ਵੀਰਵਾਰ ਨੂੰ ਲੁਧਿਆਣਾ ਦੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ‘ਤੇ ਜ਼ਬਰਦਸਤ ਧਮਾਕਾ ਹੋਇਆ ਹੈ। ਹਾਲਾਂਕਿ ਧਮਾਕਾ ਕਿਸ ਕਾਰਨ ਹੋਇਆ, ਕਿਵੇਂ ਹੋਇਆ, ਇਸ ਦੀ ਜਾਂਚ ਜਾਰੀ ਹੈ। ਧਮਾਕੇ ਤੋਂ ਬਾਅਦ ਅਦਾਲਤੀ ਕੰਪਲੈਕਸ ਵਿੱਚ ਹਫੜਾ-ਦਫੜੀ ਦਾ ਮਾਹੌਲ ਹੈ।
ਉੱਥੇ ਹੀ ਇਸ ਧਮਾਕੇ ‘ਤੇ ‘ਆਪ ਸੁਪਰੀਮੋ’ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦੁੱਖ ਜਤਾਇਆ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ ਕਿ, “ਪਹਿਲਾਂ ਬੇਅਦਬੀ, ਹੁਣ ਧਮਾਕਾ। ਕੁੱਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ। ਪੰਜਾਬ ਦੇ 3 ਕਰੋੜ ਲੋਕ ਉਨ੍ਹਾਂ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਅਸੀਂ ਇੱਕ ਦੂਜੇ ਦਾ ਹੱਥ ਫੜ੍ਹ ਕੇ ਰੱਖਣਾ ਹੈ। ਖ਼ਬਰ ਸੁਣ ਕੇ ਦੁਖੀ ਹਾਂ, ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਸੰਵੇਦਨਾ ਹੈ ਅਤੇ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
ਮੁੱਢਲੀ ਜਾਣਕਾਰੀ ਮੁਤਾਬਿਕ ਇਸ ਘਟਨਾ ‘ਚ 2 ਲੋਕਾਂ ਦੀ ਮੌਤ ਹੋ ਗਈ ਹੈ, ਹਾਲਾਂਕਿ ਪ੍ਰਸ਼ਾਸਨ ਵਲੋਂ ਅਜੇ ਤੱਕ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਧਮਾਕੇ ਕਾਰਨ ਇਮਾਰਤ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਜਿਸ ਸਮੇਂ ਧਮਾਕਾ ਹੋਇਆ, ਉਸ ਸਮੇਂ ਵਕੀਲਾਂ ਸਮੇਤ ਕਈ ਲੋਕ ਅਦਾਲਤ ਦੇ ਕੈਂਪਸ ‘ਚ ਮੌਜੂਦ ਸਨ। ਧਮਾਕੇ ਤੋਂ ਬਾਅਦ ਇਮਾਰਤ ‘ਚ ਹੜਕੰਪ ਮੱਚ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਹੇਠਲੀਆਂ ਮੰਜ਼ਿਲਾਂ ਦੀਆਂ ਖਿੜਕੀਆਂ ਦੇ ਸ਼ੀਸ਼ੇ ਤੱਕ ਟੁੱਟ ਗਏ।
ਇਹ ਵੀ ਪੜ੍ਹੋ : ਲੁਧਿਆਣਾ ਕੋਰਟ ਕੰਪਲੈਕਸ ‘ਚ ਹੋਏ ਧਮਾਕੇ ਤੋਂ ਬਾਅਦ ਅੱਜ ਹੀ ਸ਼ਹਿਰ ਪਹੁੰਚਣਗੇ CM ਚੰਨੀ
ਫਿਲਹਾਲ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਧਮਾਕਾ ਕਿਸਨੇ ਅਤੇ ਕਿਵੇਂ ਕੀਤਾ, ਇਹ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ। ਇਸ ਧਮਾਕੇ ਕਾਰਨ ਪੂਰੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਹੈ। ਆਉਣ ਵਾਲੇ ਕੁਝ ਮਹੀਨਿਆਂ ਵਿੱਚ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਅਜਿਹੇ ਸਮੇਂ ‘ਚ ਅਦਾਲਤੀ ਕੰਪਲੈਕਸ ‘ਚ ਅਜਿਹਾ ਧਮਾਕਾ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕਰਦਾ ਹੈ।
ਵੀਡੀਓ ਲਈ ਕਲਿੱਕ ਕਰੋ -: