁਧਿਆਣਾ ਵਿੱਚ ਰੋਜ਼ਾਨਾ ਵੱਧ ਤੋਂ ਵੱਧ ਕੇਸ ਵੇਖੇ ਗਏ ਹਨ।