ਸਮਰਾਲਾ ਨੇੜੇ ਘੁਲਾਲ ਟੋਲ ਪਲਾਜ਼ਾ ਕੋਲ ਸਥਿਤ ਰੋਇਲ ਕੈਸਲ ਮੈਰਿਜ ਪੈਲੇਸ ਵਿੱਚ ਵਿਆਹ ਸਮਾਗਮ ਦੌਰਾਨ ਸ਼ਾਮ 6 ਵਜੇ ਚੋਰੀ ਦੀ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਖੁਸ਼ੀ ਦਾ ਮਾਹੌਲ ਤੁਰੰਤ ਗਮਗੀਨ ਬਣ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਲਾੜੇ ਦੀ ਮਾਤਾ ਜਸਵੀਰ ਕੌਰ ਦੇ ਪਰਸ ਵਿਚੋਂ ਲੱਖਾਂ ਰੁਪਏ ਦੇ ਕੀਮਤੀ ਗਹਿਣੇ, ਵੱਡੀ ਮਾਤਰਾ ਵਿੱਚ ਨਕਦੀ, ਸ਼ਗਨ ਦੇ ਲਿਫਾਫੇ ਅਤੇ ਆਈ ਫੋਨ ਗਾਇਬ ਹੋ ਗਏ। ਪੀੜਤ ਪਰਿਵਾਰ ਦਾ ਦਾਅਵਾ ਹੈ ਕਿ ਮੌਕੇ ’ਤੇ ਕੰਮ ਕਰ ਰਹੇ ਇੱਕ ਵੇਟਰ ਵੱਲੋਂ ਇਹ ਚੋਰੀ ਕੀਤੀ ਗਈ ਅਤੇ ਉਹ ਪਰਸ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ।
ਲਾੜੇ ਦੀ ਮਾਤਾ ਨੇ ਦੱਸਿਆ ਕਿ ਵਿਆਹ ਸਮਾਗਮ ਦੌਰਾਨ ਉਨ੍ਹਾਂ ਨੇ ਆਪਣਾ ਪਰਸ ਆਪਣੇ ਕੋਲ ਹੀ ਸੰਭਾਲ ਕੇ ਰੱਖਿਆ ਹੋਇਆ ਸੀ, ਜਿਸ ਵਿੱਚ ਕੀਮਤੀ ਸੋਨੇ ਦੇ ਗਹਿਣੇ, ਲੱਖਾਂ ਰੁਪਏ ਦੀ ਨਕਦੀ ਅਤੇ ਸ਼ਗਨ ਦੇ ਕਈ ਲਿਫਾਫੇ ,ਆਈ ਫੋਨ ਮੌਜੂਦ ਸਨ। ਕੁਝ ਸਮੇਂ ਬਾਅਦ ਜਦੋਂ ਉਹਨਾਂ ਨੇ ਪਰਸ ਦੀ ਜਾਂਚ ਕੀਤੀ ਤਾਂ ਉਹ ਗਾਇਬ ਸੀ। ਇਸ ਤੋਂ ਬਾਅਦ ਤੁਰੰਤ ਮੌਕੇ ’ਤੇ ਮੌਜੂਦ ਰਿਸ਼ਤੇਦਾਰਾਂ ਅਤੇ ਮੈਰਿਜ ਪੈਲੇਸ ਦੇ ਕਰਮਚਾਰੀਆਂ ਨਾਲ ਪੁੱਛਗਿੱਛ ਕੀਤੀ ਗਈ। ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਸ਼ੱਕੀ ਹਾਲਤ ਵਿੱਚ ਇੱਕ ਵੇਟਰ ਵਲੋਂ ਸਮਾਗਮ ਦੌਰਾਨ ਚੋਰੀ ਦਾ ਸ਼ੱਕ ਜਤਾਇਆ ਜਾ ਰਿਹਾ ਹੈ।
ਮੌਕੇ ’ਤੇ ਮੌਜੂਦ ਰਿਸ਼ਤੇਦਾਰਾਂ ਦੇ ਅਨੁਸਾਰ ਇਸ ਚੋਰੀ ਕਾਰਨ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਕਿ ਘਟਨਾ ਤੋਂ ਬਾਅਦ ਮੈਰਿਜ ਪੈਲੇਸ ਦੇ ਪ੍ਰਬੰਧਕਾਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵੱਲੋਂ ਕੋਈ ਸੰਤੁਸ਼ਟੀਜਨਕ ਜਵਾਬ ਨਹੀਂ ਦਿੱਤਾ ਗਿਆ। ਰਿਸ਼ਤੇਦਾਰਾਂ ਨੇ ਇਹ ਵੀ ਕਿਹਾ ਕਿ ਕੁਝ ਮੁਲਾਜ਼ਮਾਂ ਵੱਲੋਂ ਪੀੜਤ ਪਰਿਵਾਰ ਨਾਲ ਬਦਤਮੀਜ਼ੀ ਵੀ ਕੀਤੀ ਗਈ, ਜਿਸ ਨਾਲ ਪਰਿਵਾਰ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਪੁਲਿਸ ਨੂੰ ਘਟਨਾ ਦੀ ਸੂਚਨਾ ਤੁਰੰਤ ਦੇ ਦਿੱਤੀ ਗਈ ਸੀ, ਪਰ ਇੱਕ ਘੰਟੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਮੌਕੇ ’ਤੇ ਨਹੀਂ ਪਹੁੰਚੀ। ਇਸ ਗੱਲ ਨੂੰ ਲੈ ਕੇ ਪਰਿਵਾਰ ਅਤੇ ਰਿਸ਼ਤੇਦਾਰਾਂ ਵਿੱਚ ਨਾਰਾਜ਼ਗੀ ਦੇਖਣ ਨੂੰ ਮਿਲੀ। ਉਹਨਾਂ ਦਾ ਕਹਿਣਾ ਹੈ ਕਿ ਵਿਆਹ ਵਰਗੇ ਖੁਸ਼ੀ ਦੇ ਮੌਕੇ ’ਤੇ ਇਸ ਤਰ੍ਹਾਂ ਦੀ ਵਾਰਦਾਤ ਨੇ ਮਾਹੌਲ ਨੂੰ ਗਮਗੀਨ ਕਰ ਦਿੱਤਾ ਅਤੇ ਸਮਾਗਮ ਦੀਆਂ ਖੁਸ਼ੀਆਂ ਮੰਦ ਪੈ ਗਈਆਂ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਕੋਲ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਚੋਰੀ ਹੋਇਆ ਸਮਾਨ ਵਾਪਸ ਕਰਵਾਇਆ ਜਾਵੇ।
ਬਾਅਦ ਵਿੱਚ ਸਮਰਾਲਾ ਪੁਲਿਸ ਦੇ ਐਸਐਚਓ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਐਸਐਚਓ ਨੇ ਦੱਸਿਆ ਕਿ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ ਅਤੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੈਰਿਜ ਪੈਲੇਸ ਦੇ ਸਟਾਫ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਐਸਐਚਓ ਨੇ ਭਰੋਸਾ ਦਿਵਾਇਆ ਕਿ ਜੇਕਰ ਕੋਈ ਦੋਸ਼ੀ ਸਾਹਮਣੇ ਆਇਆ ਤਾਂ ਉਸ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ, ਚੋਰੀ ਹੋਏ ਸਮਾਨ ਦੀ ਕੀਮਤ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ।
ਦੂਜੇ ਪਾਸੇ ਮੈਰਿਜ ਪੈਲੇਸ ਨਾਲ ਸੰਬੰਧਤ ਨਵ ਨਾਮਕ ਵਿਅਕਤੀ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਨੂੰ ਘਟਨਾ ਬਾਰੇ ਪਤਾ ਲੱਗਿਆ, ਉਹ ਤੁਰੰਤ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਕਿਹਾ ਕਿ ਮੈਰਿਜ ਪੈਲੇਸ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਪੀੜਤ ਪਰਿਵਾਰ ਨੂੰ ਦਿਖਾਈ ਜਾ ਰਹੀ ਹੈ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਮੈਰਿਜ ਪੈਲੇਸ ਦਾ ਸਾਰਾ ਵੇਟਰ ਸਟਾਫ ਅਤੇ ਹੋਰ ਕਰਮਚਾਰੀ ਰੋਕ ਕੇ ਰੱਖੇ ਗਏ ਹਨ ਤਾਂ ਜੋ ਜਾਂਚ ਵਿੱਚ ਕੋਈ ਰੁਕਾਵਟ ਨਾ ਆਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਪੱਖ ਤੋਂ ਪੀੜਤ ਪਰਿਵਾਰ ਦੀ ਤਸੱਲੀ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਗਿੱਦੜਬਾਹਾ : ਪਾਣੀ ਦੀ ਖਾਲ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਈ ਖੂ/ਨੀ ਝ/ੜਪ, ਚੱਲੀਆਂ ਗੋ/ਲੀਆਂ, 2 ਦੇ ਨਿਕਲੇ ਸਾ/ਹ
ਇਸ ਘਟਨਾ ਤੋਂ ਬਾਅਦ ਮੈਰਿਜ ਪੈਲੇਸ ਵਿੱਚ ਕੁਝ ਸਮੇਂ ਲਈ ਹਫੜਾ-ਤਫੜੀ ਦਾ ਮਾਹੌਲ ਬਣਿਆ ਰਿਹਾ। ਪ੍ਰਬੰਧਕਾਂ ਵੱਲੋਂ ਸਾਰੇ ਸਟਾਫ ਅਤੇ ਵੇਟਰਾਂ ਨੂੰ ਇੱਕ ਲਾਈਨ ਵਿੱਚ ਖੜਾ ਕਰਕੇ ਪੁੱਛਗਿੱਛ ਕੀਤੀ ਗਈ। ਦੂਜੇ ਪਾਸੇ ਲੜਕੀ ਦੇ ਪਿਤਾ ਨੇ ਦੋਸ਼ ਲਗਾਇਆ ਕਿ ਜਿਸ ਥਾਂ ’ਤੇ ਇਹ ਘਟਨਾ ਵਾਪਰੀ ਹੈ, ਉਥੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਸਨ, ਜੋ ਕਿ ਗੰਭੀਰ ਲਾਪਰਵਾਹੀ ਹੈ। ਉਨ੍ਹਾਂ ਨੇ ਕਿਹਾ ਕਿ ਭੀੜ ਵਾਲੇ ਸਮਾਗਮਾਂ ਵਿੱਚ ਸੁਰੱਖਿਆ ਪ੍ਰਬੰਧ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਨੇ ਪ੍ਰਸ਼ਾਸਨ ਕੋਲ ਇਨਸਾਫ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -:
























