ਡਕਾਲਾ ਦੇ ਨੇੜਲੇ ਪਿੰਡ ਝੰਡੀ ਵਿੱਚ ਰਹਿਣ ਵਾਲੀ ਇੱਕ ਵਿਵਾਹਿਤ ਮਹਿਲਾ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਨਾਲ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਮ੍ਰਿਤਕ ਮਹਿਲਾ ਦੀ ਪਛਾਣ ਸੀਮਾ ਰਾਣੀ ਦੇ ਰੂਪ ਵਿੱਚ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ, ਮਹਿਲਾ ਦੀ ਮੌਤ ਦੇ ਮਾਮਲੇ ਵਿੱਚ ਉਸਦੇ ਪੇਕੇ ਪਰਿਵਾਰ ਵੱਲੋਂ ਗੰਭੀਰ ਦੋਸ਼ ਲਗਾਏ ਗਏ ਹਨ। ਮ੍ਰਿਤਕ ਦੇ ਭਰਾ ਦਾ ਕਹਿਣਾ ਹੈ ਕਿ ਉਸਦੀ ਭੈਣ ਨੂੰ ਸੌਰੇ ਪਰਿਵਾਰ ਵੱਲੋਂ ਲੰਮੇ ਸਮੇਂ ਤੋਂ ਦਹੇਜ ਦੀ ਮੰਗ ਕਰਕੇ ਤੰਗ ਤੇ ਪਰੇਸ਼ਾਨ ਕੀਤਾ ਜਾਂਦਾ ਸੀ। ਉਨ੍ਹਾਂ ਦਾ ਇਹ ਵੀ ਦਾਅਵਾ ਹੈ ਕਿ ਸਹੁਰੇ ਪਰਿਵਾਰ ਵੱਲੋਂ ਅਕਸਰ ਮਾਰਕੁੱਟ ਵੀ ਕੀਤੀ ਜਾਂਦੀ ਸੀ ਅਤੇ ਹੁਣ ਉਨ੍ਹਾਂ ਨੇ ਸੀਮਾ ਰਾਣੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।
ਇਹ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਦੇ ਚਾਹੁਣ ਵਾਲਿਆਂ ਲਈ ਖੁਸ਼ਖਬਰੀ, ਫ਼ਿਲਮ ‘ਇੱਕ ਕੁੜੀ’ 31 ਅਕਤੂਬਰ 2025 ਨੂੰ ਹੋਵੇਗੀ ਰਿਲੀਜ਼
ਦੂਜੇ ਪਾਸੇ, ਸਹੁਰੇ ਪਰਿਵਾਰ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਹੈ ਕਿ ਮਹਿਲਾ ਨੇ ਆਪਣੀ ਇੱਛਾ ਨਾਲ ਖੁਦਖੁਸ਼ੀ ਕੀਤੀ ਹੈ ਅਤੇ ਉਹਨਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ। ਫਿਲਹਾਲ, ਨਾਭਾ ਪੁਲਿਸ ਵੱਲੋਂ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਭਾਰਤੀ ਦੰਡ ਸੰਹਿਤਾ ਦੀ ਧਾਰਾ 306 (ਆਤਮਹੱਤਿਆ ਲਈ ਉਕਸਾਉਣਾ) ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕਾ ਦੀ ਲਾਸ਼ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੇ ਮੁਰਦਾ ਘਰ ਵਿੱਚ ਰੱਖੀ ਗਈ ਹੈ, ਜਿੱਥੇ ਪੋਸਟਮਾਰਟਮ ਦੀ ਕਾਰਵਾਈ ਜਾਰੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਖੁਲਾਸਾ ਹੋ ਸਕੇਗਾ, ਅਤੇ ਉਸਦੇ ਬਾਅਦ ਜੋ ਵੀ ਕਾਨੂੰਨੀ ਕਾਰਵਾਈ ਬਣਦੀ ਹੋਵੇਗੀ, ਉਹ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























