Khattar accuses farmers of inciting : ਪੰਜਾਬ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਅੱਜ 26 ਨਵੰਬਰ ਨੂੰ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇਗੀ । ਇਸਦੇ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਹਰਿਆਣਾ ਸਰਕਾਰ ਨੇ ਆਪਣੇ ਪੰਜਾਬ ਤੇ ਦਿੱਲੀ ਦੇ ਬਾਰਡਰ ਸੀਲ ਕਰ ਦਿੱਤੇ ਹਨ, ਅਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਲਈ ਵਾਟਰ ਕੈਨਨ ਤੇ ਹੰਝੂ ਗੈਸ ਦੇ ਗੋਲ ਸੁੱਟੇ ਗਏ ਜਿਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਸਰਕਾਰ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਦੀ ਇਸ ਕਾਰਵਾਈ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੈਪਟਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਉਹ ਘਟੀਆ ਰਾਜਨੀਤੀ ਕਰਕੇ ਕਿਸਾਨਾਂ ਨੂੰ ਭੜਕਾ ਰਹੇ ਹਨ।
ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ “ਮੈਂ ਫਿਰ ਕਹਿ ਰਿਹਾ ਹਾਂ ਕਿ ਜੇਕਰ ਫਸਲਾਂ ਦੀ ਖਰੀਦ ‘ਤੇ ਦਿੱਤੀ ਜਾਣ ਵਾਲੀ ਐਮਐਸਪੀ ‘ਚ ਕੋਈ ਪ੍ਰੇਸ਼ਾਨੀ ਸਾਹਮਣੇ ਆਉਂਦੀ ਹੈ ਤਾਂ ਮੈਂ ਰਾਜਨੀਤੀ ਛੱਡ ਦਿਆਂਗਾ। ਇਸ ਲਈ ਕਿਰਪਾ ਕਰਕੇ ਨਿਰਦੋਸ਼ ਕਿਸਾਨਾਂ ਨੂੰ ਭੜਕਾਉਣਾ ਬੰਦ ਕਰੋ।” ਉਨ੍ਹਾਂ ਕਿਹਾ ਕਿ ਪਿਛਲੇ 3 ਦਿਨਾਂ ਤੋਂ ਉਹ ਕੈਪਟਨ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਸ਼ਾਇਦ ਪੰਜਾਬ ਦੇ ਮੁੱਖ ਮੰਤਰੀ ਨੇ ਪਹੁੰਚ ਤੋਂ ਬਾਹਰ ਰਹਿਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਸਵਾਲ ਕੀਤਾ ਕਿ ਉਹ ਬੱਸ ਟਵੀਟ ਕਰ ਰਹੇ ਹਨ ਅਤੇ ਗੱਲਬਾਤ ਤੋਂ ਭੱਜ ਰਹੇ ਹੋ, ਕਿਉਂ? ਉਨ੍ਹਾਂ ਕਿਹਾ ਕਿ ਕੈਪਟਨ ਮਹਾਮਾਰੀ ਦੌਰਾਨ ਲੋਕਾਂ ਦੀ ਜਾਨ ਨੂੰ ਖਤਰੇ ਵਿੱਚ ਪਾ ਰਹੇ ਹਨ। ਇਸ ਸਮੇਂ ਦੌਰਾਨ ਲੋਕਾਂ ਦੀ ਜ਼ਿੰਦਗੀ ਨਾਲ ਨਾ ਖੇਡਣ ਅਤੇ ਘਟੀਆ ਰਾਜਨੀਤੀ ਤੋਂ ਪਰਹੇਜ਼ ਕਰਨ।
ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਦਿੱਲੀ ਵੱਲ ਵੱਧ ਰਹੇ ਹਨ। ਜਿਸ ਦੇ ਮੱਦੇਨਜਰ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਬਾਰਡਰ ‘ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨ ਵੀ ਕਈ ਜਗ੍ਹਾ ‘ਤੇ ਕਿਸਾਨਾਂ ਦਾ ਹਰਿਆਣਾ ਪੁਲਿਸ ਦੇ ਨਾਲ ਟਕਰਾਅ ਦੇਖਣ ਨੂੰ ਮਿਲਿਆ ਸੀ। ਅੰਬਾਲਾ-ਪਟਿਆਲਾ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਹੰਗਾਮੇ ‘ਚ ਤਬਦੀਲ ਹੋ ਗਿਆ। ਇੱਥੇ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਉਖਾੜ ਦਿੱਤਾ, ਜਿਸ ਤੋਂ ਬਾਅਦ ਕਿਸਾਨਾਂ ‘ਤੇ ਪਾਣੀ ਦੀ ਵਰਖਾ ਕੀਤੀ ਗਈ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਅੰਬਾਲਾ-ਪਟਿਆਲਾ ਸਰਹੱਦ ‘ਤੇ ਬੈਰੀਕੇਡ ਤੋੜਨ ‘ਤੇ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਗਿਆ।