ਲੁਧਿਆਣਾ : ਅਕਾਲੀ ਦਲ ਤੇ ਬਸਪਾ ਖਿਲਾਫ ਬਿਆਨ ਦੇ ਕੇ ਸੰਸਦ ਮੈਂਬਰ ਰਵਨੀਤ ਬਿੱਟੂ ਬੁਰੀ ਤਰ੍ਹਾਂ ਘਿਰ ਗਏ ਹਨ, ਜਿਥੇ ਦਲਿਤਾਂ ਵੱਲੋਂ ਵੀ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੀ ਐਸੀ ਕਮਿਸ਼ਨ ਨੇ ਵੀ ਉਨ੍ਹਾਂ ਨੂੰ ਤਲਬ ਕੀਤਾ ਹੈ, ਉਥੇ ਹੀ ਹੁਣ ਉਨ੍ਹਾਂ ਦੀ ਗ੍ਰਿਫਤਾਰੀ ਦੀ ਵੀ ਮੰਗ ਕੀਤੀ ਜਾ ਰਹੀ ਹੈ।
ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਖਿਲਾਫ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਅੱਜ ਮਿਲੇ ਅਤੇ ਉਨ੍ਹਾਂ ਨੂੰ ਸ਼ਿਕਾਇਤ ਦਿੰਦੇ ਹੋਏ ਬਿੱਟੂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇੱਕ ਉੱਚ ਪੱਧਰੀ ਸਾਂਝੇ ਵਫ਼ਦ ਨੇ ਅੱਜ ਪੁਲਿਸ ਕਮਿਸ਼ਨਰ ਲੁਧਿਆਣਾ ਨਾਲ ਮੁਲਾਕਾਤ ਕਰਕੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਰੁੱਧ ਅਪਰਾਧਿਕ ਕੇਸ ਦਰਜ ਕਰਨ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਕਰਦਿਆਂ ਦਲਿਤ ਸਮਾਜ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਹਾਲ ਹੀ ਵਿੱਚ ਅਕਾਲੀ ਦਲ ਤੇ ਬਸਪਾ ਵੱਲੋਂ ਇੱਕ ਵਾਰ ਫਿਰ ਗਠਜੋੜ ਕੀਤਾ ਗਿਆ ਹੈ। ਅਜਿਹੇ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਅਕਾਲੀ ਦਲ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਚਮਕੌਰ ਸਾਹਿਬ ਦੀਆਂ ਸੀਟਾਂ ‘ਤੇ ਬਸਪਾ ਦਾ ਉਮੀਦਵਾਰ ਉਤਾਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਚੰਗੀ ਖਬਰ! ਇਸ ਦਿਨ ਤੋਂ ਖੁੱਲ੍ਹ ਰਿਹਾ ਹੈ ਵਿਰਾਸਤ-ਏ-ਖਾਲਸਾ
ਰਵਨੀਤ ਬਿੱਟੂ ਨੇ ਅਕਾਲੀ ਦਲ ‘ਤੇ ਸ੍ਰੀ ਆਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਸੀਟ ਬਸਪਾ ਨੂੰ ਦੇਣ ‘ਤੇ ਟਿੱਪਣੀ ਕਰਦੇ ਕਿਹਾ ਸੀ ਕਿ ਅਕਾਲੀ ਦਲ ਨੇ ਪਵਿੱਤਰ ਸੀਟਾਂ ਬਸਪਾ ਨੂੰ ਦੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਲੱਗਦਾ ਹੈ ਕਿ ਬੀਜੇਪੀ ਨਾਲ ਮਿਲ ਕੇ ਹਿੰਦੂ ਵੋਟਾਂ ਲੈ ਲਵਾਂਗੇ ਅਤੇ ਹੁਣ ਬੀਐਸਪੀ ਤੋਂ ਐਸਸੀ ਵੋਟਾਂ ਲੈ ਲਵਾਂਗੇ। ਇਸ ਤੋਂ ਬਾਅਦ ਦਲਿਤ ਭਾਈਚਾਰੇ ਸਣੇ ਅਕਾਲੀ ਦਲ ਤੇ ਬਸਪਾ ਵੱਲੋਂ ਸੰਸਦ ਮੈਂਬਰ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਅਕਾਲੀ ਆਗੂ ਪਵਨ ਕੁਮਾਰ ਟੀਨੂੰ ਨੇ ਐਸਸੀ ਕਮਿਸ਼ਨ ਵਿੱਚ ਵੀ ਇਸ ਸੰਬੰਧੀ ਦਰਜ ਕਰਵਾਈ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਰਵਨੀਤ ਬਿੱਟੂ ਨੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।