ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ।
ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ 25000 EWS ਫਲੈਟ ਬਣਾਉਣ ਦੀ ਤਜਵੀਜ਼ ਹੈ ਅਤੇ ਗਰੇਟਰ ਮੁਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਵੱਲੋਂ ਮੁੱਖ ਮੰਤਰੀ ਸ.ਭਗਵੰਤ ਮਾਨ ਦੇ ਸਾਰਿਆਂ ਲਈ ਛੱਤ ਦੇ ਸੁਪਨੇ ਨੂੰ ਸਾਕਾਰ ਕਰਨ ਲਈ EWS ਹਾਊਸਿੰਗ ਯੋਜਨਾ ਦੇ ਪਹਿਲੇ ਪੜਾਅ ਤਹਿਤ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ (EWS) ਲਈ ਮੋਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। 75 ਏਕੜ ਰਕਬੇ ‘ਚ ਬਣਾਏ ਜਾਣ ਵਾਲੇ ਇਹ ਫਲੈਟਾਂ ਦਾ ਕੰਮ ਛੇਤੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ।
ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਨੇ ਵੱਖ-ਵੱਖ ਨਾਗਰਿਕ ਕੇਂਦਰਿਤ ਫੈਸਲੇ ਲਏ ਹਨ, ਜਿਨ੍ਹਾਂ ਵਿੱਚ ਪੇਂਡੂ ਖੇਤਰਾਂ ਵਿੱਚ ਜ਼ਮੀਨਾਂ ਦੀ ਰਜਿਸਟਰੀ ਤੋਂ ਪਹਿਲਾਂ ਐਨਓਸੀ ਲੈਣ ਤੋਂ 5773 ਪਿੰਡਾਂ ਨੂੰ ਛੋਟ, ਰੈਗੂਲੇਟਰੀ ਪ੍ਰਵਾਨਗੀਆਂ ਦੇ ਅਧਿਕਾਰ ਸ਼ਹਿਰੀ ਵਿਕਾਸ ਅਥਾਰਟੀ ਨੂੰ ਸੌਂਪਣਾ ਆਦਿ ਸ਼ਾਮਲ ਹੈ।
ਇਹ ਵੀ ਪੜ੍ਹੋ : ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ੀ ਸਾਬਕਾ ਮੰਤਰੀ ਦਾ ਤਿਰੰਗਾ ਲਹਿਰਾਉਣ ‘ਤੇ ਵਿਰੋਧ, ਪ੍ਰੋਗਰਾਮ ਵਿਚਾਲੇ ਤੁਰਦੇ ਬਣੇ
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਨਿਰਧਾਰਤ ਸਮੇਂ ਅੰਦਰ ਪਲਾਟਾਂ ਅਤੇ ਇਮਾਰਤਾਂ ਨੂੰ ਨਿਯਮਤ ਕਰਨਾ, ਮਾਲਕੀ ਬਦਲਣਾ ਅਤੇ ਐਨ.ਓ.ਸੀ ਪ੍ਰਾਪਤ ਕਰਨਾ ਆਦਿ ਹੁਣ ਸਿਰਫ਼ ਇੱਕ ਕਲਿੱਕ ਨਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ 15 ਕੰਮਕਾਜੀ ਦਿਨਾਂ ਵਿੱਚ ਐਨ.ਓ.ਸੀ. ਲੈਣ ਲਈ ਰੈਗੂਲਰਾਈਜੇਸ਼ਨ ਪੋਰਟਲ ‘ਤੇ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾਉਣ ਅਤੇ ਇਨ੍ਹਾਂ ਦੇ ਨਿਬੇੜੇ ਦੀ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ।
ਮੰਤਰੀ ਅਰੋੜਾ ਨੇ ਕਿਹਾ ਕਿ ਬਿਲਡਿੰਗ ਪਲਾਨ ਦੀ ਮਨਜ਼ੂਰੀ ਅਤੇ ਨਗਰ ਨਿਗਮ ਦੀ ਹੱਦ ਤੋਂ ਬਾਹਰ ਸਟੈਂਡਅਲੋਨ ਉਦਯੋਗਾਂ ਦੀ ਕੰਪਾਊਂਡਿੰਗ ਸਮੇਤ ਸਟੈਂਡਅਲੋਨ ਉਦਯੋਗਾਂ ਦੇ ਮੁਕੰਮਲਤਾ ਸਰਟੀਫਿਕੇਟ ਜਾਰੀ ਕਰਨ ਦੀਆਂ ਸ਼ਕਤੀਆਂ ਡਾਇਰੈਕਟਰ ਫੈਕਟਰੀਜ਼ ਨੂੰ ਸੌਂਪ ਦਿੱਤੀਆਂ ਗਈਆਂ ਹਨ ਤਾਂ ਜੋ ਉਦਯੋਗਪਤੀਆਂ ਨੂੰ ਫੈਕਟਰੀਆਂ ਦੇ ਬਿਲਡਿੰਗ ਪਲਾਨ ਦੀ ਮਨਜ਼ੂਰੀ ਲਈ ਦੋ ਵੱਖ-ਵੱਖ ਵਿਭਾਗਾਂ ਵਿਚ ਅਪਲਾਈ ਕਰਨ ਦੀ ਲੋੜ ਨਾ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮਾਡਲ ਸ਼ਹਿਰ ਮੋਹਾਲੀ ਦੇ ਸੁੰਦਰੀਕਰਨ, ਸੜਕਾਂ ਨੂੰ ਚੌੜਾ ਕਰਨ ਅਤੇ ਨਵੇਂ ਚੌਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਗਮਾਡਾ ਨੇ ਰੇਹੜੀ-ਫੜ੍ਹੀ ਵਾਲਿਆਂ ਲਈ ਮਾਰਕੀਟ ਸਪੇਸ ਵਿਕਸਤ ਕਰਨ ਲਈ ਨਗਰ ਨਿਗਮ, ਐਸ.ਏ.ਐਸ. ਨਗਰ ਨੂੰ ਚਾਰ ਸਾਈਟਾਂ ਅਲਾਟ ਕੀਤੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: