Lathicharge on protesters : ਚੰਡੀਗੜ੍ਹ : ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਅੱਜ ਭਾਰਤ ਬੰਦ ਦੌਰਾਨ ਕਿਸਾਨਾਂ ਨੂੰ ਹਰ ਜਗ੍ਹਾਂ ਤੋਂ ਸਮਰਥਨ ਮਿਲ ਰਿਹਾ ਹੈ। ਇਸੇ ਦੌਰਾਨ ਚੰਡੀਗੜ੍ਹ ਵਿੱਚ ਸੈਕਟਰ-34 ਵਿਖੇ ਭਾਰਤ ਬੰਦ ਦੌਰਾਨ ਹੰਗਾਮਾ ਹੋ ਗਿਆ। ਭਾਰਤੀ ਜਨਤਾ ਪਾਰਟੀ ਦਫਤਰ ਦਾ ਘਿਰਾਓ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ। ਜਿਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।
ਕਿਸਾਨਾਂ ਅਤੇ ਯੂਥ ਏਕਤਾ ਦੇ ਮੈਂਬਰਾਂ ਨੇ ਮੰਗਲਵਾਰ ਨੂੰ ਭਾਰਤੀ ਜਨਤਾ ਪਾਰਟੀ ਦੇ ਦਫਤਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕਰਦਿਆਂ ਕਿਸਾਨਾਂ ਦੇ ਹੱਕ ਵਿੱਚ ਅਤੇ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ। ਸੈਕਟਰ-34 ਤੋਂ ਮੁਜ਼ਾਹਰਾ ਕਰਦੇ ਹੋਏ ਪ੍ਰਦਰਸ਼ਨਕਾਰੀ ਸੈਕਟਰ-33 ਸਥਿਤ ਭਾਜਪਾ ਦਫ਼ਤਰ ਨੂੰ ਘੇਰਨ ਲਈ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਜਦੋਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਲੋਕਾਂ ਨੇ ਬੈਰੀਕੇਡ ‘ਤੇ ਚੜ੍ਹਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਪਾਣੀ ਦੀ ਬੌਛਾਰ ਕੀਤੀ ਪਰ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜ ਦਿੱਤੇ। ਇਸ ਤੋਂ ਬਾਅਦ ਪੁਲਿਸ ਨੇ ਲਾਠੀਚਾਰਜ ਕੀਤਾ। ਪ੍ਰਦਰਸ਼ਨਕਾਰੀ ਕਾਰ ਦੀ ਛੱਤ ‘ਤੇ ਚੜ੍ਹ ਗਏ ਅਤੇ ਗੱਡੀ ਨੂੰ ਤੋੜ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀ ਫਿਰ ਸੈਕਟਰ-33 ਵੱਲ ਚਲੇ ਗਏ। ਪੁਲਿਸ ਉਨ੍ਹਾਂ ਦੇ ਪਿੱਛੇ ਸੀ। ਸੈਕਟਰ-33 ਵਿਖੇ ਪਹੁੰਚੇ ਮੈਂਬਰਾਂ ਨੇ ਭਾਜਪਾ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ।
ਤੁਹਾਨੂੰ ਦੱਸ ਦੇਈਏ ਕਿ ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਿੱਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ। ਖੇਤੀਬਾੜੀ ਕਾਨੂੰਨ ਦੇ ਵਿਰੁੱਧ ਸੜਕਾਂ ‘ਤੇ ਉੱਤਰੇ ਕਿਸਾਨ ਹੁਣ ਪਿੱਛੇ ਹੱਟਣ ਦਾ ਨਾਮ ਨਹੀਂ ਲੈ ਰਹੇ ਅਤੇ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਹੋਏ ਹਨ। ਕਿਸਾਨਾਂ ਦਾ ਸੰਘਰਸ਼ ਲੰਬੇ ਸਮੇਂ ਤੋਂ ਜਾਰੀ ਹੈ। ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਵੀ ਗਵਾਈਆਂ ਹਨ। ਠੰਡ ਦੇ ਮੌਸਮ ਵਿੱਚ ਵੀ ਅੰਦੋਲਨਕਾਰੀ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ, ਉਥੇ ਹੀ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ 9 ਦਸੰਬਰ ਨੂੰ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਤੋਂ ਪਹਿਲਾਂ ਅੱਜ ਸ਼ਾਮ ਨੂੰ ਕਿਸਾਨ ਜਥੇਬੰਦੀਆਂ ਨਾਲ ਮੁਲਾਕਾਤ ਕਰਨਗੇ।