Mohinder Singh KP reported : ਜਲੰਧਰ ਵਿਚ ਸਾਹਮਣੇ ਆਏ ਅੱਜ ਨਵੇਂ ਮਾਮਲਿਆਂ ਵਿਚ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਮਹਿੰਦਰ ਸਿੰਘ ਕੇ. ਪੀ. ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਪਾਈ ਗਈ ਹੈ। ਸਿਹਤ ਵਿਭਾਗ ਵੱਲੋਂ ਮਹਿੰਦਰ ਸਿੰਘ ਕੇ.ਪੀ. ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ‘ਤੇ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 64 ਸਾਲਾ ਮਹਿੰਦਰ ਸਿੰਘ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਰਹਿ ਚੱਕੇ ਹਨ ਤੇ ਇਸ ਸਮੇਂ ਪੰਜਾਬ ਟੈਕਨੀਕਲ ਐਜੂਕੇਸ਼ਨ ਬੋਰਡ ਦੇ ਚੇਅਰਮੈਨ ਵੀ ਹਨ। ਜ਼ਿਕਰਯੋਗ ਹੈ ਕਿ ਹੁਣ ਕਈ ਅਫਸਰਾਂ, ਅਧਿਕਾਰੀਆਂ ਤੇ ਮੰਤਰੀਆਂ ਦੇ ਕੋਰੋਨਾ ਦੀ ਲਪੇਟ ਵਿਚ ਆਉਣ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਬੀਤੇ ਦਿਨ ਵੀ ਜਲੰਧਰ ਵਿਚ ਆਰਟੀਏ ਬਰਜਿੰਦਰ ਸਿੰਘ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ। ਇਸ ਤੋਂ ਪਹਿਲਾਂ ਸ਼ਾਹਕੋਟ ਦੇ ਐਸਡੀਐਮ ਅਤੇ ਐਸਐਸਪੀ (ਦਿਹਾਤੀ) ਨਵਜੋਤ ਸਿੰਘ ਮਾਹਲ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ।
ਦੱਸਣਯੋਗ ਹੈ ਕਿ ਅੱਜ ਵੀ ਜ਼ਿਲ੍ਹੇ ‘ਚ ਅੱਜ ਕੋਰੋਨਾ ਦੇ 30 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 1200 ਤੋਂ ਪਾਰ ਹੋ ਗਿਆ ਹੈ ਜਦ ਕਿ 26 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸਾਹਮਣੇ ਆਏ ਮਾਮਲੇ ਬਸੰਤ ਐਵੇਨਿਊ, ਬਸਤੀ ਗੁਜਾਂ, ਦਾਸ ਲਾਲਾ, ਰਾਣੀ ਬਾਗ ਲਾਲ, ਭਾਰਗੋਂ ਅਜੈਨ, ਦੀਪ ਨਗਰ, ਡਰੋਲੀ ਕਲਾਂ, ਸੰਜੇ ਗਾਂਧੀ ਨਗਰ, ਗਾਂਧੀ ਕੈਂਪ, ਸਪਰੀਕੋਠੀ, ਆਬਾਦਪੁਰਾ, ਐਸਬੀਐਸ ਨਗਰ, ਹਰਗੋਬਿੰਦ ਨਗਰ, ਅਰਬਨ ਅਸਟੇਟ, ਮਾਡਲ ਟਾਊਨ, ਈਐਸਏ ਗਲੀ ਨੰਬਰ 3, ਸੰਤ ਨਗਰ ਤੇ ਰੰਧਾਵਾ ਮਸੰਦਾ ਤੋਂ ਸਾਹਮਣੇ ਆਏ ਹਨ।
ਜ਼ਿਕਰਯੋਗ ਹੈ ਕਿ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਹੁਣ ਤੱਕ ਜ਼ਿਲੇ ਵਿਚ ਕੋਰੋਨਾ ਦੇ ਕੁਲ 28721 ਸੈਂਪਲ ਲਏ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 26285 ਦੀ ਰਿਪੋਰਟ ਨੈਗੇਟਿਵ ਆਈ ਹੈ। ਉਥੇ ਹੀ ਹੁਣ ਤੱਕ ਜ਼ਿਲੇ ਵਿਚੋਂ 713 ਲੋਕ ਡਿਸਚਾਰਜ ਹੋ ਚੁੱਕੇ ਹਨ। ਇਸ ਸਮੇਂ ਜ਼ਿਲੇ ਵਿਚ ਸਰਗਰਮ ਮਾਮਲਿਆਂ ਦੀ ਗਿਣਤੀ 445 ਹੈ। ਦੱਸ ਦੇਈਏ ਕਿ ਬੀਤੇ ਦਿਨ ਵੀ ਕੋਰੋਨਾ ਦੇ ਵੱਡੀ ਗਿਣਤੀ ਵਿਚ 82 ਮਾਮਲੇ ਸਾਹਮਣੇ ਆਏ ਸਨ, ਉਥੇ ਹੀ ਕੋਰੋਨਾ ਨਾਲ ਜ਼ਿਲੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ।