ਸ਼ਨੀਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਸ਼੍ਰੀ ਗੁਰੂ ਰਵਿਦਾਸ ਬਾਣੀ ਸਟੱਡੀ ਸੈਂਟਰ ਦਾ ਉਦਘਾਟਨ ਕਰਨ ਸੀ.ਐੱਮ. ਮਾਨ ਨਾਲ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਉਨ੍ਹਾਂ ਦੀ ਪਹਿਲ ਹੈ।
ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ‘ਚ ਕੁਝ ਲੋਕਾਂ ਨੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਪਰ ਅਸੀਂ ਇਸ ਨੂੰ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦੇਵਾਂਗੇ। ਉਨ੍ਹਾਂ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਕਈ ਵਾਰ ਸਖ਼ਤ ਫ਼ੈਸਲੇ ਲੈਣੇ ਪੈਂਦੇ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਸਖ਼ਤ ਫ਼ੈਸਲੇ ਲੈਣ ਦੇ ਸਮਰੱਥ ਹੈ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸਥਿਤੀ ਨੂੰ ਬਹੁਤ ਵਧੀਆ ਢੰਗ ਨਾਲ ਸੰਭਾਲਿਆ ਅਤੇ ਇੱਕ ਵੀ ਗੋਲੀ ਚਲਾਏ ਜਾਂ ਕੋਈ ਖੂਨ ਵਹਾਏ ਬਿਨਾਂ ਪੂਰੀ ਸਥਿਤੀ ਨੂੰ ਕਾਬੂ ਵਿੱਚ ਕਰ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਫਿਰਕੂ ਸਦਭਾਵਨਾ ਅਤੇ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਅੱਜ ਡਰ ਦੇ ਮਾਰੇ ਭੱਜ ਰਹੇ ਹਨ।
ਕੇਜਰੀਵਾਲ ਨੇ ਅੱਗੇ ਕਿਹਾ ਕਿ ਮਾਹੌਲ ਨੂੰ ਖਰਾਬ ਕਰਨ ਵਾਲੇ ਜਾਂ ਨਸ਼ੇ ਵੇਚਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜਦੋਂ 3 ਕਰੋੜ ਪੰਜਾਬੀ ਸਰਕਾਰ ਦੇ ਨਾਲ ਹੋਣਗੇ ਤਾਂ ਕਿਸੇ ਵੀ ਨਸ਼ਾ ਤਸਕਰੀ ਦੀ ਹਿੰਮਤ ਨਹੀਂ ਹੋਵੇਗੀ ਨਸ਼ਾ ਵੇਚਣ ਦੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਮਨ ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ ਕਿਉਂਕਿ ਪਿਛਲੀਆਂ ਸਰਕਾਰਾਂ ਦੌਰਾਨ ਉਨ੍ਹਾਂ ਦੇ ਵਿਧਾਇਕ ਅਤੇ ਮੰਤਰੀ ਗੈਂਗਸਟਰਾਂ, ਮਾਫੀਆ ਅਤੇ ਅਪਰਾਧੀਆਂ ਨਾਲ ਜੁੜੇ ਹੋਏ ਸਨ। ਪਰ ‘ਆਪ’ ਸਰਕਾਰ ਕੋਲ ਅਜਿਹੀ ਸੈਟਿੰਗ ਨਹੀਂ ਹੈ, ਜਿਸ ਕਰਕੇ ਅੱਜ ਗੈਂਗਸਟਰਾਂ ਅਤੇ ਮਾਫੀਆ ਨੂੰ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਇਸ਼ਕ ‘ਚ ਅੰਨ੍ਹੀ ਹੋਈ ਕਲਯੁੱਗੀ ਮਾਂ, ਆਸ਼ਿਕ ਨਾਲ ਮਿਲ ਕੇ ਢਿੱਡ ਦੇ ਜਾਏ ਉਤਾਰੇ ਮੌਤ ਦੇ ਘਾਟ
ਕੇਜਰੀਵਾਲ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਰਾਹੀਂ ਗੁਰੂ ਰਵਿਦਾਸ ਜੀ ਦੀ ਪਵਿੱਤਰ ਬਾਣੀ ਨੂੰ ਪੰਜਾਬ ਅਤੇ ਪੂਰੀ ਦੁਨੀਆ ਦੇ ਕੋਨੇ-ਕੋਨੇ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ‘ਤੇ ਖੋਜ ਅਤੇ ਰਿਸਰਚ ਕੀਤੀ ਜਾਵੇਗੀ। ਮੈਂ ਆਪਣੇ ਆਪ ਨੂੰ ਬਹੁਤ ਕਿਸਮਤਵਾਲਾ ਮੰਨਦਾ ਹਾਂ ਕਿ ਮੈਨੂੰ ਅਜਿਹੇ ਮਹਾਨ ਅਤੇ ਪੁੰਨ ਦੇ ਕਾਰਜ ਵਿੱਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਆਪਣੇ ਜੀਵਨ ਵਿੱਚ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਵ ਦਿੱਤਾ। ਬਾਬਾ ਸਾਹਿਬ ਨੇ ਇੱਕ ਪੀਐਚਡੀ ਦੀ ਡਿਗਰੀ ਅਮਰੀਕਾ ਤੋਂ ਕੀਤੀ ਅਤੇ ਦੂਜੀ ਲੰਡਨ ਤੋਂ। ਉਨ੍ਹਾਂ ਨੇ ਸਾਡੇ ਦੇਸ਼ ਦਾ ਸੰਵਿਧਾਨ ਲਿਖਿਆ ਅਤੇ ਅੱਜ ਪੂਰੀ ਦੁਨੀਆ ਉਸ ਸੰਵਿਧਾਨ ਨੂੰ ਸਵੀਕਾਰ ਕਰਦੀ ਹੈ।
ਸਿਹਤ ਵਿਵਸਥਾ ‘ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਨੂੰ ਬਹੁਤ ਆਲੀਸ਼ਾਨ ਬਣਾ ਦਿੱਤਾ ਹੈ। ਇੱਥੇ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹਨ। ਮਾਨ ਸਾਹਬ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਨੂੰ ਸੁਧਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ। ਦਿੱਲੀ ਵਿੱਚ ਅਸੀਂ ਹਰ ਗਲੀ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਹਨ। ਮੈਂ 5 ਸਾਲਾਂ ਵਿੱਚ ਦਿੱਲੀ ਵਿੱਚ 550 ਮੁਹੱਲਾ ਕਲੀਨਿਕ ਖੋਲ੍ਹੇ। ਮਾਨ ਸਾਹਿਬ ਨੇ ਸਿਰਫ਼ ਇੱਕ ਸਾਲ ਵਿੱਚ ਪੰਜਾਬ ਵਿੱਚ 500 ਮੁਹੱਲਾ ਕਲੀਨਿਕ ਖੋਲ੍ਹੇ ਹਨ।
ਵੀਡੀਓ ਲਈ ਕਲਿੱਕ ਕਰੋ -: