Martyrdom of Chhote Sahibzade : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਕੁਰਬਾਨੀ ਨੂੰ ਕਦੇ ਭੁੱਲਿਆ ਨਹੀਂ ਜਾ ਸਕਦਾ। ਇਤਿਹਾਸ ਦੇ ਪੰਨਿਆਂ ‘ਚ ਜਦੋਂ ਵੀ ਮਹਾਨ ਸ਼ਹਾਦਤਾਂ ਦਾ ਜ਼ਿਕਰ ਹੁੰਦਾ ਹੈ ਤਾਂ ਉਨ੍ਹਾਂ ਦੀ ਸ਼ੁਰੂਆਤ ਛੋਟੇ ਸਾਹਿਬਜ਼ਾਦੇ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਤੋਂ ਹੁੰਦੀ ਹੈ। ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ 9 ਸਾਲ ਤੇ ਬਾਬਾ ਫ਼ਤਿਹ ਸਿੰਘ 7 ਸਾਲ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਫ਼ਤਿਹਗੜ੍ਹ ਸਾਹਿਬ ‘ਚ ਹਰ ਸਾਲ ਤਿੰਨ ਦਿਨ ਤਕ ਸ਼ਹੀਦੀ ਜੋੜ ਮੇਲ ਹੁੰਦਾ ਹੈ।
ਇਤਿਹਾਸ ਅਨੁਸਾਰ ਮੁਗਲ ਫ਼ੌਜਾਂ ਅਤੇ ਪਹਾੜੀ ਰਾਜਿਆਂ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਦਲਾਂ ਨੂੰ ਪੂਰੀ ਤਰ੍ਹਾਂ ਘੇਰ ਰੱਖਿਆ ਸੀ। ਰਸਦ-ਪਾਣੀ ਪੁੱਜਣ ਦੇ ਸਮੂਹ ਰਸਤੇ ਬੰਦ ਕਰ ਦਿੱਤੇ ਗਏ ਸਨ ਪਰ ਕਲਗੀਧਰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਜੁਝਾਰੂ ਸਿੰਘ ਫਿਰ ਵੀ ਦੁਸ਼ਮਣ ਨੂੰ ਪੂਰੀ ਟੱਕਰ ਦਿੰਦੇ ਰਹੇ। ਅਖੀਰ ਮੁਗਲ ਹਾਕਮਾਂ ਤੇ ਪਹਾੜੀ ਰਾਜਿਆਂ ਵਲੋਂ ਇਹ ਵਿਸ਼ਵਾਸ ਦਿਵਾਏ ਜਾਣ ‘ਤੇ ਕਿ ਜੇਕਰ ਗੁਰੂ ਸਾਹਿਬ ਜੀ ਕਿਲਾ ਛੱਡ ਦੇਣ ਤਾਂ ਉਨ੍ਹਾਂ ‘ਤੇ ਹਮਲਾ ਨਹੀਂ ਕੀਤਾ ਜਾਵੇਗਾ। ਇਸ ‘ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੰਘਾਂ ਨਾਲ ਸਲਾਹ-ਮਸ਼ਵਰਾ ਕਰ ਕੇ ਪਹਾੜੀ ਰਾਜਿਆਂ ਦੇ ਕੌਲ-ਕਰਾਰ ‘ਤੇ ਯਕੀਨ ਕਰਕੇ ਸ੍ਰੀ ਅਨੰਦਪੁਰ ਸਾਹਿਬ ਦਾ ਕਿਲਾ ਛੱਡਣ ਦਾ ਫੈਸਲਾ ਲਿਆ ਪਰ ਇਸ ਮਗਰੋਂ ਗੁਰੂ ਸਾਹਿਬ ਦਾ ਕਾਫਲਾ ਅਜੇ ਕੀਰਤਪੁਰ ਵੀ ਨਹੀਂ ਸੀ ਪੁੱਜਾ ਕਿ ਦੁਸ਼ਮਣ ਫੌਜਾਂ ਤਮਾਮ ਕਸਮਾਂ ਨੂੰ ਤੋੜ ਕੇ ਲੜਾਈ ਲਈ ਆ ਗਈਆਂ। ਸਿਰਸਾ ਨਦੀ ਨੂੰ ਪਾਰ ਕਰਨ ਲੱਗਿਆਂ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਤੇ ਮਾਤਾ ਗੁਜਰੀ ਜੀ ਵੀ ਗੁਰੂ ਸਾਹਿਬ ਜੀ ਤੋਂ ਵਿਛੜ ਗਏ।
ਇਤਿਹਾਸ ਅਨੁਸਾਰ ਉਨ੍ਹਾਂ ਨੂੰ ਰਸੋਈਆ ਗੰਗੂ ਬ੍ਰਾਹਮਣ ਆਪਣੇ ਪਿੰਡ ਖੇੜੀ (ਸਹੇੜੀ) ਲੈ ਗਿਆ। ਮਾਤਾ ਜੀ ਕੋਲ ਸੋਨੇ ਦੀਆਂ ਮੋਹਰਾਂ ਵੇਖ ਕੇ ਸਰਕਾਰੀ ਇਨਾਮ ਦੇ ਲਾਲਚ ਨੇ ਗੰਗੂ ਦਾ ਮਨ ਡੁਲਾ ਦਿੱਤਾ। ਗੰਗੂ ਨੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਦੀ ਸੂਹ ਮੋਰਿੰਡੇ ਥਾਣੇ ਦੇ ਦਿੱਤੀ, ਜਿਸ ‘ਤੇ ਸਾਹਿਬਜ਼ਾਦਿਆਂ ਨੂੰ ਮਾਤਾ ਜੀ ਸਮੇਤ ਬੰਦੀ ਬਣਾ ਕੇ ਪਹਿਲਾਂ ਮੋਰਿੰਡੇ ਦੀ ਕੋਤਵਾਲੀ ਪਹੁੰਚਾਇਆ ਗਿਆ ਤੇ ਫਿਰ ਸਰਹਿੰਦ ਲਿਜਾਇਆ ਗਿਆ। ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਹੁਕਮ ਨਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਨੂੰ ਠੰਢੇ ਬੁਰਜ ‘ਚ ਕੈਦ ਕਰ ਦਿੱਤਾ ਗਿਆ। ਕਹਿਰ ਦੀ ਠੰਢ ‘ਚ ਭੁੱਖੇ ਭਾਣੇ ਸਾਰੀ ਰਾਤ ਦਾਦੀ ਮਾਂ ਦੀ ਗੋਦ ‘ਚ ਬੈਠੇ ਸਾਹਿਬਜ਼ਾਦੇ ਪਿਤਾ ਦੀ ਸੂਰਮਗਤੀ, ਦਾਦੇ-ਪੜਦਾਦੇ ਦੀਆਂ ਕੁਰਬਾਨੀ ਦੀਆਂ ਬਾਤਾਂ ਸੁਣਦੇ, ਸਿੱਖੀ ਅਸੂਲਾਂ ‘ਤੇ ਦ੍ਰਿੜ੍ਹ ਰਹਿਣ ਦੀ ਸਿੱਖਿਆ ਲੈਂਦੇ ਰਹੇ।
ਅਗਲੇ ਦਿਨ ਸਾਹਿਬਜ਼ਾਦਿਆਂ ਨੂੰ ਕਚਹਿਰੀ ‘ਚ ਪੇਸ਼ ਕਰਨ ਦਾ ਹੁਕਮ ਹੋਇਆ। ਸਾਹਿਬਜ਼ਾਦਿਆਂ ਨੂੰ ਕਚਹਿਰੀ ‘ਚ ਵਜ਼ੀਰ ਖਾਂ ਦੇ ਸਾਹਮਣੇ ਪੇਸ਼ ਕੀਤਾ ਗਿਆ ਅਤੇ ਇਸਲਾਮ ਧਰਮ ਧਾਰਨ ਲਈ ਕਈ ਤਰ੍ਹਾਂ ਦੇ ਲਾਲਚ ਦਿੱਤੇ ਗਏ। ਲਗਾਤਾਰ ਦੋ ਦਿਨ ਲਾਲਚ, ਡਰਾਵੇ, ਧਮਕੀਆਂ ਚੱਲਦੀਆਂ ਰਹੀਆਂ ਪਰ ਸਾਹਿਬਜ਼ਾਦਿਆਂ ਨੇ ਅਡੋਲ ਰਹਿੰਦਿਆਂ ਜੋਸ਼ੀਲੇ ਜਵਾਬ ਦਿੱਤੇ। ਮੁੱਲਾਂ ਤੇ ਕਾਜ਼ੀਆਂ ਨੂੰ ਸਾਹਿਬਜ਼ਾਦਿਆਂ ਦੀ ਸਜ਼ਾ ਨਿਸ਼ਚਿਤ ਕਰਨ ਲਈ ਕਿਹਾ ਗਿਆ। ਮਾਲੇਰਕੋਟਲੇ ਦੇ ਨਵਾਬ ਸ਼ੇਰ ਮੁਹੰਮਦ ਖਾਂ ਨੂੰ ਸੱਦਿਆ ਗਿਆ ਕਿ ਉਹ ਆਪਣੇ ਭਰਾ ਦੀ ਮੌਤ ਦਾ ਬਦਲਾ ਇਨ੍ਹਾਂ ਬੱਚਿਆਂ ਨੂੰ ਮਾਰ ਕੇ ਲੈ ਲਵੇ। ਪਰ ਸ਼ੇਰ ਮੁਹੰਮਦ ਖਾਂ ਨੇ ਕਿਹਾ ਕਿ ਇਨ੍ਹਾਂ ਬੱਚਿਆਂ ਰਾਹੀਂ ਬਦਲਾ ਲੈਣਾ ਪਾਪ ਹੈ, ਖੁਦਾ ਦਾ ਕਹਿਰ ਹੈ। ਇਸ ਲਈ ਰੱਬ ਸਾਨੂੰ ਇਸ ਕਹਿਰ ਤੋਂ ਬਚਾ ਲਵੇ। ਸ਼ੇਰ ਮੁਹੰਮਦ ਖਾਂ ਨੇ ਯੋਗੀ ਅੱਲ੍ਹਾ ਯਾਰ ਖਾਂ ਦੀ ਜ਼ੁਬਾਨੀ ਇੰਝ ਆਖਿਆ- ਬਦਲਾ ਹੀ ਲੇਨਾ ਹੋਗਾ ਤੋ ਹਮ ਲੇਂਗੇ ਬਾਪ ਸੇ। ਮਹਿਫੂਜ਼ ਰੱਖੇ ਹਮ ਕੋ ਖੁਦਾ ਐਸੇ ਪਾਪ ਸੇ।
ਅਖੀਰ ਸਾਹਿਬਜ਼ਾਦਿਆਂ ਨੂੰ ਨੀਹਾਂ ‘ਚ ਚਿਣ ਕੇ ਸ਼ਹੀਦ ਕਰਨ ਦਾ ਹੁਕਮ ਸੁਣਾ ਦਿੱਤਾ ਗਿਆ। ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੇ ਚਿਹਰਿਆਂ ‘ਤੇ ਸਜ਼ਾ ਦਾ ਭੋਰਾ ਵੀ ਗਮ ਨਹੀਂ ਸੀ ਆਪਣੇ ਸਿੱਖੀ ਧਰਮ ‘ਤੇ ਉਹ ਪੂਰੀ ਤਰ੍ਹਾਂ ਅਡਿੱਗ ਸਨ ਅਤੇ ਉਹ ਜੈਕਾਰੇ ਲਾਉਂਦੇ ਰਹੇ। ਸਾਹਿਬਜ਼ਾਦਿਆਂ ਨੂੰ ਕੰਧਾਂ ਵਿੱਚ ਚਿਣਿਆ ਗਿਆ। ਕੰਧ ਜਦੋਂ ਮੋਢਿਆਂ ਤੱਕ ਆਈ ਤਾਂ ਡਿੱਗ ਗਈ ਸੀ। ਸਾਹਿਬਜ਼ਾਦਿਆਂ ਦੇ ਫੁੱਲਾਂ ਵਰਗੇ ਸਰੀਰ ਬੇਹੋਸ਼ ਹੋ ਗਏ। ਹੁਣ ਸਾਹਿਬਜ਼ਾਦਿਆਂ ਨੂੰ ਜ਼ਿਬਹ ਕਰਨ ਦਾ ਹੁਕਮ ਸੁਣਾਇਆ ਗਿਆ। ਸਮਾਣਾ ਦੇ ਦੋ ਜੱਲਾਦਾਂ ਸਾਸ਼ਲ ਬੇਗ ਅਤੇ ਬਾਸ਼ਲ ਬੇਗ ਨੇ ਦੋਵਾਂ ਬੱਚਿਆਂ ਨੂੰ ਗੋਡੇ ਹੇਠ ਦੇ ਕੇ ਸੀਸ ਧੜ ਤੋਂ ਵੱਖ ਕਰ ਦਿੱਤੇ। ਦੁਨੀਆ ਦੀ ਇਹ ਲਾਮਿਸਾਲ ਇਤਿਹਾਸਕ ਸ਼ਹਾਦਤ ਨੇ ਲੋਕਾਂ ਦੇ ਦਿਲ ਕੰਬਾ ਦਿੱਤੇ ਪਰ ਸਿੱਖ ਕੌਮ ਦਾ ਸੀਸ ਉੱਚਾ ਕਰ ਦਿੱਤਾ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਪਰਮਾਤਮਾ ਦਾ ਸ਼ੁਕਰਾਨਾ ਕਰਦੇ ਹੋਏ ਠੰਢੇ ਬੁਰਜ ‘ਚ ਅਕਾਲ ਪੁਰਖ ਦੇ ਚਰਣਾਂ ਵਿੱਚ ਜਾ ਬਿਰਾਜੇ। ਗੁਰੂ ਘਰ ਦੇ ਅਨਿੰਨੇ ਪ੍ਰੇਮੀ ਦੀਵਾਨ ਟੋਡਰ ਮੱਲ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦਾ ਸਸਕਾਰ ਸੋਨੇ ਦੀਆਂ ਮੋਹਰਾਂ ਦੇ ਕੇ ਖਰੀਦੀ ਜ਼ਮੀਨ ‘ਤੇ ਕੀਤਾ। ਇਸੇ ਸਥਾਨ ‘ਤੇ ਮੌਜੂਦਾ ਸਮੇਂ ਗੁਰਦੁਆਰਾ ਜੋਤੀ ਸਰੂਪ ਸੁਭਾਇਮਾਨ ਹੈ।