Land Acquisition Policy Amendment : ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲੈਂਡ ਪੂਲਿੰਗ ਪਾਲਿਸੀ ਨੂੰ ਹੋਰ ਆਕਰਸ਼ਿਤ ਬਣਾਉਂਦਿਆਂ ਵਿਕਾਸ ਪ੍ਰਾਜੈਕਟਾਂ ਲਈ ਸਵੈ-ਇੱਛਾ ਨਾਲ ਆਪਣੀ ਜਾਇਦਾਦ ਦੇਣ ਵਾਲੇ ਵਿਅਕਤੀਆਂ ਨੂੰ ਮੁਆਵਜ਼ੇ ਵਜੋਂ ਵਾਧੂ ਜ਼ਮੀਨ ਦਿੱਤੀ ਜਾਵੇਗੀ। ਇਹ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮਤੰਰੀ ਮੰਡਲ ਵੱਲੋਂ ਲਿਆ ਗਿਆ ਹੈ, ਜਿਥੇ ਕੈਬਨਿਟ ਨੇ ਉਦਯੋਗਿਕ ਸੈਕਟਰ ਲਈ ਵੀ ਅਜਿਹੀ ਹੀ ਨਵੀਂ ਨੀਤੀ ਲਿਆਂਦੀ ਹੋਏ ਗਰੇਟਰ ਮੁਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਦੇ ਅਧਿਕਾਰ ਖੇਤਰ ਵਿੱਚ ਰਿਹਾਇਸ਼ੀ ਸੈਕਟਰ ਸਬੰਧੀ ਲੈਂਡ ਪੂਲਿੰਗ ਨੀਤੀ ਨੂੰ ਸੋਧਣ ਅਤੇ ਇਸ ਨੀਤੀ ਨੂੰ ਇੰਡਸਟਰੀਅਲ ਸੈਕਟਰ ਵਿੱਚ ਵੀ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਗਮਾਡਾ ਦੀ ਸੋਧੀ ਹੋਈ ਲੈਂਡ ਪੂਲਿੰਗ ਨੀਤੀ ਅਧੀਨ ਨਵੀਂ ਬਣ ਰਹੀ ਐਰੋਟ੍ਰੋਪੋਲਿਸ ਰੈਜ਼ੀਡੈਂਸ਼ੀਅਲ ਅਸਟੇਟ ਲਈ ਜ਼ਮੀਨ ਮਾਲਕਾਂ ਪਾਸੋਂ ਐਕੁਵਾਇਰ ਕੀਤੇ ਜਾਣ ਵਾਲੇ ਹਰੇਕ ਇਕ ਏਕੜ ਲਈ ਨਗਦ ਮੁਆਵਜ਼ੇ ਦੇ ਬਦਲੇ ਵਿਕਸਤ ਕੀਤੇ ਪਲਾਟਾਂ ਵਿੱਚੋਂ 1000 ਵਰਗ ਗਜ਼ ਰਿਹਾਇਸ਼ੀ ਪਲਾਟ ਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ। ਇਕ ਏਕੜ ਲਈ ਮੁਆਵਜ਼ੇ ਦੇ ਬਦਲੇ ਜ਼ਮੀਨ ਮਾਲਕ ਨੂੰ ਉਦਯੋਗਿਕ ਪਲਾਟਾਂ ਵਿੱਚੋਂ 1100 ਵਰਗ ਗਜ਼ ਉਦਯੋਗਿਕ ਪਲਾਟ ਅਤੇ 200 ਵਰਗ ਗਜ਼ ਕਮਰਸ਼ੀਅਲ ਪਲਾਟ (ਪਾਰਕਿੰਗ ਬਿਨਾਂ) ਦਿੱਤਾ ਜਾਵੇਗਾ।
ਇਸੇ ਤਰ੍ਹਾਂ ਜਿਹੜਾ ਜ਼ਮੀਨ ਮਾਲਕ ਲੈਂਡ ਪੂਲਿੰਗ ਨੀਤੀ ਤਹਿਤ ਪ੍ਰਾਪਤ ਕੀਤੇ ਪਲਾਟ ਨੂੰ ਵੇਚਣ ਉਪਰੰਤ ਜੇਕਰ ਉਕਤ ਪੈਸੇ ਨਾਲ ਕਿਤੇ ਹੋਰ ਖੇਤੀਬਾੜੀ ਵਾਲੀ ਜ਼ਮੀਨ ਖਰੀਦਦਾ ਹੈ ਤਾਂ ਉਸ ਨੂੰ ਕਈ ਲਾਭ ਮੁਹੱਈਆ ਕਰਵਾਉਣ ਲਈ ਵਿਭਾਗ ਵੱਲੋਂ ‘ਸਹੂਲੀਅਤ ਸਰਟੀਫਿਕੇਟ’ ਜਾਰੀ ਕੀਤਾ ਜਾਂਦਾ ਹੈ ਅਤੇ ਨਵੀਂ ਨੀਤੀ ਤਹਿਤ ਇਸ ਸਰਟੀਫਿਕੇਟ ਦੀ ਮਿਆਦ ਨੂੰ ਜ਼ਮੀਨ ਮਾਲਕ ਨੂੰ ਅਲਾਟ ਕੀਤੇ ਪਲਾਟ ਦੀ ਤਰੀਕ ਤੋਂ ਮੰਨਿਆ ਜਾਵੇਗਾ।