Nagar Kirtan will be taken out : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ 400ਵੇਂ ਪ੍ਰਕਾਸ਼ ਉਤਸਵ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਜਿਨ੍ਹਾਂ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 15 ਮਾਰਚ ਨੂੰ ਕੱਢਿਆ ਜਾਵੇਗਾ, ਜੋਕਿ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋ ਕੇ ਦਿੱਲੀ ਵਿਖੇ ਸੰਪੂਰਨ ਹੋਵੇਗਾ।
ਇਹ ਜਾਣਕਾਰੀ ਐਸਜੀਪੀਸੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੰਦੇ ਹੋਏ ਦੱਸਿਆ ਕਿ ਮੁੱਖ ਸਮਾਗਮ 1 ਮਈ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ, ਜਿਸ ਵਿਚ ਦੇਸ਼-ਵਿਦੇਸ਼ ਤੋਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਪੰਥ ਦੇ ਪ੍ਰਤੀਨਿਧ ਆਗੂ ਸ਼ਮੂਲੀਅਤ ਕਰਨਗੇ। ਸ਼ਤਾਬਦੀ ਸਬੰਧੀ ਵੱਖ-ਵੱਖ ਸਮਾਗਮ ਆਰੰਭ ਕੀਤੇ ਜਾ ਚੁੱਕੇ ਹਨ। ਪ੍ਰਕਾਸ਼ ਪੁਰਬ ਦੇ ਮੁੱਖ ਸਮਾਗਮ ਤੋਂ ਪਹਿਲਾਂ ਪਹਿਲਾਂ ਦੇਸ਼ ਭਰ ਵਿਚ ਸਮਾਗਮਾਂ ਦੀ ਲੜੀ ਸੰਪੂਰਨ ਕੀਤੀ ਜਾਵੇਗੀ। ਇਹ ਸਮਾਗਮ ਬੰਗਲਾ ਦੇਸ਼, ਪਟਨਾ ਸਾਹਿਬ, ਨਾਨਕਮਤਾ ਸਾਹਿਬ, ਧਮਧਾਨ ਸਾਹਿਬ, ਹਰਿਆਣਾ, ਕਾਨ੍ਹਪੁਰ, ਅਤੇ ਦੇਸ਼ ਦੇ ਹੋਰ ਭਾਗਾਂ ਦੇ ਨਾਲ-ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ, ਬਾਬਾ ਬਕਾਲਾ ਸਾਹਿਬ, ਸ੍ਰੀ ਅੰਮ੍ਰਿਤਸਰ ਆਦਿ ਥਾਵਾਂ ’ਤੇ ਹੋਣਗੇ।
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਸੈਸ਼ਨ 30 ਮਾਰਚ ਨੂੰ ਹੋਵੇਗਾ, ਜਿਸ ਵਿਚ ਧਰਮ ਪ੍ਰਚਾਰ ਕਮੇਟੀ, ਸ਼੍ਰੋਮਣੀ ਕਮੇਟੀ, ਟਰੱਸਟ ਫੰਡਜ਼, ਪ੍ਰੈੱਸਾਂ, ਜਨਰਲ ਬੋਰਡ ਫੰਡ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਵਿਦਿਅਕ ਅਦਾਰਿਆਂ ਸਮੇਤ ਗੁਰਦੁਆਰਾ ਸਾਹਿਬਾਨ ਦਾ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਇਜਲਾਸ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗਾ ਅਤੇ ਬਜਟ ਦੀ ਤੈਅ ਤਾਰੀਕ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਬਜਟ ਦੀਆਂ ਕਾਪੀਆਂ ਭੇਜੀਆਂ ਜਾਣਗੀਆਂ।