ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਕਾਂਗਰਸ ਵਿਚ ਹਲਚਲ ਤੇਜ਼ ਹੋ ਗਈ ਹੈ। ਵੱਖ-ਵੱਖ ਨੇਤਾਵਾਂ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਦਰਮਿਆਨ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਲਈ ਸਾਂਸਦ ਪ੍ਰਨੀਤ ਕੌਰ ਪੁੱਜੇ ਹਨ। ਇਹ ਮੁਲਾਕਾਤ ਸੀ. ਐੱਮ. ਦੇ ਸਿਸਵਾਂ ਫਾਰਮ ਵਿਖੇ ਕੀਤੀ ਜਾ ਰਹੀ ਹੈ। ਇਸ ਮੌਕੇ ਪਟਿਆਲਾ ਦੇ ਮੇਅਰ ਸੰਜੀਵ ਬਿੱਟੂ ਤੇ ਹੋਰ ਕੌਂਸਲਰ ਵੀ ਮੌਜੂਦ ਹਨ।
ਪਿਛਲੇ ਕਈ ਦਿਨਾਂ ਤੋਂ ਚਰਚਾਵਾਂ ਸਨ ਕਿ ਮੇਅਰ ਸੰਜੀਵ ਬਿੱਟੂ ਦੀ ਕੁਰਸੀ ਖੁੱਸ ਸਕਦੀ ਹੈ। ਪਟਿਆਲਾ ਦੇ 60 ਵਾਰਡ ਹਨ ਜਿਨ੍ਹਾਂ ਵਿਚੋਂ 59 ਐੱਮ. ਸੀ. ਕਾਂਗਰਸ ਦੇ ਜਿੱਤੇ ਸੀ। ਵਧੇਰੇ ਐੱਮ. ਸੀ. ਸੰਜੀਵ ਬਿੱਟੂ ਦੇ ਖਿਲਾਫ ਹੀ ਖੜ੍ਹੇ ਹਨ ਤੇ ਹੋ ਸਕਦਾ ਹੈ ਕਿ ਮੀਟਿੰਗ ਵਿਚ ਇਸ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ।
2022 ਦੀਆਂ ਚੋਣਾਂ ਦੇ ਮੱਦੇਨਜ਼ਰ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਦੇ ਮੰਤਰੀ ਰਾਜ ਕੁਮਾਰ ਵੇਰਕਾ ਵੱਲੋਂ ਕੈਪਟਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਮੁੜ ਤੋਂ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਰਾਜ ਕੁਮਾਰ ਵੇਰਕਾ ਦੇ ਇਸ ਬਿਆਨ ਤੋਂ ਬਾਅਦ ਸਾਂਸਦ ਪ੍ਰਨੀਤ ਕੌਰ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਨਵਾਂ ਮੋੜ ਲਿਆ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ -:
Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”
ਗੌਰਤਲਬ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦਿੱਤਾ ਸੀ ਤਾਂ ਉਨ੍ਹਾਂ ਨੇ ਕਿਹਾ ਸੀ ਕਿ ਉਹ ਮੁੜ ਕਦੇ ਵੀ ਇਸ ਪਾਰਟੀ ਵਿੱਚ ਨਹੀਂ ਆਉਣਗੇ। ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਆਪਣੀ ਵੱਖਰੀ ਪਾਰਟੀ ਦਾ ਵੀ ਐਲਾਨ ਕਰ ਦਿੱਤਾ ਗਿਆ ਸੀ ਪਰ ਇਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਗਲੀ ਰਣਨੀਤੀ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ। ਅਜਿਹੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਸਾਂਸਦ ਪ੍ਰਨੀਤ ਕੌਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਨੂੰ ਲੈ ਕੇ ਭੇਦ ਅਜੇ ਵੀ ਬਰਕਰਾਰ ਹੈ।