Medical stores and labs : ਪੰਜਾਬ ’ਚ ਕੋਰੋਨਾ ਵਾਇਰਸ ਦੇ ਲਗਾਤਾਰ ਵਧਦੇ ਮਾਮਲਿਆਂ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਸੂਬੇ ਵਿੱਚ 24 ਘੰਟੇ ਹਸਪਤਾਲ, ਲੈਬ ਅਤੇ ਮੈਡੀਕਲ ਸਟੋਰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਕੈਪਟਨ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿਤਾ ਹੈ। ਹੁਕਮਾਂ ਮੁਤਾਬਕ ਹੁਣ ਹਸਪਤਾਲ, ਲੈਬ, ਡਾਇਗਨੋਸਟਿਕ ਸੈਂਟਰ ਅਤੇ ਕੈਮਿਸਟ ਸਟੋਰ ਦੀਆਂ ਦੁਕਾਨਾਂ 24 ਘੰਟੇ ਖੁੱਲ੍ਹ ਸਕਦੀਆਂ ਹਨ ਅਤੇ ਹਫਤੇ ਵਿੱਚ ਸੱਤ ਦਿਨ ਕੰਮ ਕੀਤਾ ਜਾ ਸਕਦਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਨੂੰ ਕਰਫਿਊ ਵਿੱਚ ਵੀ ਛੋਟ ਦਿੱਤੀ ਗਈ ਸੀ।
ਸਰਕਾਰ ਨੇ ਇਹ ਹੁਕਮ ਅੱਜ ਹੀ ਜਾਰੀ ਕੀਤੇ ਹਨ ਅਤੇ ਇਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਵਿੱਚ ਕੋਰੋਨਾ ਦੇ ਵਧਦੇ ਸੰਕਟ ਨੂੰ ਦੇਦੇ ਹੋਏ ਦੁਕਾਨਾਂ ਦਾ ਸਮਾਂ ਸ਼ਾਮ ਨੂੰ 6.30 ਵਜੇ ਤੱਕ ਕਰ ਦਿੱਤਾ ਗਿਆ ਸੀ। ਕੈਮਿਸਟ ਦੀਆਂ ਦੁਕਾਨਾਂ ਨੂੰ ਵੀ ਇਸੇ ਸ਼੍ਰੇਣੀ ਵਿਚ ਰੱਖਿਆ ਗਿਆ ਸੀ ਪਰ ਹੁਣ ਇਸ ਮਾਮਲੇ ਵਿੱਚ ਸਰਕਾਰ ਨੇ ਰਾਹਤ ਦੇਣ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਸਰਕਾਰ ਵੱਲੋਂ ਬੀਤੇ ਦਿਨ ਪੰਜਾਬ ਵਿੱਚ ਅਨਲਾਕ 4.0 ਨੂੰ ਲੈ ਕੇ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਸਨ। ਇਸ ਦੇ ਮੱਦੇਨਜ਼ਰ ਇਹ ਗਾਈਡਲਾਈਨਜ਼ 1 ਸਤੰਬਰ 2020 ਤੋਂ ਲੈ ਕੇ 30 ਸਤੰਬਰ ਤੱਕ ਲਾਗੂ ਕੀਤੀਆਂ ਹਨ।