ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹੂੰਝਾਫੇਰ ਜਿੱਤ ਮਗਰੋਂ ਭਗਵੰਤ ਮਾਨ ਵੱਲੋਂ ਸੰਗਰੂਰ ਲੋਕ ਸਭਾ ਸੀਟ ਖਾਲੀ ਕਰ ਦਿੱਤੀ ਗਈ ਹੈ। ਇਸ ਵਿਚਕਾਰ ਵੱਡੀ ਖ਼ਬਰ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਕਰਮਜੀਤ ਅਨਮੋਲ ਨੂੰ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਵਿੱਚ ਇਕੱਠੇ ਦੋਵਾਂ ਅਹੁਦਿਆਂ ’ਤੇ ਨਹੀਂ ਰਹਿ ਸਕਦਾ ਹੈ। ਜਿਸ ਕਾਰਨ ਭਗਵੰਤ ਮਾਨ ਨੇ ਲੋਕ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਰਮਜੀਤ ਅਨਮੋਲ ਭਗਵੰਤ ਦੇ ਬਹੁਤ ਹੀ ਕਰੀਬੀ ਦੋਸਤ ਹਨ। ਚੋਣਾਂ ਦੇ ਪ੍ਰਚਾਰ ਦੇ ਸਮੇਂ ਵੀ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਦੇ ਹੱਕ ਵਿੱਚ ਬਹੁਤ ਪ੍ਰਚਾਰ ਕੀਤਾ ਸੀ।
ਗੌਰਤਲਬ ਹੈ ਕਿ ਭਗਵੰਤ ਮਾਨ 16 ਮਾਰਚ ਨੂੰ ਦੁਪਹਿਰ 12.30 ਵਜੇ ਖਟਕੜ ਕਲਾਂ ਵਿਖੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ । ਇਸ ਸਹੁੰ ਚੁੱਕ ਸਮਾਗਮ ਲਈ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਹੈ। ਪੰਜਾਬੀਆਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਭਗਵੰਤ ਮਾਨ ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਹੈ। ਭਗਵੰਤ ਮਾਨ ਨੇ ਇਸ ਵੀਡੀਓ ਸੰਦੇਸ਼ ਵਿੱਚ ਕਿਹਾ ਕਿ ਆਉ ਅਸੀਂ ਸਾਰੇ ਰਲ ਕੇ ਸ਼ਹੀਦ ਭਗਤ ਸਿੰਘ ਜੀ ਦੇ ਸੁਪਨਿਆਂ ਦਾ ਪੰਜਾਬ ਬਣਾਈਏ।
ਇਹ ਵੀ ਪੜ੍ਹੋ: ਕੈਨੇਡਾ ਦੇ ਟੋਰਾਂਟੋ ‘ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਭਾਰਤੀ ਵਿਦਿਆਰਥੀਆਂ ਦੀ ਮੌਤ, 2 ਜ਼ਖਮੀ
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਮੈਂ ਤੁਹਾਨੂੰ ਸਾਰਿਆਂ ਨੂੰ 16 ਮਾਰਚ ਦਿਨ ਬੁੱਧਵਾਰ ਨੂੰ ਖਟਕੜ ਕਲਾਂ ਵਿਖੇ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਸੱਦਾ ਦਿੰਦਾ ਹਾਂ। ਮੈਂ ਲੋਕਾਂ ਨੂੰ 16 ਮਾਰਚ ਨੂੰ ਖਟਕੜ ਕਲਾਂ ਪਹੁੰਚਣ ਦੀ ਅਪੀਲ ਕਰਦਾ ਹਾਂ। ਮੈਂ ਆਪਣੇ ਭਰਾਵਾਂ ਨੂੰ ਉਸ ਦਿਨ ਪੀਲੀ ਪੱਗ ਬੰਨ੍ਹਣ ਅਤੇ ਭੈਣਾਂ ਨੂੰ ਪੀਲੀ ਚੁੰਨੀ ਲੈ ਕੇ ਆਉਣ ਦੀ ਬੇਨਤੀ ਕਰਦਾ ਹਾਂ। ਅਸੀਂ ਉਸ ਦਿਨ ਖਟਕੜ ਕਲਾਂ ਨੂੰ ‘ਬਸੰਤੀ ਰੰਗ’ ਵਿੱਚ ਰੰਗਾਂਗੇ।
ਵੀਡੀਓ ਲਈ ਕਲਿੱਕ ਕਰੋ -: