Lok Lehar to start by Akali Dal : ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ 12 ਮਾਰਚ ਕਾਂਗਰਸ ਸਰਕਾਰ ਖਿਲਾਫ ਲੋਕ ਲਹਿਰ ਸ਼ੁਰੂ ਕਰੇਗੀ, ਜਿਸ ਤਹਿਤ ਪੂਰੇ ਪੰਜਾਬ ਦੇ ਹਲਕਿਆਂ ਵਿਚ ਰੈਲੀਆਂ ਕੀਤੀਆਂ ਜਾਣਗੀਆਂ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ‘ਪੰਜਾਬ ਮੰਗਦਾ ਜਵਾਬ’ ਦੇ ਸੱਦੇ ਤਹਿਤ ਹਜ਼ਾਰਾਂ ਪੰਜਾਬੀਆਂ ਦੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਕੀਤਾ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨਾਲ ਧੋਖਾ ਕਿਉਂ ਕੀਤਾ ਤੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਇਕ ਵੀ ਪੂਰਾ ਕਿਉਂ ਨਹੀਂ ਕੀਤਾ। ਇਸ ਦੌਰਾਨ ਉਨ੍ਹਾਂ ਨੂੰ ਵਾਟਰ ਕੈਨਨ ਦਾ ਸਾਹਮਣਾ ਕਰਨ ਪਿਆ ਅਤੇ ਸੁਖਬੀਰ ਬਾਦਲ ਨੇ ਅਕਾਲੀ ਵਰਕਰਾਂ ਨਾਲ ਗ੍ਰਿਫਤਾਰੀਆਂ ਦਿੱਤੀਆਂ।
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੁੰਠੀ ਸਹੁੰ ਖਾਧੀ ਕਿ ਉਹ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨਗੇ ਤੇ ਹੋਰ ਵਾਅਦੇ ਵੀ ਕੀਤੇ ਸਨ, ਜਿਨ੍ਹਾਂ ਵਿੱਚ ਨਸ਼ਾ ਖਤਮ ਕਰਨਾ, ਹਰ ਘਰ ਨੌਕਰੀ ਯਕੀਨੀ ਬਣਾਉਣਾ, ਬੇਰੋਜ਼ਗਾਰੀ ਭੱਤਾ ਵਧਾ ਕੇ 2500 ਰੁਪਏ ਕਰਨਾ, ਬੁਢਾਪਾ ਪੈਨਸ਼ਨ 2500 ਰੁਪਏ ਮਹੀਨਾਂ ਕਰਨੀ ਤੇ ਸ਼ਗਨ ਸਕੀਮ ਤਹਿਤ ਰਾਸ਼ੀ 51 ਹਜ਼ਾਰ ਰੁਪਏ ਕਰਨੀ ਤੇ ਬੇਘਰਾਂ ਨੁੰ ਘਰ ਦੇਣ ਆਦਿ ਵਰਗੇ ਵਅਦੇ ਸ਼ਾਮਲ ਹਨ ਪਰ ਉਨ੍ਹਾਂ ਨੇ ਇਹ ਵਾਅਦੇ ਪੂਰੇ ਨਹੀਂ ਕੀਤੇ। ਇਹ ਸਾਰੇ ਮਸਲੇ ਸ਼੍ਰੋਮਣੀ ਅਕਾਲੀ ਦਲ ਬਜਟ ਸੈਸ਼ਨ ਵਿਚ ਚੁੱਕੇਗਾ ਤੇ ਇਨ੍ਹਾਂ ਮੁੱਦਿਆਂ ਨੂੰ ਲੋਕ ਲਹਿਰ ਰਾਹੀਂ ਲੋਕਾਂ ਵਿਚ ਲਿਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ 12 ਮਾਰਚ ਤੋਂ ਬਾਅਦ 117 ਵਿਧਾਨ ਸਭਾ ਹਲਕਿਆਂ ਵਿੱਚ ‘ਪੰਜਾਬ ਮੰਗਦਾ ਜਵਾਬ’ ਪ੍ਰੋਗਰਾਮ ਤਹਿਤ ਘਰ-ਘਰ ਜਾਣਗੇ ਅਤੇ ਲੋਕਾਂ ਨੂੰ ਇਨ੍ਹਾਂ ਮੁੱਦਿਆਂ ਨਾਲ ਜਾਣੂ ਕਰਵਾਇਆ ਜਾਵਗਾ।