Moga and Muktsar found Corona : ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਂ ਹੀ ਨਹੀਂ ਲੈ ਰਿਹਾ। ਇਸ ਦੇ ਮਰੀਜ਼ਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਮੋਗਾ ਵਿਚ ਅੱਜ 17 ਹੋਰ ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਇਸ ਦੇ ਨਾਲ ਹੀ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 1 ਵਿਅਕਤੀ ਦੇ ਕੋਰੋਨਾ ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ। ਜ਼ਿਕਰਯੋਗ ਹੈ ਕਿ ਮੋਗਾ ਵਿਚ ਇਹ ਨਵੇਂ 17 ਮਾਮਲੇ ਆਉਣ ਨਾਲ ਜ਼ਿਲੇ ਵਿਚ ਪੀੜਤਾਂ ਦੀ ਗਿਣਤੀ ਵੱਧ ਕੇ 55 ਹੋ ਗਈ ਹੈ, ਜਿਨ੍ਹਾਂ ਵਿਚੋਂ 37 ਮਰੀਜ਼ਾਂ ਦਾ ਮੋਗਾ ਦੇ ਆਈਸੋਲੇਸ਼ਨ ਕੇਂਦਰ ਵਿਚ ਇਲਾਜ ਚੱਲ ਰਿਹਾ ਹੈ, ਜਦਕਿ ਵਿਅਕਤੀ ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ। ਅੱਜ ਆਏ ਕੋਰੋਨਾ ਮਰੀਜ਼ਾਂ ਨੂੰ ਹਸਪਤਾਲ ਲਿਆਉਣ ਲਈ ਸਿਹਤ ਵਿਭਾਗ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਜ਼ਿਕਰਯੋਗ ਹੈ ਕਿ ਫਰੀਦੋਕਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਕੋਰੋਨਾ ਟੈਸਟਾਂ ਲਈ ਸਥਾਪਿਤ ਕੀਤੀ ਲੈਬ ’ਤੇ ਟੈਸਟਾਂ ਦੇ ਬੋਝ ਨੂੰ ਦੇਖਦਿਆਂ ਸਰਕਾਰ ਵੱਲੋਂ ਲਾਲ ਪੈਥ ਲੈਬਜ਼ ਦੇ ਨਾਲ ਹੀ ਕੋਰੋਨਾ ਦੇ ਟੈਸਟ ਕਰਨ ਦਾ ਸਮਝੌਤਾ ਕੀਤਾ ਗਿਆ ਹੈ, ਇਸ ਕਰਕੇ ਉਨ੍ਹਾਂ ਵੱਲੋਂ ਭੇਜੇ ਗਏ ਨਤੀਜਿਆਂ ਵਿਚ ਅੱਜ 109 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦਕਿ 17 ਵਿਅਕਤੀ ਪਾਜ਼ੀਟਿਵ ਪਾਏ ਗਏ ਹਨ।
ਉਧਰ ਸ੍ਰੀ ਮੁਕਤਸਰ ਸਾਹਿਬ ਤੋਂ ਅੱਜ ਮਿਲਿਆ ਪਾਜ਼ੀਟਿਵ ਮਰੀਜ਼ ਰਾਜਸਥਾਨ ਤੋਂ ਪਰਤਿਆ ਇਕ ਮਜ਼ਦੂਰ ਹੈ, ਜੋਕਿ ਜ਼ਿਲੇ ਦੇ ਪਿੰਡ ਚੰਨੂ ਦਾ ਰਹਿਣ ਵਾਲਾ ਹੈ। ਉਕਤ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਚਐਨ ਸਿੰਘ ਨੇ ਦੱਸਿਆ ਕਿ ਅੱਜ 23 ਸੈਂਪਲਾਂ ਦੀ ਰਿਪੋਰਟ ਆਈ ਹੈ, ਜਿਸ ਵਿਚੋਂ 1 ਪਾਜ਼ੀਟਿਵ ਜਦਕਿ 22 ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਹੁਣ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਗਿਣਤੀ 66 ਹੋ ਗਈ ਹੈ। ਜਦਕਿ 1 ਮਰੀਜ਼ ਠੀਕ ਹੋ ਕੇ ਆਪਣੇ ਘਰ ਪਰਤ ਚੁੱਕਾ ਹੈ ਤੇ ਬਾਕੀ 65 ਕੋਰੋਨਾ ਪੀੜਤਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਦੂਜੇ ਪਾਸੇ ਜ਼ਿਲੇ ’ਚ ਆਪਣੇ ਘਰ ਤੋਂ ਫਰਾਰ 19 ਸਾਲਾ ਕੋਰੋਨਾ ਪਾਜ਼ੀਟਿਵ ਨੌਜਵਾਨ ਖਿਲਾਫ ਤਾਣਾ ਸਿਟੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।