killed with sharp weapon : ਲੌਕਡਾਊਨ ਦੌਰਾਨ ਵੀ ਕ੍ਰਾਈਮ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਇਕ ਘਟਨਾ ਭਵਾਨੀਗੜ੍ਹ ਦੇ ਪਿੰਡ ਭੱਟੀਵਾਲ ਕਲਾਂ ਵਿਖੇ ਬੀਤੀ ਰਾਤ ਵਾਪਰੀ ਜਦੋਂ ਕੁਝ ਵਿਅਕਤੀਆਂ ਨੇ ਤੇਜ਼ਦਾਰ ਹਥਿਆਰਾਂ ਨਾਲ ਹਮਲਾ ਕਰਕੇ ਇਕ ਨੌਜਵਾਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਤੇ ਕਤਲ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਵਰਿੰਦਰ ਸਿੰਘ ਤੇ ਧਰਮਿੰਦਰ ਸਿੰਘ ਬੀਤੀ ਰਾਤ ਦੋਵੇਂ ਆਪਣੀ ਘਰ ਵਿਚ ਆ ਰਹੇ ਸਨ ਕਿ ਮੋਟਰਸਾਈਕਲ ‘ਤੇ ਆ ਰਹੇ ਚਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਘੇਰ ਲਿਆ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਵਿਚ ਵਰਿੰਦਰ ਸਿੰਘ ਗੰਭੀਰ ਜਖਮੀ ਹੋ ਗਿਆ। ਉਸ ਨੂੰ ਜਖਮੀ ਹਾਲਤ ਵਿਚ ਭਵਾਨੀਗੜ੍ਹ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿਥੇ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਸੰਗਰੂਰ ਦੇ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਪਰ ਉਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਜਾਂਚ ਦੌਰਾਨ ਪਤਾ ਲੱਗਾ ਹੈ ਕਿ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਸੀ। ਵਰਿੰਦਰ ਸਿੰਘ ਦਾ ਜਿਸ ਦਿਨ ਕਤਲ ਕੀਤਾ ਗਿਆ ਉਸ ਦਿਨ ਵੀ ਉਸ ਦਾ ਝਗੜਾ ਉਕਤ ਦੋਸ਼ੀਆਂ ਨਾਲ ਹੋਇਆ। ਪੁਲਿਸ ਵਲੋਂ ਮਨਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ, ਬਹਾਦਰ ਸਿੰਘ ਪੁੱਤਰ ਅਮਰੀਕ ਸਿੰਘ, ਗਗਨਦੀਪ ਸਿੰਘ ਉਰਫ ਗੱਗੀ ਪੁੱਤਰ ਪ੍ਰੀਤਮ ਸਿੰਘ, ਹਰਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਤੇ ਨਵਪ੍ਰੀਤ ਕੌਰ ਪੁੱਤਰੀ ਹਰਦੇਵ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਵਰਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਜੇ ਕੁਝ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ।