Mandis closed for three days : ਅਬੋਹਰ : ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਕਿਸਾਨਾਂ ਨੇ ਇਨ੍ਹਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਇੱਕ ਟਰੈਕਟਰ ਰੈਲੀ ਕੱਢਣ ਦਾ ਫੈਸਲਾ ਕੀਤਾ ਹੈ, ਜਿਸ ਨੂੰ ਪੰਜਾਬ ਵਿੱਚ ਵੀ ਸਮਰਥਨ ਮਿਲ ਰਿਹਾ ਹੈ। ਇਸੇ ਦੇ ਸਮਰਥਨ ਵਿੱਚ ਪੰਜਾਬ ਵਿੱਚ ਆੜ੍ਹਤੀਆਂ ਨੇ 25 ਤੋਂ 27 ਜਨਵਰੀ ਤੱਕ ਆਪਣਾ ਕਾਰੋਬਾਰ ਬੰਦ ਕਰਨ ਦਾ ਫੈਸਲਾ ਲਿਆ ਹੈ, ਜਿਸ ਦੌਰਾਨ ਮੰਡੀਆਂ ਬੰਦ ਰਹਿਣਗੀਆਂ ਅਤੇ ਕਿਸੇ ਵੀ ਫਸਲ ਦੀ ਖਰੀਦ ਨਹੀਂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਰੇ ਆੜ੍ਹਤੀਆਂ ਨੂੰ ਟਰੈਕਟਰ ਰੈਲੀ ਨਾਲ ਇਕਮੁੱਠਤਾ ਜ਼ਾਹਰ ਕਰਨ ਲਈ ਵੱਧ ਤੋਂ ਵੱਧ ਗਿਣਤੀ ਵਿਚ ਦਿੱਲੀ ਪਹੁੰਚਣ ਦੀ ਵੀ ਅਪੀਲ ਕੀਤੀ ਗਈ।
ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਨਿਲ ਨਾਗੋਰੀ ਨੇ ਦੱਸਿਆ ਕਿ ਮੱਖੂ ਦੇ ਸੂਬਾ ਪ੍ਰਧਾਨ ਵਿਜੇ ਕਾਲੜਾ ਦੀ ਪ੍ਰਧਾਨਗੀ ਹੇਠ ਇੱਕ ਵੀਡੀਓ ਕਾਨਫਰੰਸ ਰਾਹੀਂ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੀ 31 ਮੈਂਬਰੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ ਕਿ ਆੜ੍ਹਤੀਆ ਨੂੰ 25 ਜਨਵਰੀ ਤੋਂ ਸ਼ੁਰੂ ਹੋਣ ਵਾਲੀ ਕਿਸਾਨ ਟਰੈਕਟਰ ਰੈਲੀ ਦੇ ਸਮਰਥਨ ਵਿਚ ਤਿੰਨ ਦਿਨਾਂ ਲਈ ਕਾਰੋਬਾਰ ਮੁਅੱਤਲ ਕੀਤਾ ਜਾਏਗਾ।
ਇਥੇ ਤੁਹਾਨੂੰ ਦੱਸਣਯੋਗ ਹੈ ਕਿ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਚੱਲ ਰਹੀ 11 ਵੇਂ ਦੌਰ ਦੀ ਗੱਲਬਾਤ ਖਤਮ ਹੋ ਗਈ ਹੈ। ਇਸ ਮੀਟਿੰਗ ਦੇ ਵਿੱਚ ਕਾਫੀ ਤਲਖੀ ਦੇਖਣ ਨੂੰ ਮਿਲੀ ਹੈ। ਅੱਜ ਦੀ ਮੀਟਿੰਗ ਵਿੱਚ ਸਰਕਾਰ ਨੇ ਕਿਸਾਨਾਂ ਨੂੰ ਕਿਹਾ ਕਿ ਅਸੀਂ ਇਸ ਤੋਂ ਬਿਹਤਰ ਕੁੱਝ ਨਹੀਂ ਕਰ ਸਕਦੇ। ਸਰਕਾਰ ਅਤੇ ਕਿਸਾਨਾਂ ਦਰਮਿਆਨ ਅਗਲੇ ਗੱਲਬਾਤ ਦੀ ਤਰੀਕ ਵੀ ਨਿਰਧਾਰਤ ਨਹੀਂ ਕੀਤੀ ਗਈ ਹੈ। ਹੁਣ ਤੱਕ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦੇ 11 ਗੇੜ ਹੋ ਚੁੱਕੇ ਹਨ, ਪਰ ਸਭ ਬੇਸਿੱਟਾ ਰਹੇ ਹਨ। ਦਰਅਸਲ ਸਰਕਾਰ ਨੇ ਪਿੱਛਲੀ ਮੀਟਿੰਗ ਵਿੱਚ ਕਿਸਾਨਾਂ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਕਰੀਬ ਦੋ ਸਾਲਾਂ ਲਈ ਮੁਲਤਵੀ ਕਰਨ ਇੱਕ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਕਿਸਾਨਾਂ ਵਲੋਂ ਨਕਾਰ ਦਿੱਤਾ ਗਿਆ ਸੀ।